ਡੇਰਾਬੱਸੀ, 11 ਫ਼ਰਵਰੀ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਦੀ ਪਾਲਣਾ ਵਿੱਚ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਵਿੱਚ ਚੱਲ ਰਹੀ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਅੱਜ ਸ਼੍ਰੀ ਰਾਮ ਮੰਦਰ, ਡੇਰਾਬੱਸੀ ਵਿਖੇ ਬਜ਼ੁਰਗਾਂ ਦੀ ਸਿਹਤ ਅਤੇ ਲੋੜਾਂ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ।
ਇਸ ਕੈਂਪ ਵਿੱਚ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਮੁੱਖ ਤੌਰ ‘ਤੇ ਪਹੁੰਚ ਕੇ ਸ਼ਿਰਕਤ ਕੀਤੀ ਅਤੇ ਬਜ਼ੁਰਗਾਂ ਨਾਲ ਗੱਲਬਾਤ ਕਰਦਿਆਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਸ ਮੌਕੇ ਭਰੋਸਾ ਦਿਵਾਇਆ ਕਿ ਭਗਵੰਤ ਸਿੰਘ ਮਾਨ ਸਰਕਾਰ ਬਜ਼ੁਰਗਾਂ ਦੀ ਸਾਂਭ ਸੰਭਾਲ ਲਈ ਵਿਸ਼ੇਸ਼ ਯਤਨ ਕਰ ਰਹੀ ਹੈ, ਜਿਸ ਤਹਿਤ ਇਨ੍ਹਾਂ ਕੈਂਪਾਂ ਤੋਂ ਇਲਾਵਾ ਉਨ੍ਹਾਂ ਲਈ ਯੋਗਾ ਸੈਸ਼ਨ, ਛੋਟੇ ਪੱਧਰ ਦੇ ਖੇਡ ਤੇ ਹੋਰ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵਦੀਪ ਕੌਰ ਸਿੱਧੂ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਲਗਾਏ ਇਸ ਕੈਂਪ ਵਿੱਚ ਬਜ਼ੁਰਗਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ ਅਤੇ ਹਰ ਤਰ੍ਹਾਂ ਦੀਆਂ ਲੋੜੀਂਦੀਆਂ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ। ਜਿਨ੍ਹਾਂ ਮਰੀਜ਼ਾਂ ਨੂੰ ਆਪ੍ਰੇਸ਼ਨ ਦੀ ਲੋੜ ਸੀ, ਉਨ੍ਹਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ।
ਇਸ ਤੋਂ ਇਲਾਵਾ ਲੋੜਵੰਦ ਬਜ਼ੁਰਗਾਂ ਨੂੰ ਐਨਕਾਂ, ਵਾਕਿੰਗ ਸਟਿਕ, ਕਾਲਰ ਆਦਿ ਵੰਡੇ ਗਏ ਅਤੇ ਹੋਰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਮਰੀਜ਼ਾਂ ਦੇ ਨਾਮ ਦਰਜ ਕੀਤੇ ਗਏ। ਕੈਂਪ ਦੌਰਾਨ ਯੋਗ ਬਜ਼ੁਰਗਾਂ ਦੀਆਂ ਪੈਨਸ਼ਨਾਂ ਲਗਾਈਆਂ ਗਈਆਂ, ਸੀਨੀਅਰ ਸਿਟੀਜ਼ਨ ਕਾਰਡਾਂ ਲਈ ਅਰਜ਼ੀਆਂ ਭਰਵਾਈਆਂ ਗਈਆਂ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਬਾਰੇ ਤੇ ਬੈਂਕ ਫਰਾਡਾਂ ਤੋਂ ਬਚਣ ਲਈ ਵੀ ਜਾਣਕਾਰੀ ਕੀਤੀ ਗਈ।
ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ ਅਤੇ ਅਜਿਹੀਆਂ ਮੁਹਿੰਮਾਂ ਰਾਹੀਂ ਉਨ੍ਹਾਂ ਦੀ ਸਿਹਤ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਡਾਕਟਰੀ ਟੀਮਾਂ ਅਤੇ ਸਥਾਨਕ ਪ੍ਰਤੀਨਿਧੀ ਵੀ ਮੌਜੂਦ ਸਨ।