ਮਾਜਰੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 05 ਨਵੰਬਰ 2026:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਵਿਚਾਰਧਾਰਾ ਨੂੰ ਦਰਸਾਉਂਦੀ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਪਿੰਡ-ਪਿੰਡ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਮਾਜਰੀ ਬਲਾਕ ਦੇ ਪਿੰਡ ਨੰਗਲ ਸਿੰਘਾਂ, ਨਨਹੇੜੀਆਂ ਅਤੇ ਮਸਤਗੜ੍ਹ ਵਿਖੇ ਐਲ.ਈ.ਡੀ. ਸਕਰੀਨਾਂ ਰਾਹੀਂ ਇਹ ਡਾਕੂਮੈਂਟਰੀ ਦਿਖਾਈ ਗਈ, ਜਿਸ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ ਅਤੇ ਫਲਸਫ਼ੇ ਬਾਰੇ ਜਾਣਕਾਰੀ ਹਾਸਲ ਕੀਤੀ।
ਉੱਪ ਮੰਡਲ ਮੈਜਿਸਟ੍ਰੇਟ, ਖਰੜ ਸ੍ਰੀ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ, ਜਿਸ ਦਾ ਮਕਸਦ ਗੁਰੂ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਨੇ ਆਪਣੀ ਬਾਣੀ ਅਤੇ ਵਿਚਾਰਧਾਰਾ ਰਾਹੀਂ ਸਮਾਜ ਨੂੰ ਬਰਾਬਰਤਾ, ਭਾਈਚਾਰਕ ਸਾਂਝ, ਆਪਸੀ ਸਤਿਕਾਰ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦੇਣ ਲਈ ਪ੍ਰੇਰਿਤ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਐਲ.ਈ.ਡੀ. ਸਕਰੀਨਾਂ ਰਾਹੀਂ ਪਿੰਡਾਂ ਵਿੱਚ ਦਿਖਾਈ ਜਾ ਰਹੀ ਇਹ ਡਾਕੂਮੈਂਟਰੀ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਫਲਸਫ਼ੇ ਨਾਲ ਜੋੜਨ ਦਾ ਇੱਕ ਸਾਰਥਕ ਉਪਰਾਲਾ ਹੈ।
