ਮਾਜਰੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 17 ਨਵੰਬਰ, 2026:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿਆਰ ਕਰਵਾਈ ਗਈ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਮਾਜਰੀ ਬਲਾਕ ਦੇ ਪਿੰਡ ਰਸੂਲਪੁਰ, ਸੈਣੀ ਮਾਜਰਾ ਅਤੇ ਰਤਵਾੜਾ ਵਿਖੇ ਐੱਲ.ਈ.ਡੀ. ਸਕਰੀਨਾਂ ਰਾਹੀਂ ਦਿਖਾਈ ਗਈ।
ਉੱਪ ਮੰਡਲ ਮੈਜਿਸਟ੍ਰੇਟ, ਖਰੜ ਸ੍ਰੀ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਮਹਾਨ ਸੰਦੇਸ਼ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਇਹ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਡਾਕੂਮੈਂਟਰੀ ਰਾਹੀਂ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ, ਬਾਣੀ ਅਤੇ ਬਰਾਬਰਤਾ, ਆਪਸੀ ਭਾਈਚਾਰੇ ਤੇ ਮਾਨਵਤਾ ਦੀ ਸੇਵਾ ਦੇ ਸੰਦੇਸ਼ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਪਿੰਡ ਪੱਧਰ ਤੱਕ ਪਹੁੰਚਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਮਹਾਨ ਵਿਚਾਰਾਂ ਨਾਲ ਜੋੜਨਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਉਪਰਾਲਿਆਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ।
