ਗੜ੍ਹਸ਼ੰਕਰ, 29 ਜਨਵਰੀ:- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਗੜ੍ਹਸ਼ੰਕਰ ਦੇ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।ਉਨ੍ਹਾ ਦੱਸਿਆ ਕਿ ਗੁਰੂ ਰਵਿਦਾਸ ਮਹਾਰਾਜ ਜੀ ਦਾ ਰਾਜ ਪੱਧਰੀ ਸਮਾਗਮ 6 ਫਰਬਰੀ ਨੂੰ ਸ਼੍ਰੀ ਖੁਰਾਲਗੜ੍ਹ ਸਾਹਿਬ ਵਿੱਖੇ ਮਨਾਇਆ ਜਾ ਰਿਹਾ ਹੈ।
ਮੀਟਿੰਗ ਦੌਰਾਨ ਸਮਾਗਮ ਦੀ ਰੂਪ-ਰੇਖਾ, ਪ੍ਰਬੰਧਾਂ ਅਤੇ ਸੁਰੱਖਿਆ ਵਿਵਸਥਾ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਰਧਾਲੂਆਂ ਦੀ ਸੁਵਿਧਾ ਨੂੰ ਪਹਿਲ ਦਿੰਦਿਆਂ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਸਫਾਈ, ਪੀਣ ਵਾਲਾ ਪਾਣੀ, ਬਿਜਲੀ, ਸ਼ੌਚਾਲੇ, ਸਿਹਤ ਸੇਵਾਵਾਂ, ਆਵਾਜਾਈ ਅਤੇ ਪਾਰਕਿੰਗ ਦੀ ਢੁੱਕਵੀਂ ਵਿਵਸਥਾ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਖਾਸ ਤੌਰ ‘ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਭੀੜ ਪ੍ਰਬੰਧਨ ਲਈ ਪੱਕੇ ਇੰਤਜ਼ਾਮ ਕੀਤੇ ਜਾਣ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਜਾਵੇ। ਉਨ੍ਹਾਂ ਨੇ ਸੀਸੀਟੀਵੀ ਕੈਮਰੇ, ਬੈਰੀਕੇਡਿੰਗ, ਮੈਡੀਕਲ ਕੈਂਪਾਂ ਅਤੇ ਐਂਬੂਲੈਂਸ ਸੇਵਾਵਾਂ ਦੀ ਉਪਲਬਧਤਾ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੀਵਨ ਮਨੁੱਖਤਾ, ਬਰਾਬਰੀ ਅਤੇ ਸਮਾਜਿਕ ਸਾਂਝ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸਮਾਗਮ ਨੂੰ ਸਫਲ, ਗੌਰਵਮਈ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਨਿਯਮਤ ਤੌਰ ‘ਤੇ ਸਮਾਗਮ ਸਥਲ ਦਾ ਨਿਰੀਖਣ ਕਰਨ ਅਤੇ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਸਮੇਂ ਸਿਰ ਦੂਰ ਕੀਤਾ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਕਮਿਸ਼ਨਰ ਨਗਰ ਨਿਗਮ ਜੋਤੀ ਬਾਲਾ, ਐਸਡੀਐੱਮ ਮੁਕੇਰੀਆਂ ਓਏਸ਼ੀ ਮੰਡਲ, ਐਸਡੀਐੱਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸਡੀਐੱਮ ਦਸੂਹਾ ਕੰਵਲਜੀਤ ਸਿੰਘ, ਸਹਾਇਕ ਕਮਿਸ਼ਨਰ ਪਵਨਪ੍ਰੀਤ ਸਿੰਘ, ਆਰਟੀਓ ਅਮਨਦੀਪ ਸਿੰਘ, ਐਸਪੀ ਨਵਨੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ 6 ਫਰਵਰੀ ਨੂੰ
