ਮਾਜਰੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 29 ਸਤੰਬਰ, 2026:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਉਪਰਾਲੇ ਤਹਿਤ ਖਰੜ ਬਲਾਕ ਦੇ ਪਿੰਡ ਬੜੀ ਪੜਛ, ਛੋਟੀ ਪੜਛ ਅਤੇ ਸਿਉਂਕ ਵਿਖੇ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਐਲ.ਈ.ਡੀ. ਸਕਰੀਨ ਰਾਹੀਂ ਦਿਖਾਈ ਗਈ।
ਵਧੇਰੇ ਜਾਣਕਾਰੀ ਦਿੰਦੇ ਹੋਏ ਉੱਪ ਮੰਡਲ ਮੈਜਿਸਟ੍ਰੇਟ, ਖਰੜ ਸ੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਡਾਕੂਮੈਂਟਰੀ ਤਿਆਰ ਕਰਵਾਈ ਗਈ ਹੈ, ਜਿਸ ਦਾ ਮਕਸਦ ਗੁਰੂ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਸੰਦੇਸ਼ ਤੋਂ ਲੋਕਾਂ ਨੂੰ ਜਾਣੂ ਕਰਵਾਉਣਾ ਹੈ।
ਉਨ੍ਹਾਂ ਕਿਹਾ ਕਿ ਇਸ ਦਸਤਾਵੇਜ਼ੀ ਫਿਲਮ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀ ਮਹਾਨ ਵਿਚਾਰਧਾਰਾ, ਸਮਾਜਿਕ ਬਰਾਬਰਤਾ, ਆਪਸੀ ਭਾਈਚਾਰੇ, ਮਨੁੱਖੀ ਏਕਤਾ ਅਤੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਦਿੱਤੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਸਮਾਜ ਨੂੰ ਜਾਤ-ਪਾਤ, ਭੇਦਭਾਵ ਅਤੇ ਊਚ-ਨੀਚ ਤੋਂ ਉੱਪਰ ਉੱਠ ਕੇ ਸਾਰਿਆਂ ਨਾਲ ਬਰਾਬਰਤਾ ਦਾ ਵਿਹਾਰ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਪ੍ਰੇਰਨਾ ਸਰੋਤ ਹਨ ਅਤੇ ਇੱਕ ਸਿਹਤਮੰਦ ਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਬਹੁਤ ਮਹੱਤਵ ਰੱਖਦੀਆਂ ਹਨ।
ਐਸ.ਡੀ.ਐਮ. ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਵਿਚਾਰਧਾਰਾ ਨਾਲ ਜੋੜਨ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣ।
