ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਕਤੂਬਰ 2026:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਉਪਰਾਲੇ ਤਹਿਤ ਖਰੜ ਬਲਾਕ ਦੇ ਪਿੰਡ ਘੋਗਾ, ਘੋਗਾ ਖੇੜੀ ਅਤੇ ਮਾਛੀਪੁਰ ਵਿਖੇ ਐਲਈਡੀ ਸਕਰੀਨਾਂ ਰਾਹੀਂ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ। ਇਸ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀ ਵਿਚਾਰਧਾਰਾ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ।

ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਨੇ ਹਮੇਸ਼ਾ ਬਰਾਬਰੀ, ਆਪਸੀ ਸਤਿਕਾਰ, ਮਿਹਨਤ, ਪਿਆਰ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਹੱਤਵ ਦਿੱਤਾ। ਉਨ੍ਹਾਂ ਦੀ ਵਿਚਾਰਧਾਰਾ ਸਾਨੂੰ ਜਾਤ-ਪਾਤ ਅਤੇ ਸਮਾਜਿਕ ਵਖਰੇਵਿਆਂ ਤੋਂ ਉੱਪਰ ਉੱਠ ਕੇ ਸਾਰੇ ਮਨੁੱਖਾਂ ਨਾਲ ਬਰਾਬਰੀ ਅਤੇ ਸਤਿਕਾਰ ਵਾਲਾ ਵਿਹਾਰ ਕਰਨ ਦੀ ਪ੍ਰੇਰਨਾ ਦਿੰਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਪਿੰਡਾਂ ਵਿੱਚ ਦਿਖਾਉਣ ਦਾ ਉਪਰਾਲਾ ਸ਼ਲਾਘਾਯੋਗ ਹੈ। ਇਸ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਅਧਿਆਤਮਕ ਤੇ ਸਮਾਜਿਕ ਸੰਦੇਸ਼ ਬਾਰੇ ਜਾਣਨ ਦਾ ਮੌਕਾ ਮਿਲ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਅਤੇ ਇਨ੍ਹਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਸਾਂਝ, ਸਦਭਾਵਨਾ ਅਤੇ ਏਕਤਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਪੰਜਾਬ ਸਰਕਾਰ ਦਾ ਇਹ ਉਪਰਾਲਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਵੱਲੋਂ ਦਰਸਾਏ ਮਨੁੱਖਤਾ, ਬਰਾਬਰੀ ਅਤੇ ਸਮਾਜਿਕ ਨਿਆਂ ਦੇ ਮਾਰਗ ਨੂੰ ਲੋਕਾਂ ਤੱਕ ਪਹੁੰਚਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।