ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਅਗਸਤ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਪਿੰਡ ਸੁਖਗੜ੍ਹ ਅਤੇ ਬੈਰੋਂਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ 'ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਵਿਸ਼ੇਸ਼ ਐਲ ਈ ਡੀ ਵੈਨ ਰਾਹੀਂ ਦਿਖਾਈ ਗਈ ਦਸਤਾਵੇਜ਼ੀ ਫ਼ਿਲਮ ਨੂੰ ਪਿੰਡ ਵਾਸੀਆਂ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਦੇਖਿਆ। ਦਸਤਾਵੇਜ਼ੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਮਾਜ ਸੁਧਾਰ ਲਈ ਉਨ੍ਹਾਂ ਦੇ ਯੋਗਦਾਨ, ਸਮਾਨਤਾ, ਭਾਈਚਾਰੇ, ਮਾਨਵਤਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।
ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਮੁਹਿੰਮ ਸੂਬੇ ਦੇ ਪਿੰਡ-ਪਿੰਡ ਚਲਾਈ ਜਾ ਰਹੀ ਹੈ, ਜਿਸ ਤਹਿਤ ਐਲ ਈ ਡੀ ਵੈਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਨੌਜਵਾਨ ਪੀੜ੍ਹੀ ਅਤੇ ਆਮ ਲੋਕਾਂ ਨੂੰ ਮਹਾਨ ਸੰਤ ਦੇ ਜੀਵਨ ਦਰਸ਼ਨ ਅਤੇ ਉਨ੍ਹਾਂ ਦੇ ਮਨੁੱਖਤਾ, ਸਮਾਨਤਾ ਅਤੇ ਸਮਾਜਿਕ ਸਦਭਾਵਨਾ ਦੇ ਸੰਦੇਸ਼ ਨਾਲ ਜੋੜਨਾ ਹੈ।
ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੀਤਾ ਗਿਆ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਵਿੱਚ ਆਪਸੀ ਭਾਈਚਾਰੇ, ਸਮਾਨਤਾ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋਣਗੇ।
ਸੁਖਗੜ੍ਹ ਅਤੇ ਬੈਰੋਂਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ
