ਦਿੜ੍ਹਬਾ, 17 ਨਵੰਬਰ:- ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਤਹਿਤ ਨੈਸ਼ਨਲ ਸਟਾਈਲ ਕਬੱਡੀ ਦੇ ਸੂਬਾ ਪੱਧਰੀ ਮੁਕਾਬਲੇ ਅੱਜ ਦਿੜ੍ਹਬਾ ਵਿਖੇ ਸ਼ੁਰੂ ਹੋਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ ਨੇ ਸ਼ਹੀਦ ਬਚਨ ਸਿੰਘ ਸਟੇਡੀਅਮ ਦੇ ਅੰਦਰ ਕਰੀਬ 7.20 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਇੰਡੋਰ ਸਟੇਡੀਅਮ ਦੇ ਬਾਹਰ ਗੁਬਾਰੇ ਛੱਡ ਕੇ ਟੂਰਨਾਮੈਂਟ ਦਾ ਉਦਘਾਟਨ ਕੀਤਾ। ਇਸ ਇੰਡੋਰ ਸਟੇਡੀਅਮ ਵਿੱਚ ਪਹਿਲੀ ਵਾਰ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ ਵੱਖ-ਵੱਖ ਵਰਗਾਂ ਵਿੱਚ ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ। ਟੂਰਨਾਮੈਂਟ 23 ਨਵੰਬਰ ਨੂੰ ਸਮਾਪਤ ਹੋਵੇਗਾ।

ਉਦਘਾਟਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਕਬੱਡੀ ਦੇ ਪ੍ਰਮੁੱਖ ਕੇਂਦਰ ਵਜੋਂ ਜਾਣੇ ਜਾਂਦੇ ਦਿੜ੍ਹਬਾ ਨੂੰ ਇਸ ਵਾਰ ਵੀ ਸੂਬਾ ਪੱਧਰੀ ਮੁਕਾਬਲਿਆਂ ਦੀ ਮੇਜ਼ਬਾਨੀ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਇੰਡੋਰ ਸਟੇਡੀਅਮ ਓਲੰਪੀਅਨ ਅਤੇ ਪਦਮਸ੍ਰੀ ਪੁਰਸਕਾਰ ਨਾਲ ਸਨਮਾਨਿਤ ਮੁੱਕੇਬਾਜ਼ ਕੌਰ ਸਿੰਘ ਅਤੇ ਕੌਮਾਂਤਰੀ ਕਬੱਡੀ ਕੋਚ ਗੁਰਮੇਲ ਸਿੰਘ ਦੀ ਯਾਦ ਵਿੱਚ ਬਣਾਇਆ ਗਿਆ ਹੈ। ਸਟੇਡੀਅਮ ਵਿੱਚ ਇੱਕੋ ਸਮੇਂ 11 ਖੇਡਾਂ ਕਰਵਾਉਣ ਦੀ ਸਹੂਲਤ ਹੈ ਅਤੇ ਇੱਥੇ ਕੌਮਾਂਤਰੀ ਪੱਧਰ ਦੇ ਮੈਚ ਵੀ ਕਰਵਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਟੇਡੀਅਮ ਨਾਲ ਇਲਾਕੇ ਦੇ ਖਿਡਾਰੀਆਂ ਨੂੰ ਨਿਯਮਤ ਅਭਿਆਸ ਕਰਨ ਅਤੇ ਸੂਬਾਈ, ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰੀ ਕਰਨ ਦਾ ਮੌਕਾ ਮਿਲੇਗਾ।

ਸ੍ਰੀ ਸੋਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਵਿੱਚ ਖੇਡ ਸਹੂਲਤਾਂ ਵਿਕਸਤ ਕਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕਰੀਬ 6,000 ਸਟੇਡੀਅਮ ਉਸਾਰੇ ਗਏ ਹਨ ਅਤੇ ਪੰਜਾਬ ਦੇ ਤਕਰੀਬਨ ਹਰ ਤੀਜੇ ਪਿੰਡ ਵਿੱਚ ਸਟੇਡੀਅਮ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਮੈਦਾਨ ਤਿਆਰ ਕਰਨ ਦਾ ਮਕਸਦ ਨੌਜਵਾਨਾਂ ਨੂੰ ਆਪਣੇ ਪਿੰਡਾਂ ਵਿੱਚ ਹੀ ਅਭਿਆਸ ਦੀ ਸਹੂਲਤ ਦੇਣਾ, ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ।

ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਸ੍ਰੀ ਸੋਹੀ ਨੇ ਉਨ੍ਹਾਂ ਨੂੰ ਖੇਡ ਭਾਵਨਾ ਨਾਲ ਖੇਡਣ ਅਤੇ ਆਪਣੇ ਪ੍ਰਦਰਸ਼ਨ ਨਾਲ ਆਪਣੇ ਇਲਾਕੇ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਨਾਲ ਖੇਡਣ ਦਾ ਤਜਰਬਾ ਖਿਡਾਰੀਆਂ ਨੂੰ ਅਗਲੇ ਪੱਧਰ ਦੇ ਮੁਕਾਬਲਿਆਂ ਦੀ ਤਿਆਰੀ ਵਿੱਚ ਸਹਾਈ ਹੁੰਦਾ ਹੈ।

ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਸਮਾਗਮ ਵਿੱਚ ਪਹੁੰਚਣ ’ਤੇ ਤਪਿੰਦਰ ਸਿੰਘ ਸੋਹੀ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਸਬੰਧੀ ਜਾਰੀ ਹਦਾਇਤਾਂ ਅਤੇ ਸਰਕਾਰ ਦੇ ਖੇਡ ਉਪਰਾਲਿਆਂ ਬਾਰੇ ਜਾਣਕਾਰੀ ਘਰ-ਘਰ ਤੱਕ ਪਹੁੰਚਾਈ ਜਾਵੇਗੀ, ਤਾਂ ਜੋ ਵੱਧ ਤੋਂ ਵੱਧ ਬੱਚੇ ਅਤੇ ਨੌਜਵਾਨ ਖੇਡ ਗਤੀਵਿਧੀਆਂ ਵਿੱਚ ਹਿੱਸਾ ਲੈ ਸਕਣ।

ਇਸ ਮੌਕੇ ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ, ਸ਼ਹਿਰੀ ਪ੍ਰਧਾਨ ਧਰਮਪਾਲ ਗਰਗ, ਹਲਕਾ ਸਪੋਰਟਸ ਵੈਲਫੇਅਰ ਦੇ ਚੇਅਰਮੈਨ ਸਤਪਾਲ ਖਡਿਆਲ, ਬਲਾਕ ਸੰਮਤੀ ਦੀ ਚੇਅਰਪਰਸਨ ਮਨਜੀਤ ਕੌਰ ਅਤੇ ਵੱਡੀ ਗਿਣਤੀ ਵਿੱਚ ਖਿਡਾਰੀ ਅਤੇ ਸਥਾਨਕ ਲੋਕ ਹਾਜ਼ਰ ਸਨ।