ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਸੰਖੇਪ ਸੁਧਾਈ (ਐੱਸ.ਐੱਸ.ਆਰ.) ਪ੍ਰੋਗਰਾਮ ਤਹਿਤ ਵੋਟਰ ਸੂਚੀ ਵਿੱਚ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਜ਼ਿਲ੍ਹੇ ਵਿੱਚ 22 ਨਵੰਬਰ ਅਤੇ 6 ਦਸੰਬਰ 2026 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਦੋਵੇਂ ਦਿਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਸੰਖੇਪ ਸੁਧਾਈ ਦਾ ਕੰਮ 1 ਜਨਵਰੀ 2027 ਨੂੰ ਆਧਾਰ ਮਿਤੀ ਮੰਨ ਕੇ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਉਦੇਸ਼ ਵੋਟਰਾਂ ਨੂੰ ਵੋਟਰ ਸੂਚੀ ਨਾਲ ਸਬੰਧਤ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੀ ਸਹੂਲਤ ਦੇਣਾ ਹੈ, ਤਾਂ ਜੋ ਯੋਗ ਨਾਗਰਿਕ ਆਪਣੇ ਵੋਟਰ ਵੇਰਵਿਆਂ ਦੀ ਜਾਂਚ ਕਰਕੇ ਲੋੜੀਂਦੀ ਪ੍ਰਕਿਰਿਆ ਪੂਰੀ ਕਰ ਸਕਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪਾਂ ਦੌਰਾਨ ਸਾਰੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਆਪਣੇ-ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹਾਜ਼ਰ ਰਹਿਣਗੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੈਂਪ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਖੁੱਲ੍ਹੀਆਂ ਰੱਖੀਆਂ ਜਾਣ ਅਤੇ ਉੱਥੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ।

ਉਨ੍ਹਾਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟਾਂ ਰਾਹੀਂ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਵਿੱਚ ਸਹਿਯੋਗ ਦੇਣ।

ਆਸ਼ਿਕਾ ਜੈਨ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਵਿਸ਼ੇਸ਼ ਕੈਂਪਾਂ ਦੇ ਆਯੋਜਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।