ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਸਤੰਬਰ 2026:- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਏ.ਐੱਸ. ਨਗਰ ਵਿਧਾਨ ਸਭਾ ਚੋਣ ਹਲਕੇ ਵਿੱਚ ਸਪੈਸ਼ਲ ਇੰਨਟੈਂਸਿਵ ਰਿਵੀਜ਼ਨ-2026 ਦੇ ਤੀਜੇ ਪੜਾਅ ਤਹਿਤ ਦਾਅਵਿਆਂ ਅਤੇ ਇਤਰਾਜ਼ਾਂ ਨਾਲ ਸਬੰਧਤ ਨਿਪਟਾਰਾ ਪ੍ਰਕਿਰਿਆ ਜਾਰੀ ਹੈ। ਇਸ ਪੜਾਅ ਦੌਰਾਨ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਆਮ ਜਨਤਾ ਵੱਲੋਂ ਦਾਅਵੇ ਅਤੇ ਇਤਰਾਜ਼ ਪੇਸ਼ ਕੀਤੇ ਗਏ।
ਐੱਸ.ਡੀ.ਐੱਮ.-ਕਮ-ਈ.ਆਰ.ਓ. ਐੱਸ.ਏ.ਐੱਸ. ਨਗਰ ਸ੍ਰੀਮਤੀ ਦਮਨਦੀਪ ਕੌਰ ਨੇ ਦੱਸਿਆ ਕਿ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਨਿਰਧਾਰਤ ਸਮਾਂ-ਸਾਰਣੀ ਅਨੁਸਾਰ 8 ਅਕਤੂਬਰ 2026 ਤੱਕ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ ਨਿਯਮਤ ਤੌਰ ’ਤੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਐੱਸ.ਏ.ਐੱਸ. ਨਗਰ ਵਿਧਾਨ ਸਭਾ ਚੋਣ ਹਲਕੇ ਲਈ ਰਾਜਨੀਤਿਕ ਪਾਰਟੀਆਂ ਦੀ ਜਾਣਕਾਰੀ ਲਈ ਫਾਰਮ ਨੰਬਰ 6, 7 ਅਤੇ 8 ਨਾਲ ਸਬੰਧਤ ਅਖੀਰਲੇ ਹਫ਼ਤੇ ਦੀਆਂ ਸੂਚੀਆਂ ਫਾਰਮ ਨੰਬਰ 9, 10, 11 ਅਤੇ 11-ਏ ਵਿੱਚ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ, ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਹਫਤਾਵਾਰੀ ਮੀਟਿੰਗਾਂ ਕਰਕੇ ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ ਲੋੜੀਂਦੀ ਜਾਣਕਾਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
ਸ੍ਰੀਮਤੀ ਦਮਨਦੀਪ ਕੌਰ ਨੇ ਕਿਹਾ ਕਿ ਐਸ ਆਈ ਆਰ-2026 ਦੀ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਨਿਰਧਾਰਤ ਸਮਾਂ-ਸਾਰਣੀ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਨਿਯਮਾਂ ਅਨੁਸਾਰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕੀਤਾ ਜਾਵੇਗਾ ਅਤੇ ਯੋਗ ਵੋਟਰਾਂ ਦੇ ਹੱਕਾਂ ਦੀ ਰੱਖਿਆ ਨੂੰ ਪਹਿਲ ਦਿੱਤੀ ਜਾਵੇਗੀ।
