ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਅਕਤੂਬਰ:- ਸਫ਼ਾਈ ਦੇ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਮੋਹਾਲੀ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਭਾਰਤ ਸਰਕਾਰ ਵੱਲੋਂ “ਸਪੈਸ਼ਲ ਕੰਪੇਨ-06, ਸਫ਼ਾਈ ਮੇਂ ਭਲਾਈ ਐਂਡ ਕਲੀਨ ਟੂ ਕੇਅਰ” ਦੇ ਨਾਅਰੇ ਹੇਠ ਚਲਾਈ ਗਈ ਇਸ ਮੁਹਿੰਮ ਵਿੱਚ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਮੁਹਿੰਮ ਤਹਿਤ ਸਿਹਤ ਸੰਸਥਾਵਾਂ ਦੇ ਅੰਦਰੂਨੀ ਅਤੇ ਬਾਹਰੀ ਖੇਤਰਾਂ, ਓਪੀਡੀ, ਮਰੀਜ਼ਾਂ ਦੇ ਵਾਰਡਾਂ, ਉਡੀਕ ਘਰਾਂ, ਦਫ਼ਤਰਾਂ, ਗਲਿਆਰਿਆਂ ਅਤੇ ਆਲੇ-ਦੁਆਲੇ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਇਸ ਦੇ ਨਾਲ ਹੀ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਏ ਲੋਕਾਂ ਨੂੰ ਕੂੜੇ ਦੇ ਸਹੀ ਨਿਪਟਾਰੇ, ਕੂੜੇਦਾਨਾਂ ਦੀ ਵਰਤੋਂ ਅਤੇ ਸਿਹਤ ਸੰਸਥਾਵਾਂ ਵਿੱਚ ਸਫ਼ਾਈ ਦੇ ਨਿਯਮਾਂ ਦੀ ਪਾਲਣਾ ਕਰਨ ਬਾਰੇ ਜਾਗਰੂਕ ਕੀਤਾ ਗਿਆ।
ਡਾ. ਸੰਗੀਤਾ ਜੈਨ ਨੇ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਸਫ਼ਾਈ ਬਣਾਈ ਰੱਖਣਾ ਮਰੀਜ਼ਾਂ ਦੀ ਸੁਰੱਖਿਆ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਬਹੁਤ ਜ਼ਰੂਰੀ ਹੈ। ਸਾਫ਼-ਸੁਥਰਾ ਵਾਤਾਵਰਣ ਲਾਗਾਂ ਦੇ ਖ਼ਤਰੇ ਨੂੰ ਘਟਾਉਣ ਅਤੇ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਸਾਰੇ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਫ਼ਾਈ ਦੇ ਮਿਆਰਾਂ ਦੀ ਲਗਾਤਾਰ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਨੂੰ ਸਾਫ਼-ਸੁਥਰਾ ਰੱਖਣਾ ਸਾਰੇ ਸਿਹਤ ਕਰਮਚਾਰੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸਫ਼ਾਈ ਸਬੰਧੀ ਉਪਰਾਲੇ ਸਿਰਫ਼ ਵਿਸ਼ੇਸ਼ ਮੁਹਿੰਮ ਤੱਕ ਸੀਮਤ ਨਹੀਂ ਰਹਿਣੇ ਚਾਹੀਦੇ, ਸਗੋਂ ਇਨ੍ਹਾਂ ਨੂੰ ਰੋਜ਼ਾਨਾ ਦੀ ਕਾਰਜ-ਪ੍ਰਣਾਲੀ ਦਾ ਹਿੱਸਾ ਬਣਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇੱਧਰ-ਉੱਧਰ ਕੂੜਾ ਨਾ ਸੁੱਟਣ, ਕੂੜੇਦਾਨਾਂ ਦੀ ਵਰਤੋਂ ਕਰਨ ਅਤੇ ਸਫ਼ਾਈ ਬਣਾਈ ਰੱਖਣ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ।
ਡਾ. ਜੈਨ ਨੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਸਮਾਜ ਦੀ ਨੀਂਹ ਹੈ ਅਤੇ ਹਰ ਵਿਅਕਤੀ ਨੂੰ ਸਫ਼ਾਈ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
