ਖਰੜ, (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 17 ਨਵੰਬਰ:- ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਿਵਲ ਸਰਜਨ ਐਸ.ਏ.ਐਸ. ਨਗਰ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ. ਘੜੂੰਆਂ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ ਹੇਠ ਬਲਾਕ ਘੜੂੰਆਂ ਦੀ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ਖਾਨਪੁਰ ਖਰੜ ਵਿਖੇ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਸਬੰਧੀ ਵਿਸ਼ੇਸ਼ ਮਾਸ ਸਰਵੇਖਣ ਕੀਤਾ ਗਿਆ। ਇਸ ਸਰਵੇਖਣ ਦੌਰਾਨ ਖਾਸ ਤੌਰ 'ਤੇ ਪ੍ਰਵਾਸੀ ਮਜ਼ਦੂਰਾਂ ਦੀ ਆਬਾਦੀ ਵਾਲੇ ਇਲਾਕੇ ਨੂੰ ਕਵਰ ਕੀਤਾ ਗਿਆ।
ਇਸ ਮੁਹਿੰਮ ਦੀ ਅਗਵਾਈ ਮੈਡੀਕਲ ਅਫ਼ਸਰ ਡਾ. ਅਨੁਪਮਾ ਵੱਲੋਂ ਕੀਤੀ ਗਈ। ਇਸ ਮੌਕੇ ਸੈਨੇਟਰੀ ਇੰਸਪੈਕਟਰ ਅਵਤਾਰ ਸਿੰਘ, ਹੈਲਥ ਵਰਕਰ ਕੁਲਦੀਪ ਸਿੰਘ, ਬਲਜਿੰਦਰ ਸਿੰਘ, ਜਗਦੀਪ ਸਿੰਘ ਅਤੇ ਮਨਪ੍ਰੀਤ ਸਿੰਘ ਸਮੇਤ ਬਲਾਕ ਘੜੂੰਆਂ ਦੇ ਬ੍ਰੀਡਿੰਗ ਚੈਕਰਾਂ ਵੱਲੋਂ ਸਰਵੇਖਣ ਦਾ ਕੰਮ ਕੀਤਾ ਗਿਆ। ਟੀਮਾਂ ਨੇ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਜਾਂਚ ਕੀਤੀ ਅਤੇ ਜਿੱਥੇ ਵੀ ਲਾਰਵਾ ਪਾਇਆ ਗਿਆ, ਉੱਥੇ ਲੋੜੀਂਦੀ ਕਾਰਵਾਈ ਕੀਤੀ ਗਈ। ਇਸ ਦੇ ਨਾਲ ਹੀ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।
ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੱਛਰਾਂ ਦੀ ਪੈਦਾਇਸ਼ ਰੋਕਣ ਲਈ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਗਮਲਿਆਂ, ਟਾਇਰਾਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਥਾਵਾਂ ਦੀ ਹਰ ਹਫ਼ਤੇ ਸਫ਼ਾਈ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਉਣ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ।
