ਸੰਗਰੂਰ, 30 ਅਕਤੂਬਰ:- ਜ਼ਿਲ੍ਹਾ ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀ, ਸੰਗਰੂਰ ਵੱਲੋਂ ਸਤਿਆ ਭਾਰਤੀ ਸਕੂਲ, ਕੰਜਲੀ ਵਿਖੇ ਬੱਚਾ ਗੋਦ ਲੈਣ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ।
ਇਸ ਦੌਰਾਨ ਲੋਕਾਂ ਅਤੇ ਸਕੂਲ ਨਾਲ ਜੁੜੇ ਵਿਅਕਤੀਆਂ ਨੂੰ ਬੱਚਾ ਗੋਦ ਲੈਣ ਦੀ ਕਾਨੂੰਨੀ ਪ੍ਰਕਿਰਿਆ, ਯੋਗਤਾ ਅਤੇ ਲੋੜੀਂਦੇ ਦਸਤਾਵੇਜ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਜਾਗਰੂਕਤਾ ਮੁਹਿੰਮ ਦੌਰਾਨ ਦੱਸਿਆ ਗਿਆ ਕਿ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਕਾਨੂੰਨੀ ਨਿਯਮਾਂ ਅਤੇ ਨਿਰਧਾਰਤ ਪ੍ਰਕਿਰਿਆ ਅਨੁਸਾਰ ਹੀ ਕੀਤੀ ਜਾਂਦੀ ਹੈ।
ਇੱਛੁਕ ਮਾਤਾ-ਪਿਤਾ ਸੈਂਟਰਲ ਅਡਾਪਸ਼ਨ ਰਿਸੋਰਸ ਅਥਾਰਟੀ (CARA) ਦੇ ਆਨਲਾਈਨ ਪੋਰਟਲ ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਬੱਚੇ ਗੋਦ ਲੈਣ ਜਾਂ ਦੇਣ ਤੋਂ ਗੁਰੇਜ਼ ਕਰਨ ਅਤੇ ਕੇਵਲ ਅਧਿਕਾਰਤ ਏਜੰਸੀ ਰਾਹੀਂ ਹੀ ਕਾਨੂੰਨੀ ਪ੍ਰਕਿਰਿਆ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਯਦਵਿੰਦਰ ਕੌਰ (ਮੈਨੇਜਰ/ਕੋਆਰਡੀਨੇਟਰ) ਅਤੇ ਗਗਨਦੀਪ ਸ਼ਰਮਾ (ਸੋਸ਼ਲ ਵਰਕਰ/ਅਰਲੀ ਚਾਈਲਡਹੁੱਡ ਐਜੂਕੇਟਰ) ਵੱਲੋਂ ਹਾਜ਼ਰ ਵਿਅਕਤੀਆਂ ਨੂੰ ਬੱਚਿਆਂ ਦੇ ਅਧਿਕਾਰਾਂ, ਸੁਰੱਖਿਆ ਅਤੇ ਕਾਨੂੰਨੀ ਗੋਦ ਲੈਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ।
ਜ਼ਿਲ੍ਹਾ ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ ਗਿੱਲ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋੜਵੰਦ ਬੱਚਿਆਂ ਦੇ ਅਧਿਕਾਰਾਂ ਅਤੇ ਸਰਵੋਤਮ ਹਿੱਤਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਸੁਰੱਖਿਅਤ, ਪਿਆਰ ਭਰਿਆ ਅਤੇ ਪਰਿਵਾਰਕ ਮਾਹੌਲ ਮੁਹੱਈਆ ਕਰਵਾਉਣ ਲਈ ਸਮਾਜ ਵਿੱਚ ਕਾਨੂੰਨੀ ਗੋਦ ਲੈਣ ਸਬੰਧੀ ਜਾਗਰੂਕਤਾ ਪੈਦਾ ਕਰਨਾ ਹੈ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਬੱਚਾ ਗੋਦ ਲੈਣ ਦਾ ਇੱਛੁਕ ਹੈ ਤਾਂ ਉਹ ਸਬੰਧਤ ਵਿਭਾਗ ਜਾਂ ਅਧਿਕਾਰਤ ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀ ਨਾਲ ਸੰਪਰਕ ਕਰਕੇ ਨਿਰਧਾਰਤ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਕਾਰਵਾਈ ਕਰੇ। ਇਸ ਨਾਲ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।
