ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 7 ਅਕਤੂਬਰ 2026:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਫਿਲਮ ਤਹਿਤ ਖਰੜ ਬਲਾਕ ਦੇ ਪਿੰਡ ਦੇਹ ਕਲਾਂ, ਧੜਾਕ ਕਲਾਂ ਅਤੇ ਧੜਾਕ ਖੁਰਦ ਵਿਖੇ 30 ਮਿੰਟ ਦੀ ਦਸਤਾਵੇਜ਼ੀ ਫਿਲਮ ਐਲ.ਈ.ਡੀ. ਸਕਰੀਨ ਰਾਹੀਂ ਦਿਖਾਈ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਸ਼ਰਧਾ ਅਤੇ ਉਤਸ਼ਾਹ ਨਾਲ ਡਾਕੂਮੈਂਟਰੀ ਦੇਖੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਪ ਮੰਡਲ ਮੈਜਿਸਟ੍ਰੇਟ, ਖਰੜ ਸ੍ਰੀ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ, ਜਿਸ ਦਾ ਉਦੇਸ਼ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਮਹਾਨ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ।

ਉਨ੍ਹਾਂ ਦੱਸਿਆ ਕਿ 30 ਮਿੰਟ ਦੀ ਇਸ ਵਿਸ਼ੇਸ਼ ਡਾਕੂਮੈਂਟਰੀ ਵਿੱਚ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਦੀ ਬਾਣੀ ਨਾਲ ਜੁੜੇ ਵੱਖ-ਵੱਖ ਪੱਖਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਡਾਕੂਮੈਂਟਰੀ ਰਾਹੀਂ ਸਮਾਜ ਵਿੱਚ ਬਰਾਬਰਤਾ, ਭਾਈਚਾਰਕ ਸਾਂਝ, ਮਨੁੱਖਤਾ, ਆਪਸੀ ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ।

ਸ੍ਰੀ ਗੁਰਮੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਬਹੁਤ ਪ੍ਰੇਰਣਾਦਾਇਕ ਹਨ ਅਤੇ ਉਨ੍ਹਾਂ ਦਾ ਸੰਦੇਸ਼ ਹਰ ਵਰਗ ਦੇ ਲੋਕਾਂ ਨੂੰ ਆਪਸੀ ਸਾਂਝ, ਸਤਿਕਾਰ ਅਤੇ ਸਮਾਨਤਾ ਨਾਲ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ’ਤੇ ਐਲ.ਈ.ਡੀ. ਸਕਰੀਨ ਰਾਹੀਂ ਡਾਕੂਮੈਂਟਰੀ ਦਿਖਾਉਣ ਦਾ ਉਪਰਾਲਾ ਲੋਕਾਂ ਨੂੰ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ ਅਤੇ ਵਿਚਾਰਧਾਰਾ ਨਾਲ ਜੋੜਨ ਵਿੱਚ ਸਹਾਈ ਸਿੱਧ ਹੋ ਰਿਹਾ ਹੈ।

ਇਸ ਮੌਕੇ ਦੇਹ ਕਲਾਂ, ਧੜਾਕ ਕਲਾਂ ਅਤੇ ਧੜਾਕ ਖੁਰਦ ਦੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨ ਰਾਹੀਂ ਡਾਕੂਮੈਂਟਰੀ ਦਿਖਾਉਣ ਨਾਲ ਲੋਕਾਂ, ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਹਾਸਲ ਕਰਨ ਦਾ ਮੌਕਾ ਮਿਲ ਰਿਹਾ ਹੈ।

ਡਾਕੂਮੈਂਟਰੀ ਦੇ ਪ੍ਰਦਰਸ਼ਨ ਦੌਰਾਨ ਪਿੰਡ ਵਾਸੀਆਂ ਨੇ ਸ਼ਰਧਾ ਨਾਲ ਇਸ ਨੂੰ ਦੇਖਿਆ ਅਤੇ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਲਿਆ।