ਹਾਂਸੀ (ਦਿਨਕਰ ਗਾਵੜੀ):- ਹਾਂਸੀ ਦੇ ਪੁਲਿਸ ਸੁਪਰਡੈਂਟ ਵਿਨੋਦ ਕੁਮਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਡੇਰੀ ਦੇ ਖੇਡ ਸਟੇਡੀਅਮ ਵਿੱਚ ਪਹੁੰਚ ਕੇ ਪਿੰਡ ਵਾਸੀਆਂ, ਖਿਡਾਰੀਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਹਾਂਸੀ ਪੁਲਿਸ ਵੱਲੋਂ ਪਿੰਡ ਦੀਆਂ ਜੂਨੀਅਰ ਅਤੇ ਸੀਨੀਅਰ ਫੁੱਟਬਾਲ ਟੀਮਾਂ ਦਰਮਿਆਨ ਦੋਸਤਾਨਾ ਫੁੱਟਬਾਲ ਮੈਚ ਕਰਵਾਇਆ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨਾ ਅਤੇ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ।

ਪ੍ਰੋਗਰਾਮ ਵਿੱਚ ਪਹੁੰਚਣ ’ਤੇ ਪਿੰਡ ਵਾਸੀਆਂ ਵੱਲੋਂ ਪੁਲਿਸ ਸੁਪਰਡੈਂਟ ਵਿਨੋਦ ਕੁਮਾਰ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਐੱਸ.ਪੀ. ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਫੁੱਟਬਾਲ ਮੈਚ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਮੈਦਾਨ ਵਿੱਚ ਖਿਡਾਰੀਆਂ ਦਰਮਿਆਨ ਪਹੁੰਚ ਕੇ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਖੇਡ ਭਾਵਨਾ, ਅਨੁਸ਼ਾਸਨ ਤੇ ਆਪਸੀ ਸਹਿਯੋਗ ਨਾਲ ਖੇਡਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਪੁਲਿਸ ਸੁਪਰਡੈਂਟ ਵਿਨੋਦ ਕੁਮਾਰ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਅਗਵਾਈ ਦੀ ਸਮਰੱਥਾ ਅਤੇ ਟੀਮ ਭਾਵਨਾ ਦਾ ਵਿਕਾਸ ਕਰਦੀਆਂ ਹਨ। ਨੌਜਵਾਨਾਂ ਨੂੰ ਆਪਣੀ ਊਰਜਾ ਸਿੱਖਿਆ, ਖੇਡਾਂ ਅਤੇ ਉਸਾਰੂ ਗਤੀਵਿਧੀਆਂ ਵਿੱਚ ਲਗਾਉਣੀ ਚਾਹੀਦੀ ਹੈ। ਨਸ਼ਾ ਨਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਵੀ ਪ੍ਰਭਾਵਿਤ ਕਰਦਾ ਹੈ। ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣਾ ਭਵਿੱਖ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਅੱਗੇ ਵਧਣਾ ਚਾਹੀਦਾ ਹੈ।

ਪ੍ਰੋਗਰਾਮ ਦੌਰਾਨ ਟ੍ਰੈਫਿਕ ਐੱਸ.ਐੱਚ.ਓ. ਸੁਨੀਲ ਕੁਮਾਰ ਨੇ ਪੇਂਡੂ ਨੌਜਵਾਨਾਂ ਨੂੰ ਆਵਾਜਾਈ ਨਿਯਮਾਂ ਅਤੇ ਸੜਕ ਸੁਰੱਖਿਆ ਬਾਰੇ ਜਾਗਰੂਕ ਕੀਤਾ। ਸਾਈਬਰ ਥਾਣੇ ਦੀ ਟੀਮ ਨੇ ਸਾਈਬਰ ਅਪਰਾਧਾਂ, ਆਨਲਾਈਨ ਧੋਖਾਧੜੀ ਅਤੇ ਜਾਅਲੀ ਕਾਲਾਂ ਤੇ ਲਿੰਕਾਂ ਤੋਂ ਬਚਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਇਸੇ ਦੌਰਾਨ ਨਸ਼ਾ ਮੁਕਤੀ ਟੀਮ ਦੇ ਸਹਾਇਕ ਸਬ-ਇੰਸਪੈਕਟਰ ਦੀਪਕ ਕੁਮਾਰ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਦੱਸਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।

ਪੁਲਿਸ ਸੁਪਰਡੈਂਟ ਵਿਨੋਦ ਕੁਮਾਰ ਨੇ ਪਿੰਡ ਵਾਸੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਅਤੇ ਸਕਾਰਾਤਮਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸਿਰਫ਼ ਪੁਲਿਸ ਦੇ ਯਤਨਾਂ ਨਾਲ ਸੰਭਵ ਨਹੀਂ ਹੈ, ਸਗੋਂ ਇਸ ਲਈ ਹਰ ਨਾਗਰਿਕ, ਮਾਪੇ ਅਤੇ ਨੌਜਵਾਨ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ।

ਇਸ ਮੌਕੇ ਡੀ.ਐੱਸ.ਪੀ. ਵਿਨੋਦ ਸ਼ੰਕਰ, ਪ੍ਰਤੀਕਸ਼ਾ, ਸੀ.ਐੱਮ.ਜੀ.ਏ. ਹਾਂਸੀ, ਥਾਣਾ ਇੰਚਾਰਜ ਇੰਸਪੈਕਟਰ ਸਦਾਨੰਦ ਸਮੇਤ ਹੋਰ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਤੇ ਪਿੰਡ ਵਾਸੀ ਹਾਜ਼ਰ ਸਨ।

ਹਾਂਸੀ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਆਮ ਲੋਕਾਂ ਨੂੰ ਆਵਾਜਾਈ ਨਿਯਮਾਂ ਤੇ ਸਾਈਬਰ ਅਪਰਾਧਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਲਗਾਤਾਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।