ਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ, ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ‘ਭਗਤ ਰਵਿਦਾਸ ਜੀ: ਜੀਵਨ, ਬਾਣੀ ਤੇ ਸੰਦੇਸ਼’ ਵਿਸ਼ੇ ਉੱਤੇ ਵਿਸ਼ੇਸ਼ ਸੈਮੀਨਾਰ 12 ਨਵੰਬਰ, ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਸ਼੍ਰੋਮਣੀ ਭਗਤ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵੱਡੇ ਪੱਧਰ ’ਤੇ ਧਾਰਮਿਕ ਸਮਾਗਮ, ਸੈਮੀਨਾਰ, ਕੀਰਤਨ ਅਤੇ ਉਨ੍ਹਾਂ ਦੇ ਜਨਮ ਸਥਾਨ ਤੋਂ ਨਗਰ ਕੀਰਤਨ ਸਜਾਏ ਜਾਣਗੇ। ਇਸੇ ਲੜੀ ਤਹਿਤ ਇਹ ਵਿਸ਼ੇਸ਼ ਸੈਮੀਨਾਰ ਉਲੀਕਿਆ ਗਿਆ ਹੈ।
ਇਹ ਸੈਮੀਨਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ, ਇੰਜੀਨੀਅਰ ਸੁਖਮਿੰਦਰ ਸਿੰਘ, ਸਕੱਤਰ ਵਿੱਦਿਆ ਦੇ ਤਾਲਮੇਲ ਨਾਲ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਵੱਲੋਂ ਕਰਵਾਇਆ ਜਾ ਰਿਹਾ ਹੈ। ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਬੀਬੀ ਹਰਜਿੰਦਰ ਕੌਰ, ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਮੈਂਬਰ, ਸ਼ਿਰਕਤ ਕਰਨਗੇ। ਕੁੰਜੀਵਤ ਭਾਸ਼ਣ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਮੁੱਖ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵੱਲੋਂ ਦਿੱਤਾ ਜਾਵੇਗਾ।
ਸੈਮੀਨਾਰ ਦੇ ਬੁਲਾਰਿਆਂ ਵਿੱਚ ਡਾ. ਪਰਮਜੀਤ ਕੌਰ, ਐਸੋਸੀਏਟ ਪ੍ਰੋਫੈਸਰ ਅਤੇ ਮੁਖੀ, ਧਰਮ ਅਧਿਐਨ ਵਿਭਾਗ, ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਅਤੇ ਡਾ. ਮੁਹੱਬਤ ਸਿੰਘ, ਅਸਿਸਟੈਂਟ ਪ੍ਰੋਫੈਸਰ, ਗੁਰੂ ਨਾਨਕ ਅਧਿਐਨ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ੍ਰੀ ਅੰਮ੍ਰਿਤਸਰ ਸਾਹਿਬ ਹੋਣਗੇ। ਸੈਮੀਨਾਰ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਕਰਨਗੇ।
ਡਾ. ਹੀਰਾ ਨੇ ਦੱਸਿਆ ਕਿ ਸੈਮੀਨਾਰ ਦਾ ਉਦੇਸ਼ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ ਅਤੇ ਸਮੁੱਚੀ ਮਾਨਵਤਾ ਨੂੰ ਦਿੱਤੇ ਸੰਦੇਸ਼ ਤੋਂ ਜਾਣੂ ਕਰਵਾਉਣਾ ਅਤੇ ਵਰਤਮਾਨ ਸਮੇਂ ਵਿੱਚ ਉਨ੍ਹਾਂ ਦੇ ਵਿਚਾਰਾਂ ਦੀ ਪ੍ਰਸੰਗਿਕਤਾ ਨੂੰ ਉਜਾਗਰ ਕਰਨਾ ਹੈ।
