ਡੇਰਾਬੱਸੀ, 23 ਅਗਸਤ, 2026:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗਰੂਕਤਾ ਸਮਾਗਮਾਂ ਦੀ ਲੜੀ ਤਹਿਤ ਅੱਜ ਡੇਰਾਬਸੀ ਬਲਾਕ ਦੇ ਪਿੰਡ ਪਰਾਗਪੁਰ, ਬਾਕਰਪੁਰ ਅਤੇ ਭਾਂਖਰਪੁਰ ਵਿਖੇ ਐਲ.ਈ.ਡੀ. ਸਕਰੀਨਾਂ ਰਾਹੀਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਮਹਾਨ ਉਪਦੇਸ਼ਾਂ ’ਤੇ ਆਧਾਰਿਤ ਕਰੀਬ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਗਈ।
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਮੁਹਿੰਮ ਲੋਕਾਂ ਨੂੰ ਮਹਾਨ ਗੁਰੂ ਜੀ ਦੇ ਜੀਵਨ, ਸੰਘਰਸ਼, ਸਮਾਜਿਕ ਬਰਾਬਰੀ ਅਤੇ ਭਾਈਚਾਰਕ ਸਾਂਝ ਦੇ ਸੰਦੇਸ਼ ਤੋਂ ਜਾਣੂ ਕਰਵਾਉਣ ਲਈ ਪਿੰਡ ਪਿੰਡ ਚਲਾਈ ਜਾ ਰਹੀ ਹੈ।
ਡੇਰਾਬੱਸੀ ਦੇ ਐਸ ਡੀ ਐਮ ਅਮਿਤ ਗੁਪਤਾ ਨੇ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਨੇ ਮਨੁੱਖਤਾ, ਸਮਾਨਤਾ, ਭਾਈਚਾਰਕ ਸਾਂਝ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ। ਗੁਰੂ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਦੇ ਨਾਲ-ਨਾਲ ਆਪਸੀ ਪਿਆਰ, ਸਦਭਾਵਨਾ ਅਤੇ ਏਕਤਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਇਸੇ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕੀਰਤਨ ਦਰਬਾਰ, ਯੂਨੀਵਰਸਿਟੀਆਂ ਵਿੱਚ ਸੈਮੀਨਾਰ ਕਰਵਾਏ ਜਾਣ ਦੇ ਨਾਲ ਨਾਲ ਇਹ ਦਸਤਾਵੇਜ਼ੀ ਫ਼ਿਲਮ ਵੀ ਵਿਸ਼ੇਸ਼ ਤੌਰ ਤੇ ਦਿਖਾਉਣ ਦਾ ਪ੍ਰਬੰਧ ਕੀਤਾ ਗਿਆ ਹੈ।
ਡੇਰਾਬੱਸੀ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸੂਬੇ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ।
ਪਿੰਡਾਂ ਵਿੱਚ ਦਸਤਾਵੇਜ਼ੀ ਫਿਲਮ ਦੇਖਣ ਲਈ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਲੋਕਾਂ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਪੀੜ੍ਹੀ ਨੂੰ ਮਹਾਨ ਸੰਤਾਂ ਅਤੇ ਗੁਰੂਆਂ ਦੇ ਜੀਵਨ, ਵਿਚਾਰਧਾਰਾ ਅਤੇ ਸਮਾਜ ਪ੍ਰਤੀ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਪ੍ਰਾਪਤ ਹੁੰਦੀ ਹੈ।
ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਪਰਾਗਪੁਰ ਬਾਕਰਪੁਰ ਅਤੇ ਭਾਂਖਰਪੁਰ ਵਿੱਚ ਦਿਖਾਈ ਗਈ
