ਚੰਡੀਗੜ੍ਹ, 2 ਜੁਲਾਈ:- ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਗੁਪਤਾ ਨੇ ਕਿਹਾ ਕਿ ਨਸ਼ਾ ਮੁਕਤ ਹਰਿਆਣਾ ਬਣਾਉਣ ਲਈ ਸਰਕਾਰ ਵੱਲੋਂ ਲੋਕ ਜਾਗਰੂਕਤਾ ਪ੍ਰੋਗਰਾਮਾਂ ਦੀ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਤਹਿਤ ਕਈ ਜ਼ਿਲ੍ਹਿਆਂ ਵਿੱਚ ਮੈਰਾਥਨ ਦੇ ਆਯੋਜਨ ਤੋਂ ਇਲਾਵਾ ਜਨਤਾ ਨਾਲ ਸਿੱਧਾ ਸੰਵਾਦ ਸਥਾਪਿਤ ਕੀਤਾ ਜਾਵੇਗਾ।
ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਗੁਪਤਾ ਵੀਡੀਓ ਕਾਨਫਰੰਸਿੰਗ ਰਾਹੀਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਨਾਲ ਗੱਲਬਾਤ ਕਰ ਰਹੇ ਸਨ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਸਪੈਸ਼ਲ ਅਫਸਰ ਪੰਕਜ ਨੈਨ ਵੀ ਮੌਜੂਦ ਸਨ।
ਸ੍ਰੀ ਅਰੁਣ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਨਿਰਦੇਸ਼ਾਂ ਅਨੁਸਾਰ, 'ਹਰਿਆਣਾ ਉਦੈ' ਪ੍ਰੋਗਰਾਮ ਤਹਿਤ ਸੂਬੇ ਭਰ ਵਿੱਚ ਨਸ਼ਿਆਂ ਵਿਰੁੱਧ ਚਲਾਈ ਜਾਣ ਵਾਲੀ ਇਸ ਮੁਹਿੰਮ ਨਾਲ ਹਰ ਨਾਗਰਿਕ ਨੂੰ ਜੋੜਨ ਦਾ ਯਤਨ ਕੀਤਾ ਜਾਵੇ ਤਾਂ ਜੋ ਸੂਬੇ ਨੂੰ ਪੂਰੀ ਤਰ੍ਹਾਂ ਡਰੱਗ ਫਰੀ ਬਣਾਇਆ ਜਾ ਸਕੇ। ਸਰਕਾਰ ਦਾ ਯਤਨ ਹੈ ਕਿ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਕੇ ਨੌਜਵਾਨਾਂ ਨੂੰ ਰਾਸ਼ਟਰ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾਵੇ।
ਪ੍ਰਧਾਨ ਸਕੱਤਰ ਨੇ ਕਿਹਾ ਕਿ 'ਹਰਿਆਣਾ ਉਦੈ' ਤਹਿਤ ਮੁੱਖ ਮੰਤਰੀ ਦੀ ਕਮਿਊਨਿਟੀ ਪਾਲਿਸੀ ਅਤੇ ਆਊਟਰੀਚ ਪ੍ਰੋਗਰਾਮ ਅਨੁਸਾਰ ਲੋਕਾਂ ਨੂੰ ਲਗਾਤਾਰ ਤਿੰਨ ਮਹੀਨੇ ਨਸ਼ਿਆਂ ਵਿਰੁੱਧ ਸੁਚੇਤ ਅਤੇ ਜਾਗਰੂਕ ਕੀਤਾ ਜਾਵੇਗਾ।
ਪੰਚਕੂਲਾ ਦੇ ਇੰਦਰਧਨੁਸ਼ ਆਡੀਟੋਰੀਅਮ ਵਿੱਚ 11 ਜੁਲਾਈ ਨੂੰ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਵਿੱਚ ਸਵੈ-ਸੇਵੀ ਸੰਸਥਾਵਾਂ ਅਤੇ ਡਰੱਗ ਐਸੋਸੀਏਸ਼ਨਾਂ ਨਾਲ ਸਿੱਧਾ ਸੰਵਾਦ ਕੀਤਾ ਜਾਵੇਗਾ। ਇਸੇ ਤਰ੍ਹਾਂ ਮਧੂਬਨ ਵਿੱਚ 18 ਜੁਲਾਈ ਨੂੰ ਆਯੋਜਿਤ ਪ੍ਰੋਗਰਾਮ ਵਿੱਚ ਸੂਬੇ ਭਰ ਦੇ ਥਾਣਾ ਇੰਚਾਰਜਾਂ ਅਤੇ ਐਮ.ਐਚ.ਸੀ ਨਾਲ ਸੰਵਾਦ ਹੋਵੇਗਾ।
ਸ੍ਰੀ ਗੁਪਤਾ ਨੇ ਦੱਸਿਆ ਕਿ ਫਰੀਦਾਬਾਦ ਵਿੱਚ 9 ਅਗਸਤ ਨੂੰ ਰਾਜ ਪੱਧਰੀ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ। ਇਸੇ ਤਰ੍ਹਾਂ ਯਮੁਨਾਨਗਰ ਵਿੱਚ 26 ਜੁਲਾਈ, ਰੇਵਾੜੀ ਵਿੱਚ 6 ਸਤੰਬਰ ਅਤੇ ਮਹਿੰਦਰਗੜ੍ਹ ਵਿੱਚ 27 ਸਤੰਬਰ ਨੂੰ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ। ਮੈਰਾਥਨ ਵਿੱਚ ਨੌਜਵਾਨ ਮੁੰਡੇ-ਕੁੜੀਆਂ ਹਿੱਸਾ ਲੈਣਗੇ ਜੋ ਹੋਰ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਸੁਚੇਤ ਅਤੇ ਜਾਗਰੂਕ ਕਰਨਗੇ।
ਉਨ੍ਹਾਂ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਵਿਭਾਗਾਂ ਨਾਲ ਤਾਲਮੇਲ ਸਥਾਪਿਤ ਕਰਕੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਸਫਲ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਵੀ ਸ਼ਾਮਲ ਕੀਤਾ ਜਾਵੇ।
ਸੂਬੇ ਨੂੰ ਡਰੱਗ ਫਰੀ ਬਣਾਉਣ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ ਪ੍ਰਧਾਨ ਸਕੱਤਰ ਅਰੁਣ ਗੁਪਤਾ
