ਸੰਗਰੂਰ, 28 ਅਗਸਤ:- ਨੌਜਵਾਨਾਂ ਦੀ ਲੋਕਤੰਤਰਿਕ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਯੋਗ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅੰਕੁਰ ਮਹਿੰਦਰੂ, ਪੀ.ਸੀ.ਐੱਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਸਵੀਪ ਨੋਡਲ ਅਫ਼ਸਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਸ਼੍ਰੀ ਅੰਕੁਰ ਮਹਿੰਦਰੂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਚੱਲ ਰਹੀ 'ਸਪੈਸ਼ਲ ਇੰਟੈਂਸਿਵ ਰਿਵੀਜ਼ਨ -2026' ਦੇ ਦੂਜੇ ਪੜਾਅ ਤਹਿਤ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਸਮੂਹ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਉੱਚ ਸੈਕੰਡਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਤਕਨੀਕੀ ਸੰਸਥਾਵਾਂ ਅਤੇ ਆਈ.ਟੀ.ਆਈਜ਼. ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪ ਲਗਾ ਕੇ ਯੋਗ ਵਿਦਿਆਰਥੀਆਂ ਨੂੰ ਫਾਰਮ-6 ਰਾਹੀਂ ਵੋਟਰ ਵਜੋਂ ਰਜਿਸਟਰ ਕੀਤਾ ਜਾਵੇ।
ਉਨ੍ਹਾਂ ਸਾਰੀਆਂ ਸਰਕਾਰੀ ਸਿੱਖਿਆ ਸੰਸਥਾਵਾਂ ਦੇ ਮੁਖੀਆਂ ਨੂੰ ਇਲੈਕਟੋਰਲ ਲਿਟਰੇਸੀ ਕਲੱਬਾਂ ਨੂੰ ਸਰਗਰਮ ਕਰਨ, 'ਕੈਂਪਸ ਅੰਬੈਸਡਰ' ਨਿਯੁਕਤ ਕਰਨ ਅਤੇ ਵਿਦਿਆਰਥੀਆਂ ਨੂੰ ਆਨਲਾਈਨ ਪੋਰਟਲ (voters.eci.gov.in) ਜਾਂ ਵੋਟਰ ਹੈਲਪਲਾਈਨ ਐਪ ਰਾਹੀਂ ਫਾਰਮ-6 ਭਰਨ ਲਈ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਪੰਜੇ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਸੰਸਥਾਵਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਇਸ ਮੀਟਿੰਗ ਵਿੱਚ ਸਹਾਇਕ ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਸਵੀਪ ਨੋਡਲ ਅਫ਼ਸਰ (ਕਾਲਜਾਂ)-ਕਮ-ਪ੍ਰਿੰਸੀਪਲ ਸਰਕਾਰੀ ਰਣਬੀਰ ਕਾਲਜ, ਸਵੀਪ ਨੋਡਲ ਅਫ਼ਸਰ (ਆਈ.ਟੀ.ਆਈਜ਼.)-ਕਮ-ਪ੍ਰਿੰਸੀਪਲ ਸਰਕਾਰੀ ਆਈ.ਟੀ.ਆਈ. (ਇਸਤਰੀਆਂ) ਸੰਗਰੂਰ, ਚੋਣ ਤਹਿਸੀਲਦਾਰ ਸ਼੍ਰੀਮਤੀ ਪਰਮਜੀਤ ਕੌਰ ਅਤੇ ਚੋਣ ਸਟਾਫ਼ ਹਾਜ਼ਰ ਸਨ।
ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਵਿਦਿਅਕ ਸੰਸਥਾਵਾਂ ਚ ਲਗਾਏ ਜਾਣਗੇ ਵਿਸ਼ੇਸ਼ ਕੈਂਪ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅੰਕੁਰ ਮਹਿੰਦਰੂ
