ਹੁਸ਼ਿਆਰਪੁਰ/ਦਲਜੀਤ ਅਜਨੋਹਾ:- ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਅਤੇ ਮਿਲਾਵਟਖੋਰੀ ’ਤੇ ਰੋਕ ਲਗਾਉਣ ਲਈ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਜ਼ਿਲ੍ਹੇ ਵਿੱਚ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਪੰਜਾਬ ਦੀ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਸ੍ਰੀਮਤੀ ਕੰਵਲਪ੍ਰੀਤ ਕੌਰ ਬਰਾੜ, ਆਈ.ਏ.ਐੱਸ., ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰੀਮਤੀ ਆਸ਼ਿਕਾ ਜੈਨ, ਆਈ.ਏ.ਐੱਸ. ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਫੂਡ ਸੇਫਟੀ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਲਗਾਤਾਰ ਜਾਂਚ ਅਤੇ ਸੈਂਪਲਿੰਗ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਖਾਧ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣਾ, ਮਿਲਾਵਟਖੋਰੀ ਨੂੰ ਰੋਕਣਾ ਅਤੇ ਲੋਕਾਂ ਦੀ ਸਿਹਤ ਦੀ ਰੱਖਿਆ ਕਰਨਾ ਹੈ।

ਇਸੇ ਮੁਹਿੰਮ ਤਹਿਤ ਅੱਜ ਸਵੇਰੇ ਫੂਡ ਸੇਫਟੀ ਅਫ਼ਸਰ (ਐੱਫ.ਐੱਸ.ਓ.) ਸ੍ਰੀ ਵਿਵੇਕ ਅਤੇ ਉਨ੍ਹਾਂ ਦੀ ਟੀਮ ਵੱਲੋਂ ਪ੍ਰਭਾਤ ਚੌਕ ਅਤੇ ਫਗਵਾੜਾ ਬਾਈਪਾਸ ’ਤੇ ਨਾਕੇ ਲਗਾ ਕੇ ਦਿੱਲੀ ਤੋਂ ਆਉਣ ਵਾਲੀਆਂ ਬੱਸਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਬੱਸਾਂ ਵਿੱਚ ਲਿਜਾਏ ਜਾ ਰਹੇ ਖਾਧ ਪਦਾਰਥਾਂ ਦੀ ਜਾਂਚ ਕੀਤੀ ਗਈ। ਟੀਮ ਵੱਲੋਂ ਵਿਸ਼ੇਸ਼ ਤੌਰ ’ਤੇ ਪਨੀਰ, ਖੋਆ ਅਤੇ ਦੁੱਧ ਤੋਂ ਤਿਆਰ ਹੋਣ ਵਾਲੇ ਹੋਰ ਖਾਧ ਪਦਾਰਥਾਂ ਦੀ ਗੁਣਵੱਤਾ ਦੀ ਜਾਂਚ ਕੀਤੀ ਗਈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਤਿਉਹਾਰਾਂ ਦੌਰਾਨ ਲੋਕਾਂ ਤੱਕ ਮਿਲਾਵਟ ਰਹਿਤ ਅਤੇ ਮਿਆਰੀ ਖਾਧ ਪਦਾਰਥ ਪਹੁੰਚਣ। ਇਸ ਦੌਰਾਨ ਦੁੱਧ ਦਾ ਇੱਕ ਅਤੇ ਪਨੀਰ ਦਾ ਇੱਕ ਸੈਂਪਲ ਲੈ ਕੇ ਜਾਂਚ ਲਈ ਭੇਜਿਆ ਗਿਆ। ਸੈਂਪਲਾਂ ਦੀ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦੁੱਧ, ਪਨੀਰ, ਖੋਆ ਅਤੇ ਮਿਠਾਈਆਂ ਵਰਗੇ ਖਾਧ ਪਦਾਰਥ ਖਰੀਦਣ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ। ਲੋਕਾਂ ਨੂੰ ਚਾਹੀਦਾ ਹੈ ਕਿ ਉਹ ਭਰੋਸੇਯੋਗ ਦੁਕਾਨਾਂ ਤੋਂ ਹੀ ਖਾਧ ਪਦਾਰਥ ਖਰੀਦਣ ਅਤੇ ਉਨ੍ਹਾਂ ਦੀ ਗੁਣਵੱਤਾ ਨਾਲ ਸਮਝੌਤਾ ਨਾ ਕਰਨ। ਜੇਕਰ ਕਿਸੇ ਵਿਅਕਤੀ ਨੂੰ ਖਾਧ ਪਦਾਰਥਾਂ ਵਿੱਚ ਮਿਲਾਵਟ ਜਾਂ ਘਟੀਆ ਗੁਣਵੱਤਾ ਸਬੰਧੀ ਕੋਈ ਸ਼ੱਕ ਹੋਵੇ, ਤਾਂ ਇਸ ਦੀ ਸੂਚਨਾ ਸਿਹਤ ਵਿਭਾਗ ਨੂੰ ਦਿੱਤੀ ਜਾਵੇ।

ਸਿਹਤ ਵਿਭਾਗ ਨੇ ਸਪੱਸ਼ਟ ਕੀਤਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਫੂਡ ਸੇਫਟੀ ਨਿਯਮਾਂ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਵੇਗੀ। ਖਾਧ ਪਦਾਰਥਾਂ ਦੀ ਗੁਣਵੱਤਾ ਅਤੇ ਸੁਰੱਖਿਆ ਕਾਇਮ ਰੱਖਣ ਲਈ ਜਾਂਚ ਅਤੇ ਸੈਂਪਲਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ।