ਅੰਬਾਲਾ, 11 ਨਵੰਬਰ (ਆਰ. ਸਿੰਘ):- ਯੂਐੱਸਏ ਅੰਦਰ ਅਣਅਧਿਕਾਰਤ ਰੂਪ ਵਿੱਚ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕਰਨ ਅਤੇ ਸਰੂਪ ਸੰਗਤ ਨੂੰ ਵੰਡਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਊਯਾਰਕ, ਯੂਐੱਸਏ ਨਿਵਾਸੀ ਸ. ਜਤਿੰਦਰ ਸਿੰਘ ਸਚਦੇਵਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਕਰਦਿਆਂ ਇਹ ਕਾਰਵਾਈ ਕਰਨ ਦੇ ਮਾਮਲੇ ਵਿੱਚ ਮਿਤੀ 10 ਦਸੰਬਰ 2026 ਤੱਕ ਨਿੱਜੀ ਰੂਪ ਵਿੱਚ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ।
ਇਹ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਵਿਦੇਸ਼ ਦੀ ਸੰਗਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤਾਂ ਪੁੱਜਣ ਤੋਂ ਬਾਅਦ ਲਿਆ ਗਿਆ। ਜਾਣਕਾਰੀ ਮਿਲੀ ਹੈ ਕਿ ਸ. ਜਤਿੰਦਰ ਸਿੰਘ ਸਚਦੇਵਾ ਵੱਲੋਂ 'ਘਰ ਘਰ ਅੰਦਰ ਧਰਮਸਾਲ' ਸੰਸਥਾ ਦੇ ਨਾਮ ਹੇਠ ਅਣਅਧਿਕਾਰਤ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪੇ ਅਤੇ ਸੰਗਤ ਨੂੰ ਵੰਡੇ ਜਾ ਰਹੇ ਹਨ।
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਜ ਇਸ ਸਬੰਧੀ ਜਾਰੀ ਕੀਤੇ ਗਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਮਿਤੀ 9 ਮਈ 1998 ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕਰਨ ਦਾ ਅਧਿਕਾਰ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਪਾਸ ਹੈ। ਸ. ਜਤਿੰਦਰ ਸਿੰਘ ਸਚਦੇਵਾ ਨੂੰ ਕਿਹਾ ਗਿਆ ਹੈ ਕਿ ਉਨ੍ਹਾਂ ਵੱਲੋਂ ਮਨਮਰਜ਼ੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਕੀਤੀ ਜਾ ਰਹੀ ਹੈ, ਜੋ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਹੈ ਅਤੇ ਪੰਥ ਵਿੱਚ ਦੁਫੇੜ ਪਾਉਣ ਵਾਲੀ ਕਾਰਵਾਈ ਹੈ।
ਇਸ ਦੇ ਮੱਦੇਨਜ਼ਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ. ਜਤਿੰਦਰ ਸਿੰਘ ਸਚਦੇਵਾ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਤੁਰੰਤ ਬੰਦ ਕਰਨ। ਨਾਲ ਹੀ ਹੁਣ ਤੱਕ ਜਿੰਨੇ ਵੀ ਪਾਵਨ ਸਰੂਪਾਂ ਦੀ ਛਪਾਈ ਕੀਤੀ ਹੈ, ਉਸ ਦਾ ਮੁਕੰਮਲ ਰਿਕਾਰਡ ਲੈ ਕੇ ਮਿਤੀ 10 ਦਸੰਬਰ 2026 ਤੱਕ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਹਾਜ਼ਰ ਹੋਣ।
ਇਸ ਮਾਮਲੇ ਨਾਲ ਹੀ ਸਬੰਧਤ ਇੱਕ ਹੋਰ ਵੱਖਰੇ ਆਦੇਸ਼ ਵਿੱਚ ਯੂਐੱਸਏ ਨਿਵਾਸੀ ਬਾਬਾ ਸੱਜਣ ਸਿੰਘ, ਗਿਆਨੀ ਭੁਪਿੰਦਰ ਸਿੰਘ, ਸ. ਜਤਿੰਦਰ ਸਿੰਘ, ਸ. ਹਰਬੰਸ ਸਿੰਘ, ਸ. ਹਰਚਰਨ ਸਿੰਘ ਅਤੇ ਸ. ਗੁਰਦੇਵ ਸਿੰਘ ਪਾਸੋਂ ਪੰਦਰਾਂ ਦਿਨਾਂ ਦੇ ਅੰਦਰ ਉਨ੍ਹਾਂ ਦਾ ਲਿਖਤੀ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਇਸ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤਾਂ ਪੁੱਜੀਆਂ ਹਨ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਸ. ਜਤਿੰਦਰ ਸਿੰਘ ਸਚਦੇਵਾ ਕੋਲ ਜਾ ਕੇ ਆਪਣੇ ਆਪ ਨੂੰ ਅਥਾਰਟੀ ਬਣਾਉਂਦਿਆਂ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਕਰਕੇ ਅਣਅਧਿਕਾਰਤ ਤੌਰ ’ਤੇ ਛਾਪੇ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸ਼ਲਾਘਾ ਕੀਤੀ ਗਈ ਹੈ, ਜਦਕਿ ਇਹ ਭਲੀ-ਭਾਂਤ ਜਾਣਦੇ ਹਨ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕਰਨ ਦਾ ਅਧਿਕਾਰ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਪਾਸ ਹੈ।
ਇਸ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਇਸ ਅਵੱਗਿਆ ਲਈ ਇਨ੍ਹਾਂ ਛੇ ਜਣਿਆਂ ਨੂੰ ਪੰਦਰਾਂ ਦਿਨਾਂ ਦੇ ਅੰਦਰ ਆਪਣੇ ਲਿਖਤੀ ਸਪੱਸ਼ਟੀਕਰਨ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਲਈ ਕਿਹਾ ਗਿਆ ਹੈ।
