ਕਰਨਾਲ, 10 ਨਵੰਬਰ (ਪ੍ਰਵੀਨ ਵਾਲੀਆ):- ਹਰਿਆਣਾ ਰਾਜ ਜੈਵ ਵਿਭਿੰਨਤਾ ਬੋਰਡ, ਪੰਚਕੂਲਾ ਵੱਲੋਂ ਸੂਬੇ ਦੀ ਕੁਦਰਤੀ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਕਿਸਾਨਾਂ, ਪਿੰਡ ਵਾਸੀਆਂ, ਪੰਚਾਇਤਾਂ, ਜੈਵ ਵਿਭਿੰਨਤਾ ਪ੍ਰਬੰਧਨ ਕਮੇਟੀਆਂ ਅਤੇ ਜੰਗਲਾਤ ਵਿਭਾਗ, ਖੇਤੀਬਾੜੀ ਵਿਭਾਗ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਬਾਗਬਾਨੀ ਵਿਭਾਗ ਅਤੇ ਆਯੂਸ਼ ਵਿਭਾਗ ਦੇ ਸਹਿਯੋਗ ਨਾਲ ਹਰੇਕ ਪਿੰਡ ਦਾ ਲੋਕ ਜੈਵ ਵਿਭਿੰਨਤਾ ਰਜਿਸਟਰ ਤਿਆਰ ਕਰਵਾਉਣ ਅਤੇ ਇਸ ਦੀ ਤਸਦੀਕ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।
ਇਸ ਸਬੰਧ ਵਿੱਚ ਅੱਜ ਜ਼ਿਲ੍ਹਾ ਸਕੱਤਰੇਤ ਦੇ ਕਾਨਫਰੰਸ ਹਾਲ ਵਿੱਚ ਡਿਪਟੀ ਕਮਿਸ਼ਨਰ ਡਾ. ਆਨੰਦ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਅਧਿਕਾਰੀਆਂ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਲੋਕ ਜੈਵ ਵਿਭਿੰਨਤਾ ਰਜਿਸਟਰ ਤਿਆਰ ਕਰਨ ਅਤੇ ਇਸ ਦੀ ਤਸਦੀਕ ਕਰਨ ਦੇ ਕੰਮ ਨੂੰ ਸਭ ਤੋਂ ਵੱਧ ਤਰਜੀਹ ਦਿੰਦਿਆਂ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹੇ ਦੇ ਹਰੇਕ ਪਿੰਡ, ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਜੈਵ ਵਿਭਿੰਨਤਾ ਪ੍ਰਬੰਧਨ ਕਮੇਟੀਆਂ ਦਾ ਗਠਨ ਲਾਜ਼ਮੀ ਤੌਰ ’ਤੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
**ਕੁਦਰਤੀ ਵਿਰਾਸਤ ਦੀ ਸੰਭਾਲ ਮੁੱਖ ਉਦੇਸ਼**
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਡਾ. ਆਨੰਦ ਕੁਮਾਰ ਸ਼ਰਮਾ ਨੇ ਕਿਹਾ ਕਿ ਪਿੰਡਾਂ ਵਿੱਚ ਮੌਜੂਦ ਕੁਦਰਤੀ ਸੰਪਦਾ ਅਤੇ ਰਵਾਇਤੀ ਗਿਆਨ ਨੂੰ ਸੰਭਾਲਣ ਲਈ ਲੋਕ ਜੈਵ ਵਿਭਿੰਨਤਾ ਰਜਿਸਟਰ ਇੱਕ ਮਹੱਤਵਪੂਰਨ ਦਸਤਾਵੇਜ਼ ਸਾਬਤ ਹੋਵੇਗਾ। ਇਸ ਕੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜੰਗਲਾਤ ਵਿਭਾਗ, ਖੇਤੀਬਾੜੀ ਵਿਭਾਗ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਬਾਗਬਾਨੀ ਵਿਭਾਗ ਅਤੇ ਆਯੂਸ਼ ਵਿਭਾਗ ਨੂੰ ਪਿੰਡ ਵਾਸੀਆਂ, ਕਿਸਾਨਾਂ ਅਤੇ ਸਥਾਨਕ ਪੰਚਾਇਤਾਂ ਨਾਲ ਮਿਲ ਕੇ ਆਪਸੀ ਤਾਲਮੇਲ ਰਾਹੀਂ ਕੰਮ ਕਰਨਾ ਹੋਵੇਗਾ।
**ਜੈਵ ਵਿਭਿੰਨਤਾ ਪ੍ਰਬੰਧਨ ਕਮੇਟੀਆਂ ਦਾ ਕੀਤਾ ਜਾਵੇਗਾ ਗਠਨ**
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੈਵ ਵਿਭਿੰਨਤਾ ਪ੍ਰਬੰਧਨ ਕਮੇਟੀਆਂ ਦਾ ਗਠਨ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ, ਤਾਂ ਜੋ ਸਥਾਨਕ ਪੱਧਰ ’ਤੇ ਜੈਵ ਵਿਭਿੰਨਤਾ ਦੀ ਸੰਭਾਲ, ਇਸ ਦੀ ਟਿਕਾਊ ਵਰਤੋਂ ਅਤੇ ਰਵਾਇਤੀ ਗਿਆਨ ਦੇ ਦਸਤਾਵੇਜ਼ੀਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਰਜਿਸਟਰ ਰਾਹੀਂ ਪਿੰਡਾਂ ਵਿੱਚ ਮੌਜੂਦ ਰੁੱਖਾਂ, ਪੌਦਿਆਂ, ਔਸ਼ਧੀ ਬਨਸਪਤੀ, ਪਸ਼ੂ-ਪੰਛੀਆਂ, ਸਥਾਨਕ ਫ਼ਸਲਾਂ ਅਤੇ ਜੈਵਿਕ ਸਰੋਤਾਂ ਬਾਰੇ ਸਹੀ ਜਾਣਕਾਰੀ ਦਰਜ ਕੀਤੀ ਜਾਵੇਗੀ, ਜਿਸ ਨਾਲ ਭਵਿੱਖ ਵਿੱਚ ਕੁਦਰਤੀ ਵਿਰਾਸਤ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇਗਾ। ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਮੀਨੀ ਪੱਧਰ ’ਤੇ ਜਾ ਕੇ ਕੰਮਾਂ ਦੀ ਸਮੀਖਿਆ ਕਰਨ ਅਤੇ ਸਮੇਂ ਸਿਰ ਪ੍ਰਗਤੀ ਰਿਪੋਰਟ ਪੇਸ਼ ਕਰਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਪੱਧਰੀ ਅਧਿਕਾਰੀ ਮੌਜੂਦ ਸਨ।
