ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਨਵੰਬਰ:- ਭਾਰਤ ਦੇ ਚੋਣ ਕਮਿਸ਼ਨ ਵੱਲੋਂ ਕਰਵਾਈ ਜਾ ਰਹੀ ਵਿਸ਼ੇਸ਼ ਸਰਸਰੀ ਸੁਧਾਈ (ਐੱਸ.ਐੱਸ.ਆਰ.)-2027 ਤਹਿਤ ਯੋਗ ਨਾਗਰਿਕਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਅਤੇ ਵੋਟਰ ਸੂਚੀਆਂ ਵਿੱਚ ਦਰਜ ਵੇਰਵਿਆਂ ਦੀ ਸੋਧ ਲਈ 22 ਨਵੰਬਰ, 2026 (ਐਤਵਾਰ) ਅਤੇ 6 ਦਸੰਬਰ, 2026 (ਐਤਵਾਰ) ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਦਿੱਤਿਆ ਡਚਲਵਾਲ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਏ ਜਾਣਗੇ। ਇਸ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼) ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿ ਕੇ ਵੋਟਰਾਂ ਨੂੰ ਚੋਣਾਂ ਨਾਲ ਸਬੰਧਤ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕਰਨਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਯੋਗ ਨਾਗਰਿਕ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾ ਸਕਣਗੇ, ਪਹਿਲਾਂ ਤੋਂ ਦਰਜ ਵੇਰਵਿਆਂ ਵਿੱਚ ਸੋਧ ਕਰਵਾ ਸਕਣਗੇ ਅਤੇ ਹੋਰ ਵੋਟਰ ਸੇਵਾਵਾਂ ਦਾ ਲਾਭ ਲੈ ਸਕਣਗੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਉਨ੍ਹਾਂ ਸਾਰੇ ਯੋਗ ਨੌਜਵਾਨਾਂ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ, ਜੋ 1 ਜਨਵਰੀ, 2027 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰ ਲੈਣਗੇ, ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣਾ ਯਕੀਨੀ ਬਣਾਉਣ।
ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6, ਪ੍ਰਵਾਸੀ ਭਾਰਤੀ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਫਾਰਮ ਨੰਬਰ 6ਏ, ਵੋਟਰ ਸੂਚੀ ਵਿੱਚੋਂ ਨਾਮ ਕਟਵਾਉਣ ਲਈ ਫਾਰਮ ਨੰਬਰ 7 ਅਤੇ ਵੇਰਵਿਆਂ ਵਿੱਚ ਸੋਧ, ਰਿਹਾਇਸ਼ ਦਾ ਪਤਾ ਬਦਲਣ, ਵੋਟਰ ਸ਼ਨਾਖਤੀ ਕਾਰਡ ਦੁਬਾਰਾ ਬਣਵਾਉਣ ਜਾਂ ਦਿਵਿਆਂਗ ਵੋਟਰ ਵਜੋਂ ਪਛਾਣ ਦਰਜ ਕਰਵਾਉਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ।
ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਬੂਥ ਲੈਵਲ ਏਜੰਟਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਯੋਗ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਸਮੇਤ ਵੋਟਰ ਸੂਚੀ ਨਾਲ ਸਬੰਧਤ ਹੋਰ ਲੋੜੀਂਦੇ ਕਾਰਜ ਕਰਵਾਉਣ ਲਈ ਪ੍ਰੇਰਿਤ ਕਰਨ।
