ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 4 ਅਕਤੂਬਰ 2026:- ਸ੍ਰੀ ਗੁਰੂ ਰਵੀਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਗਈ ਵਿਸ਼ੇਸ਼ ਡਾਕੂਮੈਂਟਰੀ ਫਿਲਮ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਖਰੜ ਬਲਾਕ ਦੇ ਪਿੰਡ ਘਟੋਰ ਅਤੇ ਚੰਦੋ ਗੋਬਿੰਦਗੜ੍ਹ ਵਿਖੇ ਵਿਸ਼ੇਸ਼ ਵੈਨ ਰਾਹੀਂ ਐਲ.ਸੀ.ਡੀ. ਸਕਰੀਨ ’ਤੇ ਦਿਖਾਈ ਗਈ।
ਇਸ ਮੌਕੇ ਪਿੰਡ ਵਾਸੀਆਂ ਨੂੰ ਸ੍ਰੀ ਗੁਰੂ ਰਵੀਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਸਮਾਜਿਕ ਬਰਾਬਰੀ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਗਈ ਲਗਭਗ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫਿਲਮ ਪ੍ਰਦਰਸ਼ਿਤ ਕੀਤੀ ਗਈ।
ਐਸ.ਡੀ.ਐਮ. ਖਰੜ ਗੁਰਮੀਤ ਸਿੰਘ, ਪੀ.ਸੀ.ਐਸ. ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਬਰਾਬਰੀ, ਭਾਈਚਾਰੇ, ਸ਼ਾਂਤੀ ਅਤੇ ਮਨੁੱਖਤਾ ਦੀ ਸੇਵਾ ਦਾ ਰਾਹ ਦਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਰਾਹੀਂ ਲੋਕਾਂ, ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫ਼ੇ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਵੈਨ ਰਾਹੀਂ ਪਿੰਡਾਂ ਵਿੱਚ ਡਾਕੂਮੈਂਟਰੀ ਫਿਲਮ ਦਿਖਾਉਣ ਦਾ ਉਦੇਸ਼ ਗੁਰੂ ਸਾਹਿਬ ਦੇ ਮਹਾਨ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਾਡੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਨਵੀਂ ਪੀੜ੍ਹੀ ਨੂੰ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਪਿੰਡਾਂ ਦੇ ਵਸਨੀਕਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਸ਼ੇਸ਼ ਵੈਨ ਰਾਹੀਂ ਦਿਖਾਈ ਜਾ ਰਹੀ ਡਾਕੂਮੈਂਟਰੀ ਫਿਲਮ ਰਾਹੀਂ ਸ੍ਰੀ ਗੁਰੂ ਰਵੀਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਮਿਲ ਰਿਹਾ ਹੈ।
