ਡੇਰਾਬਸੀ, (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 21 ਅਗਸਤ, 2026:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿਖਾਈ ਜਾ ਰਹੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਨੂੰ ਜ਼ਿਲ੍ਹੇ ਦੇ ਪਿੰਡਾਂ ਬਰੋਲੀ, ਕਾਰਕੌਰ ਤੇ ਸ਼ੇਖਪੁਰ ਕਲਾਂ ਵਿੱਚ ਭਰਵਾਂ ਹੁੰਗਾਰਾ ਮਿਲਿਆ। ਬੀਤੀ ਸ਼ਾਮ ਜ਼ਿਲ੍ਹੇ ਦੇ ਪਿੰਡਾਂ ਵਿਖੇ ਡਾਕੂਮੈਂਟਰੀ ਵੈਨ ’ਤੇ ਲਗਾਈ ਗਈ ਐਲ.ਈ.ਡੀ. ਸਕਰੀਨ ਰਾਹੀਂ ਪਿੰਡ ਵਾਸੀਆਂ ਨੂੰ ਇਹ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ।
ਇਹ ਜਾਣਕਾਰੀ ਦਿੰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਦਸਤਾਵੇਜ਼ੀ ਫਿਲਮ ਰਾਹੀਂ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਮਹਾਨ ਵਿਚਾਰਾਂ ਅਤੇ ਸਮਾਜਿਕ ਸੁਧਾਰਾਂ ਵਿੱਚ ਉਨ੍ਹਾਂ ਦੇ ਯੋਗਦਾਨ ਤੋਂ ਜਾਣੂ ਕਰਵਾਇਆ ਗਿਆ। ਵੱਡੀ ਗਿਣਤੀ ਪਿੰਡ ਵਾਸੀਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਦੇਖਿਆ। ਡਾਕੂਮੈਂਟਰੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਦੇ ਮਹੱਤਵਪੂਰਨ ਪੱਖਾਂ, ਮਹਾਨ ਵਿਚਾਰਾਂ, ਸਮਾਜਿਕ ਨਿਆਂ, ਮਨੁੱਖਤਾ ਦੀ ਸੇਵਾ, ਸੱਚ, ਕਿਰਤ ਅਤੇ ਸਮਾਨਤਾ ਦੇ ਸੁਨੇਹੇ ਨੂੰ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਹੈ।
ਰੰਧਾਵਾ ਨੇ ਪੰਜਾਬ ਸਰਕਾਰ ਦੇ ਇਸ ਉੱਦਮ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਸਾਡੇ ਮਹਾਨ ਗੁਰੂਆਂ ਤੇ ਸੰਤਾਂ ਦੇ ਜੀਵਨ ਅਤੇ ਵਿਚਾਰਾਂ ਨਾਲ ਜੋੜਨ ਵਿੱਚ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਲੋਕਾਈ ਦਾ ਮਾਰਗ ਦਰਸ਼ਨ ਕਰਦੀਆਂ ਹਨ, ਜਿਸ ਨਾਲ ਸਮਾਜ ਵਿੱਚ ਸਦਭਾਵਨਾ ਅਤੇ ਆਪਸੀ ਭਾਈਚਾਰਾ ਹੋਰ ਮਜ਼ਬੂਤ ਹੋਵੇਗਾ।
