ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ:- ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਦਿਵਿਆਂਗਜਨਾਂ ਦੀ ਸਹੂਲਤ ਲਈ ਯੂਨੀਕ ਡਿਸਏਬਿਲਟੀ ਆਈਡੈਂਟਿਟੀ (ਯੂ.ਡੀ.ਆਈ.ਡੀ.) ਕਾਰਡ ਬਣਾਉਣ ਵਾਸਤੇ ਤਿੰਨ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਿਹਤ ਵਿਭਾਗ ਦੇ ਮੈਡੀਕਲ ਬੋਰਡਾਂ ਦੀਆਂ ਟੀਮਾਂ ਵੱਲੋਂ ਮੌਕੇ ’ਤੇ ਹੀ ਦਿਵਿਆਂਗਜਨਾਂ ਦੀ ਜਾਂਚ ਕਰਕੇ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ. ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਹ ਕੈਂਪ 20 ਨਵੰਬਰ 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਐਸ.ਡੀ.ਐਮ. ਦਫ਼ਤਰ, ਖਰੜ ਵਿਖੇ, 23 ਨਵੰਬਰ 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਸਿਵਲ ਹਸਪਤਾਲ, ਮੋਹਾਲੀ ਵਿਖੇ ਅਤੇ 25 ਨਵੰਬਰ 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਐਸ.ਡੀ.ਐਮ. ਦਫ਼ਤਰ, ਡੇਰਾਬੱਸੀ ਵਿਖੇ ਲਗਾਏ ਜਾਣਗੇ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਸਕੂਲਾਂ, ਦਿਵਿਆਂਗਜਨਾਂ ਦੇ ਪਰਿਵਾਰਕ ਮੈਂਬਰਾਂ, ਪੰਚਾਇਤਾਂ, ਕੌਂਸਲਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਾਂ ਜੋ ਲੋੜਵੰਦ ਦਿਵਿਆਂਗ ਵਿਅਕਤੀ ਇਨ੍ਹਾਂ ਕੈਂਪਾਂ ਦਾ ਲਾਭ ਉਠਾ ਸਕਣ ਅਤੇ ਸਰਕਾਰੀ ਭਲਾਈ ਸਕੀਮਾਂ ਦਾ ਫਾਇਦਾ ਲੈਣ ਤੋਂ ਵਾਂਝੇ ਨਾ ਰਹਿਣ।