ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਸਤੰਬਰ:- ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਯੋਗ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਯੋਗ ਨੌਜਵਾਨਾਂ ਨੂੰ ਵੋਟਰ ਸੂਚੀਆਂ ਵਿੱਚ ਦਰਜ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਆਪਣੇ-ਆਪਣੇ ਅਦਾਰਿਆਂ ਵਿੱਚ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਵਿਦਿਅਕ ਸੰਸਥਾਵਾਂ ਦੇ ਪ੍ਰਿੰਸੀਪਲਾਂ/ਡਾਇਰੈਕਟਰਾਂ ਵੱਲੋਂ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਸੰਸਥਾ ਵਿੱਚ ਪੜ੍ਹ ਰਹੇ ਸਾਰੇ ਯੋਗ ਵਿਦਿਆਰਥੀਆਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਈ ਜਾਵੇ। ਇਸ ਸਬੰਧੀ ਸੰਸਥਾ ਦੇ ਮੁਖੀ ਵੱਲੋਂ ਯੋਗ ਵਿਦਿਆਰਥੀਆਂ ਦੀ ਵੋਟਰ ਰਜਿਸਟ੍ਰੇਸ਼ਨ ਮੁਕੰਮਲ ਹੋਣ ਸਬੰਧੀ ਪ੍ਰਮਾਣ ਪੱਤਰ ਵੀ ਜਾਰੀ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਜ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਕਾਲਜ ਦੀ ਪ੍ਰਿੰਸੀਪਲ ਪ੍ਰੋ. ਜਸਪ੍ਰੀਤ ਕੌਰ ਬੈਂਸ ਅਤੇ ਨੋਡਲ ਅਫ਼ਸਰ ਸਵੀਪ ਡਾ. ਸਿਮਰਪ੍ਰੀਤ ਕੌਰ ਦੀ ਪ੍ਰੇਰਣਾ ਸਦਕਾ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਚਲਾਈ ਗਈ। ਇਸ ਦੌਰਾਨ 127 ਨਵੇਂ ਯੋਗ ਵਿਦਿਆਰਥੀਆਂ ਵੱਲੋਂ ਵੋਟਰ ਰਜਿਸਟ੍ਰੇਸ਼ਨ ਲਈ ਫਾਰਮ ਭਰੇ ਗਏ, ਜੋ ਅਗਲੀ ਲੋੜੀਂਦੀ ਕਾਰਵਾਈ ਲਈ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜੇ ਗਏ ਹਨ।
ਇਸ ਮੌਕੇ ਚੋਣ ਤਹਿਸੀਲਦਾਰ ਸ੍ਰੀਮਤੀ ਹਰਪ੍ਰੀਤ ਕੌਰ ਅਤੇ ਚੋਣ ਕਾਨੂੰਨਗੋ ਸ੍ਰੀ ਸੁਰਿੰਦਰ ਬੱਤਰਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀ ਸਿੰਘ ਅੰਟਾਲ ਨੇ ਸਮੂਹ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋ ਚੁੱਕੀ ਹੈ ਅਤੇ ਅਜੇ ਤੱਕ ਉਨ੍ਹਾਂ ਦੀ ਵੋਟ ਨਹੀਂ ਬਣੀ, ਉਹ ਆਪਣੀ ਵੋਟ ਜ਼ਰੂਰ ਬਣਵਾਉਣ। ਉਨ੍ਹਾਂ ਕਿਹਾ ਕਿ ਯੋਗ ਨੌਜਵਾਨ ਭਾਰਤ ਚੋਣ ਕਮਿਸ਼ਨ ਦੇ ਅਧਿਕਾਰਤ ਵੋਟਰ ਸੇਵਾ ਮਾਧਿਅਮ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਜਾਂ voters.gov.in ਪੋਰਟਲ ਰਾਹੀਂ ਵੋਟਰ ਵਜੋਂ ਰਜਿਸਟਰ ਕਰ ਸਕਦੇ ਹਨ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟਰ ਅਧਿਕਾਰ ਦੀ ਵਰਤੋਂ ਲਈ ਸਮੇਂ ਸਿਰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਅਤੇ ਹੋਰਨਾਂ ਯੋਗ ਨੌਜਵਾਨਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ।