ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 26 ਅਗਸਤ, 2026:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਬੀਤੇ ਕੱਲ੍ਹ ਡੇਰਾਬੱਸੀ ਬਲਾਕ ਦੇ ਪਿੰਡ ਦਫਰਪੁਰ, ਖੇੜੀ ਅਤੇ ਪੰਡਵਾਲਾ ਵਿਖੇ ਐਲ.ਈ.ਡੀ. ਸਕਰੀਨ ਰਾਹੀਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਸਿੱਖਿਆਵਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨਾਲ ਸਬੰਧਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਡਾਕੂਮੈਂਟਰੀ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿੱਚ ਦਿਖਾਈ ਜਾ ਰਹੀ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸਮਾਜਿਕ ਸਮਾਨਤਾ, ਭਾਈਚਾਰਕ ਸਾਂਝ, ਮਨੁੱਖਤਾ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਜਾਣੂ ਹੋ ਸਕਣ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸੱਚ, ਮਿਹਨਤ, ਸਮਾਨਤਾ ਅਤੇ ਆਪਸੀ ਭਾਈਚਾਰੇ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਮਹਾਨ ਸੰਤਾਂ ਅਤੇ ਗੁਰੂ ਸਾਹਿਬਾਨ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਜੋੜਨਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਸਤਾਵੇਜ਼ੀ ਫਿਲਮ ਦੌਰਾਨ ਪਿੰਡਾਂ ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਫਿਲਮ ਦੇਖੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਹ ਮੁਹਿੰਮ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾਰੀ ਰੱਖੀ ਜਾਵੇਗੀ।
ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਦਿਖਾਈ ਗਈ
