ਬਲਾਚੌਰ, 14 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਡਾਇਰੈਕਟਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ 13 ਨਵੰਬਰ 2026 ਨੂੰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਬਾਬਾ ਬਲਰਾਜ ਕਾਲਜ, ਬਲਾਚੌਰ ਵਿਖੇ ਮਹਿਲਾ ਸਤਿਕਾਰ ਸਖੀਆਂ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਵਿੱਚ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਮ ਦੌਰਾਨ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਪੂਰਨ ਪੰਕਜ ਸ਼ਰਮਾ ਨੇ ਦੱਸਿਆ ਕਿ ਔਰਤਾਂ ਲਈ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਹਲਕਾ ਬਲਾਚੌਰ ਵਿੱਚ ਹੁਣ ਤੱਕ 61,470 ਲਾਭਪਾਤਰੀਆਂ ਨੂੰ ਰਜਿਸਟਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਲਗਭਗ 57 ਕਰੋੜ ਰੁਪਏ ਦੀ ਰਾਸ਼ੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਅਦਾ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸਕੀਮ ਹਲਕੇ ਵਿੱਚ ਮਈ 2026 ਦੌਰਾਨ ਸ਼ੁਰੂ ਕੀਤੀ ਗਈ ਸੀ ਅਤੇ ਮਹਿਲਾ ਸਤਿਕਾਰ ਸਖੀਆਂ ਵੱਲੋਂ ਇਸ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਲਈ ਪੂਰੀ ਤਨਦੇਹੀ ਨਾਲ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ।

ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਤੋਸ਼ ਕਟਾਰੀਆ ਨੇ ਸਕੀਮ ਦੀ ਪ੍ਰਗਤੀ ’ਤੇ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਨੇ ਸਕੀਮ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਮਹਿਲਾ ਸਤਿਕਾਰ ਸਖੀਆਂ ਦੀ ਭੂਮਿਕਾ ਅਤੇ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸਕੀਮ ਅਧੀਨ ਕੀਤਾ ਗਿਆ ਕੰਮ ਇੱਕ ਮਿਸਾਲ ਹੈ। ਉਨ੍ਹਾਂ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਵੀ ਲੋਕ ਹਿੱਤ ਵਿੱਚ ਬਿਨਾਂ ਕਿਸੇ ਭੇਦ-ਭਾਵ ਦੇ ਯੋਗ ਲਾਭਪਾਤਰੀਆਂ ਨੂੰ ਸਕੀਮ ਅਧੀਨ ਰਜਿਸਟਰ ਕਰਨ ਲਈ ਹਰ ਸੰਭਵ ਯਤਨ ਜਾਰੀ ਰੱਖਣ।

ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਯੋਗ ਲਾਭਪਾਤਰੀ ਇਸ ਸਕੀਮ ਅਧੀਨ ਰਜਿਸਟਰ ਹੋ ਕੇ ਵੱਧ ਤੋਂ ਵੱਧ ਲਾਭ ਉਠਾਉਣ।

ਇਸ ਮੌਕੇ ਸੁਪਰਵਾਈਜ਼ਰ ਪੂਨਮ, ਪਰਮਜੀਤ ਕੌਰ, ਹਰਸ਼ ਬਾਲਾ, ਅਮਨਦੀਪ ਕੌਰ ਅਤੇ ਨੀਲਮ ਕੁਮਾਰੀ ਸਮੇਤ ਸਮੂਹ ਮਹਿਲਾ ਸਤਿਕਾਰ ਸਖੀਆਂ ਹਾਜ਼ਰ ਸਨ।