ਗੜ੍ਹਸ਼ੰਕਰ:- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦਾ ਦੂਜਾ ਦਿਨ ਅਤਿ ਸ਼ਰਧਾ, ਧਾਰਮਿਕ ਮਾਣ ਅਤੇ ਅਧਿਆਤਮਿਕ ਮਾਹੌਲ ਵਿੱਚ ਰੰਗਿਆ ਗਿਆ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਮੈਮੋਰੀਅਲ, ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਸਾਹਿਬ ਜੀ ਦੇ ਪਾਵਨ ਪਾਠ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਚਰਨਾਂ ਵਿਚ ਹਾਜ਼ਰੀ ਲਗਾਈ ਅਤੇ ਸਾਰੀ ਮਾਨਵਤਾ ਦੀ ਭਲਾਈ, ਸੁੱਖ ਸਮਰਿਧੀ ਅਤੇ ਭਾਈਚਾਰੇ ਦੀ ਅਰਦਾਸ ਕੀਤੀ।
ਇਹ ਵਿਸ਼ਾਲ ਸਮਾਗਮ 6 ਫਰਵਰੀ ਤੱਕ ਜਾਰੀ ਰਹੇਗਾ, ਜਦੋਂ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਸਮਾਗਮ ਦੇ ਆਖ਼ਰੀ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਗੁਰੂ ਚਰਨਾਂ ਵਿੱਚ ਮੱਥਾ ਟੇਕਣਗੇ ਅਤੇ ਸੂਬੇ ਦੀ ਤਰੱਕੀ, ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕਰਨਗੇ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਡਾ. ਜਸਵੀਰ ਸਿੰਘ ਗੜ੍ਹੀ ਨੇ ਗੁਰੂ ਜੀ ਦੇ ਚਰਨਾਂ ਵਿੱਚ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਸੂਬੇ ਅਤੇ ਦੇਸ਼ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।
ਡਿਪਟੀ ਸਪੀਕਰ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੀਵਨ ਸਮਾਜ ਨੂੰ ਸਮਾਨਤਾ, ਭਾਈਚਾਰੇ ਅਤੇ ਸਮਾਜਿਕ ਨਿਆਂ ਦਾ ਮਾਰਗ ਦਰਸਾਉਂਦਾ ਹੈ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਜਾਤ-ਪਾਤ, ਭੇਦਭਾਵ ਅਤੇ ਊਚ-ਨੀਚ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਲ 2027 ਵਿੱਚ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਇਤਿਹਾਸਕ ਅਤੇ ਵਿਸ਼ਾਲ ਪੱਧਰ 'ਤੇ ਮਨਾਇਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ 4 ਫਰਵਰੀ ਤੋਂ ਸਾਲ ਭਰ ਚੱਲਣ ਵਾਲੇ ਜਸ਼ਨਾਂ ਦੀ ਇਕ ਲੜੀ ਸ਼ੁਰੂ ਕੀਤੀ ਹੈ। ਐਸ.ਸੀ. ਕਮਿਸ਼ਨ ਦੇ ਚੇਅਰਮੈਨ ਡਾ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੇ ਵਿਚਾਰਾਂ ਅਤੇ ਕਾਰਜਾਂ ਰਾਹੀਂ ਸਮਾਜ ਵਿੱਚ ਪ੍ਰਚੱਲਿਤ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਸਮਾਨਤਾ ਅਧਾਰਿਤ ਸਮਾਜ ਦੀ ਨੀਂਹ ਰੱਖੀ।
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਦੂਸਰੇ ਦਿਨ ਸ਼ਰਧਾ ਸੇਵਾ ਤੇ ਸਮਰਪਣ ਦਾ ਸ਼ਾਨਦਾਰ ਸੰਗਮ
