ਹੁਸ਼ਿਆਰਪੁਰ: ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਸੂਬੇ ਭਰ ਦੀਆਂ ਸੜਕਾਂ ਅਤੇ ਜਨਤਕ ਥਾਵਾਂ ’ਤੇ ਘੁੰਮ ਰਹੇ ਬੇਸਹਾਰਾ, ਅਵਾਰਾ ਅਤੇ ਲਾਵਾਰਸ ਗਊਧਨ ਨੂੰ ਜਲਦੀ ਹੀ ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਪਹੁੰਚਾਇਆ ਜਾਵੇਗਾ। ਇਸ ਉਪਰਾਲੇ ਦਾ ਮਕਸਦ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਨਾਲ-ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੇ ਜਾਨੀ ਨੁਕਸਾਨ ਨੂੰ ਰੋਕਣਾ ਹੈ।
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਮਤੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਬੇਸਹਾਰਾ ਅਤੇ ਲਾਵਾਰਸ ਗਊਧਨ ਦੀ ਗਊਸ਼ਾਲਾਵਾਂ ਵਿੱਚ ਸੁਚੱਜੀ ਸਾਂਭ-ਸੰਭਾਲ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਬੰਧਤ ਧਿਰਾਂ ਨਾਲ ਲਗਾਤਾਰ ਵਿਚਾਰ-ਵਟਾਂਦਰਾ ਕਰਕੇ ਇਸ ਪ੍ਰਕਿਰਿਆ ਦੀ ਸਮੀਖਿਆ ਕੀਤੀ ਜਾ ਰਹੀ ਹੈ।
ਉਪ ਚੇਅਰਮੈਨ ਨੇ ਨਗਰ ਨਿਗਮ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਨਿਗਮ ਦੀਆਂ ਟੀਮਾਂ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਨਿਯਮਿਤ ਤੌਰ ’ਤੇ ਰਾਊਂਡ ਲਗਾ ਕੇ ਅਵਾਰਾ ਗਊਧਨ ਨੂੰ ਫਲਾਹੀ ਜਾਂ ਹੋਰ ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਭੇਜਣਾ ਯਕੀਨੀ ਬਣਾਉਣ, ਤਾਂ ਜੋ ਇਨ੍ਹਾਂ ਬੇਜ਼ੁਬਾਨ ਪਸ਼ੂਆਂ ਦੀ ਸਹੀ ਦੇਖਭਾਲ ਹੋ ਸਕੇ।
ਕੀਮਤੀ ਭਗਤ ਨੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਨੂੰ ਵੀ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ੀ ਦੇ ਕੇਸ ਲੰਬਿਤ ਹਨ, ਉਨ੍ਹਾਂ ਨੂੰ ਤੁਰੰਤ ਤਿਆਰ ਕਰਕੇ ਕਮਿਸ਼ਨ ਨੂੰ ਭੇਜਿਆ ਜਾਵੇ ਤਾਂ ਜੋ ਇਹ ਪ੍ਰਕਿਰਿਆ ਜਲਦ ਪੂਰੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਟੀਮਾਂ ਗਊਸ਼ਾਲਾਵਾਂ ਵਿੱਚ ਨਿਯਮਿਤ ਦੌਰੇ ਕਰਕੇ ਗਊਧਨ ਦਾ ਟੀਕਾਕਰਨ ਅਤੇ ਜ਼ਖਮੀ ਪਸ਼ੂਆਂ ਦਾ ਢੁੱਕਵਾਂ ਇਲਾਜ ਯਕੀਨੀ ਬਣਾਉਣ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਰੱਖੇ ਗਊਧਨ ਲਈ ਚਾਰੇ ਅਤੇ ਹੋਰ ਜ਼ਰੂਰੀ ਖਰਚਿਆਂ ਵਾਸਤੇ ਦਿੱਤੀ ਜਾਣ ਵਾਲੀ ਰਾਸ਼ੀ ਵਧਾ ਦਿੱਤੀ ਗਈ ਹੈ। ਪਸ਼ੂ ਪਾਲਣ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੁਣ ਪ੍ਰਤੀ ਗਾਂ ਰੋਜ਼ਾਨਾ 61 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ, ਜਿਸ ਨਾਲ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਮਿਲੇਗੀ।
ਕੀਮਤੀ ਭਗਤ ਨੇ ਨਗਰ ਨਿਗਮ ਨੂੰ ਇਹ ਵੀ ਕਿਹਾ ਕਿ ਸ਼ਹਿਰ ਵਿੱਚ ਗਊਆਂ ਨੂੰ ਅਵਾਰਾ ਛੱਡਣ ਵਾਲੇ ਡੇਅਰੀ ਫਾਰਮਾਂ ਖਿਲਾਫ਼ ਮਿਊਂਸਪਲ ਐਕਟ ਤਹਿਤ ਜੁਰਮਾਨੇ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਵੀ ਹਦਾਇਤ ਕੀਤੀ ਕਿ ਗਊਧਨ ਦੀ ਕਿਸੇ ਵੀ ਤਰ੍ਹਾਂ ਦੀ ਸਮੱਗਲਿੰਗ ਨੂੰ ਰੋਕਿਆ ਜਾਵੇ ਅਤੇ ਅਜਿਹੇ ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ ਕਰਕੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲਾਵਾਰਸ ਅਤੇ ਬੇਸਹਾਰਾ ਗਊਧਨ ਦੀ ਸੁਚੱਜੀ ਸਾਂਭ-ਸੰਭਾਲ ਨਾਲ ਨਾ ਸਿਰਫ਼ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ, ਸਗੋਂ ਟਰੈਫਿਕ ਸਮੱਸਿਆ ਤੋਂ ਨਿਜਾਤ ਮਿਲੇਗੀ ਅਤੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਹੋਣ ਵਾਲੇ ਨੁਕਸਾਨ ਨੂੰ ਵੀ ਰੋਕਿਆ ਜਾ ਸਕੇਗਾ।