ਨਵਾਂਸ਼ਹਿਰ, 21 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਖੇਡ ਸਟੇਡੀਅਮ ਬਣਾਉਣ ਦੇ ਵੱਡੇ-ਵੱਡੇ ਐਲਾਨ ਕੀਤੇ ਗਏ ਸਨ। ਪਰ ਹੁਣ ਇਨ੍ਹਾਂ ਖੇਡ ਸਟੇਡੀਅਮਾਂ ਦੇ ਨਿਰਮਾਣ ਅਤੇ ਉਨ੍ਹਾਂ ’ਤੇ ਖਰਚ ਕੀਤੀ ਗਈ ਸਰਕਾਰੀ ਰਾਸ਼ੀ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ, ਜਿਨ੍ਹਾਂ ਨੇ ਸਰਕਾਰ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਸੋਸ਼ਲ ਮੀਡੀਆ ’ਤੇ ਉੱਠ ਰਹੇ ਸਵਾਲਾਂ ਦਾ ਹਵਾਲਾ ਦਿੰਦਿਆਂ ਭਾਜਪਾ ਆਗੂ ਵਿਜੇ ਭਾਟੀਆ ਸੰਡਰੇਵਾਲ ਨੇ ਸਰਕਾਰ ਤੋਂ ਜਵਾਬ ਮੰਗਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਪਿੰਡਾਂ ਵਿੱਚ ਬਣਾਏ ਗਏ ਖੇਡ ਸਟੇਡੀਅਮਾਂ ਦੇ ਨਾਂ ’ਤੇ ਹੋਏ ਕਥਿਤ ਘਪਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ, ਤਾਂ ਜੋ ਸੱਚਾਈ ਲੋਕਾਂ ਸਾਹਮਣੇ ਆ ਸਕੇ।
ਫੰਡਾਂ ਦਾ ਹਿਸਾਬ ਜਨਤਕ ਹੋਵੇ
ਵਿਜੇ ਭਾਟੀਆ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਅਤੇ ਨੌਜਵਾਨਾਂ ਦੀ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਜਾਰੀ ਕੀਤੀ ਗਈ ਸਰਕਾਰੀ ਰਾਸ਼ੀ ਦਾ ਪੂਰਾ ਹਿਸਾਬ ਜਨਤਕ ਹੋਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਏ ਗਏ ਹਨ, ਉਨ੍ਹਾਂ ਦੇ ਨਿਰਮਾਣ ਕਾਰਜਾਂ, ਖਰਚ ਕੀਤੇ ਫੰਡਾਂ, ਗੁਣਵੱਤਾ ਅਤੇ ਮੌਜੂਦਾ ਹਾਲਤ ਦੀ ਜਾਂਚ ਕਰਵਾਈ ਜਾਵੇ।
ਦੋਸ਼ੀਆਂ ਖ਼ਿਲਾਫ਼ ਹੋਵੇ ਕਾਰਵਾਈ
ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਜਾਂ ਸਰਕਾਰੀ ਫੰਡਾਂ ਦੀ ਦੁਰਵਰਤੋਂ ਸਾਹਮਣੇ ਆਉਂਦੀ ਹੈ ਤਾਂ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਖੇਡ ਸਟੇਡੀਅਮ ਨੌਜਵਾਨਾਂ ਦੇ ਭਵਿੱਖ ਨਾਲ ਜੁੜਿਆ ਅਹਿਮ ਮੁੱਦਾ ਹਨ। ਇਸ ਲਈ ਇਸ ਮਾਮਲੇ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣਾ ਅਤੇ ਲੋਕਾਂ ਨੂੰ ਸੱਚਾਈ ਤੋਂ ਜਾਣੂ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
