ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਨਵੰਬਰ:- ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐੱਸ.ਐੱਸ.ਆਰ.)-2027 ਤਹਿਤ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਵੋਟਰ ਸੂਚੀਆਂ ਵਿੱਚ ਲੋੜੀਂਦੀਆਂ ਸੋਧਾਂ ਲਈ 22 ਨਵੰਬਰ 2026 ਅਤੇ 6 ਦਸੰਬਰ 2026 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੱਚਲਵਾਲ ਨੇ ਦੱਸਿਆ ਕਿ ਇਹ ਕੈਂਪ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਏ ਜਾਣਗੇ। ਇਨ੍ਹਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿ ਕੇ ਵੋਟਰਾਂ ਨੂੰ ਲੋੜੀਂਦੀਆਂ ਚੋਣ ਸੇਵਾਵਾਂ ਪ੍ਰਦਾਨ ਕਰਨਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਯੋਗ ਨਾਗਰਿਕ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾ ਸਕਣਗੇ, ਪਹਿਲਾਂ ਤੋਂ ਦਰਜ ਵੇਰਵਿਆਂ ਵਿੱਚ ਸੋਧ ਕਰਵਾ ਸਕਣਗੇ ਅਤੇ ਹੋਰ ਚੋਣ ਸਬੰਧੀ ਸੇਵਾਵਾਂ ਦਾ ਲਾਭ ਲੈ ਸਕਣਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਂਦਿਆਂ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਹੋਣਾ ਯਕੀਨੀ ਬਣਾਉਣ।
ਇਸ ਤੋਂ ਪਹਿਲਾਂ ਵਿਸ਼ੇਸ਼ ਸਰਸਰੀ ਸੁਧਾਈ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼.) ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਤਹਿਤ ਹਰੇਕ ਯੋਗ ਨਾਗਰਿਕ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੀ ਪ੍ਰਕਿਰਿਆ 12 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ, ਜੋ 11 ਦਸੰਬਰ 2026 ਤੱਕ ਜਾਰੀ ਰਹੇਗੀ। ਉਨ੍ਹਾਂ ਖ਼ਾਸ ਤੌਰ ’ਤੇ ਪਹਿਲੀ ਵਾਰ ਵੋਟ ਬਣਵਾਉਣ ਦੇ ਯੋਗ ਨੌਜਵਾਨਾਂ ਅਤੇ ਪਹਿਲੀ ਜਨਵਰੀ 2027 ਨੂੰ ਯੋਗਤਾ ਮਿਤੀ ਮੰਨਦਿਆਂ 18 ਸਾਲ ਜਾਂ ਇਸ ਤੋਂ ਵੱਧ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਤੋਂ ਬਾਅਦ 11 ਦਸੰਬਰ ਤੱਕ ਦਾਅਵੇ ਅਤੇ ਇਤਰਾਜ਼ ਦਾਇਰ ਕੀਤੇ ਜਾ ਸਕਦੇ ਹਨ। ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਉਪਰੰਤ 4 ਜਨਵਰੀ 2027 ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ-6 ਰਾਹੀਂ ਆਨਲਾਈਨ ਅਰਜ਼ੀ ਵੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨਾਗਰਿਕਾਂ ਨੂੰ ਆਪਣੇ ਨਾਮ ਅਤੇ ਹੋਰ ਵੇਰਵਿਆਂ ਦੀ ਸ਼ੁੱਧਤਾ ਜਾਂਚਣ ਦੇ ਨਾਲ-ਨਾਲ ਕਿਸੇ ਵੀ ਤਰ੍ਹਾਂ ਦੀ ਕਮੀ ਜਾਂ ਦੁਹਰਾਈ ਗਈ ਐਂਟਰੀ ਦੀ ਜਾਂਚ ਕਰਨ ਲਈ ਵੀ ਕਿਹਾ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਗੀਤਿਕਾ ਸਿੰਘ, ਐੱਸ.ਡੀ.ਐੱਮ. ਖਰੜ ਸ੍ਰੀ ਗੁਰਮੀਤ ਸਿੰਘ, ਐੱਸ.ਡੀ.ਐੱਮ. ਡੇਰਾਬੱਸੀ ਸ੍ਰੀ ਅਮਿਤ ਗੁਪਤਾ, ਤਹਿਸੀਲਦਾਰ ਜ਼ਿਲ੍ਹਾ ਚੋਣ ਦਫ਼ਤਰ ਹਰਪ੍ਰੀਤ ਕੌਰ ਤੋਂ ਇਲਾਵਾ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ਏ.ਆਰ.ਓਜ਼.) ਵੀ ਹਾਜ਼ਰ ਸਨ।
