ਪਟਿਆਲਾ, 2 ਸਤੰਬਰ:- ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਕੇਂਦਰੀ ਬਾਡੀ ਦੀ ਇੱਕ ਵਿਸ਼ੇਸ਼ ਮੀਟਿੰਗ ਪੁਰਾਣਾ ਬੱਸ ਸਟੈਂਡ ਪਟਿਆਲਾ ਵਿਖੇ ਐਸੋਸੀਏਸ਼ਨ ਦੇ ਚੇਅਰਮੈਨ ਮੁਕੰਦ ਸਿੰਘ ਅਤੇ ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਦੀ ਰਹਿਨੁਮਾਈ ਹੇਠ ਹੋਈ। ਮੀਟਿੰਗ ਵਿੱਚ ਪੈਨਸ਼ਨਰਾਂ ਦੇ ਰਹਿੰਦੇ ਬਕਾਇਆਂ ਸਬੰਧੀ ਵਿਸ਼ੇਸ਼ ਤੌਰ ’ਤੇ ਚਰਚਾ ਕੀਤੀ ਗਈ।
ਇਸ ਮੀਟਿੰਗ ਵਿੱਚ ਵੱਖ-ਵੱਖ ਡਿਪੂਆਂ ਦੇ ਚੇਅਰਮੈਨ, ਪ੍ਰਧਾਨ, ਜਨਰਲ ਸਕੱਤਰ ਅਤੇ ਕੇਂਦਰੀ ਬਾਡੀ ਨਾਲ ਸਬੰਧਤ ਦੋ-ਦੋ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਹਰ ਡਿਪੂ ਦੇ ਬੁਲਾਰੇ ਨੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਵਿੱਢਣ ਦੀ ਸਲਾਹ ਦਿੱਤੀ। ਇਸ ਸਬੰਧੀ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਹਰ ਡਿਪੂ ਵਿੱਚ 11 ਸਤੰਬਰ 2026 ਨੂੰ ਹੋਣ ਵਾਲੀ ਮੀਟਿੰਗ ਨੂੰ ਰੋਸ ਰੈਲੀ ਦੇ ਰੂਪ ਵਿੱਚ ਕੀਤਾ ਜਾਵੇ।
ਇਸ ਤੋਂ ਇਲਾਵਾ ਇਹ ਵੀ ਫੈਸਲਾ ਕੀਤਾ ਗਿਆ ਕਿ ਇਸ ਮਹੀਨੇ ਦੇ ਤੀਜੇ ਬੁੱਧਵਾਰ, 16 ਸਤੰਬਰ 2026 ਨੂੰ ਕੇਂਦਰੀ ਬਾਡੀ ਦੀ ਹੋਣ ਵਾਲੀ ਮੀਟਿੰਗ ਮੁੱਖ ਦਫ਼ਤਰ ਵਿਖੇ ਧਰਨੇ ਦੇ ਰੂਪ ਵਿੱਚ ਕੀਤੀ ਜਾਵੇ ਅਤੇ ਇਸ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਾਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹਿਣਾ ਚਾਹੀਦਾ ਹੈ।
ਹਰ ਡਿਪੂ ਦੇ ਬੁਲਾਰੇ ਨੇ ਜ਼ੋਰ ਦੇ ਕੇ ਕਿਹਾ ਕਿ ਜਦੋਂ ਤੱਕ ਪੂਰੇ ਬਕਾਏ ਨਹੀਂ ਦਿੱਤੇ ਜਾਂਦੇ, ਉਦੋਂ ਤੱਕ ਸੰਘਰਸ਼ ਜਾਰੀ ਰੱਖਣਾ ਚਾਹੀਦਾ ਹੈ। ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਨੇ ਕਿਹਾ ਕਿ ਹਰ ਤਰ੍ਹਾਂ ਦੀ ਪ੍ਰਾਪਤੀ ਲਈ ਸੰਘਰਸ਼ ਜ਼ਰੂਰੀ ਹੈ ਅਤੇ ਸੰਘਰਸ਼ ਲਈ ਏਕੇ ਦੀ ਲੋੜ ਹੈ। ਉਨ੍ਹਾਂ ਕਿਹਾ, “ਤੁਸੀਂ ਏਕਾ ਰੱਖੋ, ਅਸੀਂ ਤੁਹਾਨੂੰ ਬਕਾਏ ਲੈ ਕੇ ਦੇਵਾਂਗੇ।”
ਸਕੱਤਰ ਜਨਰਲ ਹਰੀ ਸਿੰਘ ਚਮਕ ਨੇ ਹੱਕਾਂ ਦੀ ਪ੍ਰਾਪਤੀ ਲਈ ਏਕੇ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਨੂੰ ਕਿਸਾਨਾਂ ਵੱਲੋਂ ਲੜੇ ਜਾ ਰਹੇ ਸੰਘਰਸ਼ ਅਤੇ ਬਕਾਇਆਂ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਲੜੇ ਜਾ ਰਹੇ ਸੰਘਰਸ਼ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।
ਚੇਅਰਮੈਨ ਮੁਕੰਦ ਸਿੰਘ ਨੇ ਕਿਹਾ ਕਿ ਪੈਨਸ਼ਨ ਬਹੁਤ ਸੰਘਰਸ਼ ਨਾਲ ਪ੍ਰਾਪਤ ਕੀਤੀ ਹੈ। ਇਸ ਨੂੰ ਬਰਕਰਾਰ ਰੱਖਣ ਅਤੇ ਰਹਿੰਦੇ ਬਕਾਏ ਲੈਣ ਲਈ ਸਾਨੂੰ ਸਖ਼ਤ ਮਿਹਨਤ ਕਰਨ ਅਤੇ ਸਖ਼ਤ ਕਦਮ ਉਠਾਉਣ ਲਈ ਮਜਬੂਰ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਕੁੰਭਕਰਨੀ ਨੀਂਦ ’ਚ ਸੁੱਤੀ ਪਈ ਮੈਨੇਜਮੈਂਟ ਅਤੇ ਸਰਕਾਰ ਨੂੰ ਜਗਾਉਣ ਲਈ ਹੁਣ ਸਖ਼ਤ ਕਦਮ ਚੁੱਕਣ ਦੀ ਲੋੜ ਹੈ।
ਵੱਖ-ਵੱਖ ਡਿਪੂਆਂ ਦੇ ਨੁਮਾਇੰਦਿਆਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸਰਬਸੰਮਤੀ ਨਾਲ ਫੈਸਲਾ ਹੋਇਆ ਕਿ 11 ਸਤੰਬਰ ਨੂੰ ਹਰ ਡਿਪੂ ਵਿੱਚ ਰੋਸ ਰੈਲੀਆਂ ਕਰਕੇ 16 ਸਤੰਬਰ ਲਈ ਤਿਆਰੀ ਕੀਤੀ ਜਾਵੇਗੀ ਅਤੇ 16 ਸਤੰਬਰ ਨੂੰ ਮੁੱਖ ਦਫ਼ਤਰ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ। ਇਸ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ।
ਇੱਥੇ ਇਹ ਵੀ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਕਿਸਾਨਾਂ ਵੱਲੋਂ ਵਿੱਢੇ ਗਏ ਸੰਘਰਸ਼ ਅਤੇ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ।
ਇਸ ਮੀਟਿੰਗ ਵਿੱਚ ਚੰਡੀਗੜ੍ਹ ਤੋਂ ਭਜਨ ਸਿੰਘ, ਲੁਧਿਆਣਾ ਤੋਂ ਗੁਰਦੇਵ ਸਿੰਘ, ਫਰੀਦਕੋਟ ਤੋਂ ਕਾਲਾ ਸਿੰਘ ਕੋਟਕਪੂਰਾ, ਕਪੂਰਥਲਾ ਤੋਂ ਗੁਰਮੀਤ ਸਿੰਘ, ਬਠਿੰਡਾ ਤੋਂ ਪ੍ਰੀਤਮ ਸਿੰਘ ਬਰਾੜ, ਬਰਨਾਲਾ ਤੋਂ ਮਦਨ ਮੋਹਨ, ਬੁਢਲਾਢਾ ਤੋਂ ਸੁਖਦੇਵ ਸਿੰਘ, ਸੰਗਰੂਰ ਤੋਂ ਬਲਵੰਤ ਸਿੰਘ ਜੋਗਾ ਤੇ ਸੁਰਜੀਤ ਸਿੰਘ ਬਾਲੀਆਂ ਅਤੇ ਪਟਿਆਲਾ ਤੋਂ ਜੋਗਿੰਦਰ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ। ਸਟੇਜ ਦੀ ਡਿਊਟੀ ਹਰੀ ਸਿੰਘ ਚਮਕ ਨੇ ਬਾਖੂਬੀ ਨਿਭਾਈ।
ਪੀਆਰਟੀਸੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਕੇਂਦਰੀ ਬਾਡੀ ਦੀ ਵਿਸ਼ੇਸ਼ ਮੀਟਿੰਗ ਬਕਾਇਆਂ ਦੀ ਅਦਾਇਗੀ ਲਈ ਸੰਘਰਸ਼ ਦਾ ਐਲਾਨ
