ਚੰਡੀਗੜ੍ਹ, 18 ਨਵੰਬਰ:- ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਸੂਬਾ ਪੱਧਰੀ ਸੱਭਿਆਚਾਰਕ ਉਤਸਵ ਕਲਾ, ਸੱਭਿਆਚਾਰ ਅਤੇ ਸੰਸਕਾਰਾਂ ਦਾ ਅਨੋਖਾ ਸੰਗਮ ਹੈ। ਅਜਿਹੇ ਸਮਾਗਮ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਅਮੀਰ ਲੋਕ ਸੱਭਿਆਚਾਰ ਅਤੇ ਪਰੰਪਰਾਵਾਂ ਨਾਲ ਜੋੜਨ ਦਾ ਕੰਮ ਕਰਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਰਤ ਨੂੰ ਸਾਲ 2047 ਤੱਕ ਵਿਕਸਤ ਰਾਸ਼ਟਰ ਬਣਾਉਣ ਦੇ ਸੰਕਲਪ ਨੂੰ ਪੂਰਾ ਕਰਨ ਵਿੱਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ। ਇਸ ਲਈ ਨੌਜਵਾਨਾਂ ਦੀ ਪ੍ਰਤਿਭਾ ਨੂੰ ਪਛਾਣ ਕੇ ਉਸ ਨੂੰ ਨਿਖਾਰਨ ਦੀ ਵੱਡੀ ਜ਼ਿੰਮੇਵਾਰੀ ਅਧਿਆਪਕਾਂ ਦੇ ਮੋਢਿਆਂ ’ਤੇ ਹੈ।

ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਬੁੱਧਵਾਰ ਨੂੰ ਕੈਥਲ ਵਿਖੇ ਹਰਿਆਣਾ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਤਿੰਨ ਰੋਜ਼ਾ ਸੂਬਾ ਪੱਧਰੀ ਸੱਭਿਆਚਾਰਕ ਉਤਸਵ ਦੇ ਦੂਜੇ ਦਿਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ।

ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਬੱਚਿਆਂ ਦੀ ਪ੍ਰਤਿਭਾ ਅਤੇ ਉਨ੍ਹਾਂ ਦੀ ਤਿਆਰੀ ਦਾ ਪੱਧਰ ਇੰਨਾ ਸ਼ਾਨਦਾਰ ਹੈ ਕਿ ਜੱਜਾਂ ਲਈ ਪਹਿਲਾ, ਦੂਜਾ ਅਤੇ ਤੀਜਾ ਸਥਾਨ ਚੁਣਨਾ ਵੀ ਚੁਣੌਤੀਪੂਰਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸੀਮਤ ਸਾਧਨਾਂ ਦੇ ਬਾਵਜੂਦ ਆਪਣੀ ਕਲਾ ਅਤੇ ਮਿਹਨਤ ਨਾਲ ਬਿਹਤਰੀਨ ਪੇਸ਼ਕਾਰੀਆਂ ਦਿੱਤੀਆਂ ਹਨ। ਇਸ ਦੇ ਪਿੱਛੇ ਅਧਿਆਪਕਾਂ ਦਾ ਸਮਰਪਣ, ਮਿਹਨਤ ਅਤੇ ਬੱਚਿਆਂ ਨੂੰ ਦਿੱਤਾ ਗਿਆ ਮਾਰਗਦਰਸ਼ਨ ਹੈ।

ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਭਾਰਤ ਦੀ ਸਭ ਤੋਂ ਵੱਡੀ ਤਾਕਤ ਉਸ ਦੀ ਨੌਜਵਾਨ ਆਬਾਦੀ ਹੈ। ਦੇਸ਼ ਦੀ ਲਗਭਗ 65 ਫ਼ੀਸਦੀ ਆਬਾਦੀ ਨੌਜਵਾਨ ਹੈ। ਜੇਕਰ ਇਸ ਨੌਜਵਾਨ ਸ਼ਕਤੀ ਨੂੰ ਹੁਨਰਮੰਦ ਬਣਾਇਆ ਜਾਵੇ ਅਤੇ ਉਨ੍ਹਾਂ ਦੀ ਰੁਚੀ ਤੇ ਪ੍ਰਤਿਭਾ ਦੇ ਅਨੁਕੂਲ ਮੌਕੇ ਦਿੱਤੇ ਜਾਣ ਤਾਂ ਭਾਰਤ ਹਰ ਖੇਤਰ ਵਿੱਚ ਨਵੀਆਂ ਉਚਾਈਆਂ ਹਾਸਲ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ ਵਿੱਚ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਬੱਚਿਆਂ ਨੂੰ ਹੁਨਰਮੰਦ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਸੱਭਿਆਚਾਰ ਕਿਸੇ ਵੀ ਸਮਾਜ ਦੀ ਪਛਾਣ ਅਤੇ ਉਸ ਦੀਆਂ ਜੜ੍ਹਾਂ ਦਾ ਆਧਾਰ ਹੁੰਦਾ ਹੈ। ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਹਰਿਆਣਵੀ ਲੋਕ ਗੀਤਾਂ, ਰਾਗਣੀਆਂ, ਲੋਕ ਨਾਚਾਂ ਅਤੇ ਰਵਾਇਤੀ ਕਲਾਵਾਂ ਨਾਲ ਜੋੜਨ ਦਾ ਮਜ਼ਬੂਤ ਮਾਧਿਅਮ ਹਨ। ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੇ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਅੱਗੇ ਵਧਾਉਣ।