ਨਵਾਂਸ਼ਹਿਰ, 10 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਮਾਣਯੋਗ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਮੰਗਲਵਾਰ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ, ਨਵਾਂਸ਼ਹਿਰ ਦੇ ਕੰਮਕਾਜ, ਇਲਾਜ ਪ੍ਰਬੰਧਾਂ ਅਤੇ ਨਸ਼ਾ ਰੋਗੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਾਰੇ ਸਿਹਤ ਅਧਿਕਾਰੀਆਂ ਅਤੇ ਸਮੁੱਚੇ ਸਟਾਫ਼ ਨੂੰ ਮਰੀਜ਼ਾਂ ਲਈ ਮਿਆਰੀ, ਸੁਰੱਖਿਅਤ ਅਤੇ ਬਿਹਤਰ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਦੌਰਾਨ ਡਾ. ਗੀਤਾਂਜਲੀ ਸਿੰਘ ਨੇ ਕੇਂਦਰ ਵਿੱਚ ਇਲਾਜ ਅਧੀਨ ਨਸ਼ਾ ਰੋਗੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦ੍ਰਿੜ੍ਹ ਇਰਾਦੇ, ਨਿਯਮਤ ਇਲਾਜ ਅਤੇ ਪਰਿਵਾਰ ਦੇ ਸਹਿਯੋਗ ਨਾਲ ਨਸ਼ੇ ਤੋਂ ਛੁਟਕਾਰਾ ਪਾ ਕੇ ਸਿਹਤਮੰਦ ਜੀਵਨ ਵੱਲ ਪਰਤਿਆ ਜਾ ਸਕਦਾ ਹੈ। ਉਨ੍ਹਾਂ ਮਰੀਜ਼ਾਂ ਨੂੰ ਆਪਣਾ ਇਲਾਜ ਪੂਰਾ ਕਰਨ ਅਤੇ ਕਾਊਂਸਲਿੰਗ ਸੈਸ਼ਨਾਂ ਵਿੱਚ ਨਿਯਮਤ ਤੌਰ ’ਤੇ ਹਿੱਸਾ ਲੈਣ ਲਈ ਵੀ ਕਿਹਾ।

ਸਿਵਲ ਸਰਜਨ ਨੇ ਕੇਂਦਰ ਦੇ ਸਫ਼ਾਈ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਵਾਰਡਾਂ, ਪਖਾਨਿਆਂ ਅਤੇ ਕੇਂਦਰ ਦੇ ਆਲੇ-ਦੁਆਲੇ ਦੀ ਸਫ਼ਾਈ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਸਫ਼ਾਈ ਵਿਵਸਥਾ ਨੂੰ ਹਰ ਸਮੇਂ ਬਿਹਤਰ ਬਣਾਈ ਰੱਖਿਆ ਜਾਵੇ, ਤਾਂ ਜੋ ਮਰੀਜ਼ਾਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਮਿਲ ਸਕੇ ਅਤੇ ਇਨਫੈਕਸ਼ਨ ਦਾ ਖ਼ਤਰਾ ਨਾ ਰਹੇ।

ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਨਸ਼ੇ ਦੀ ਲਤ ਇੱਕ ਇਲਾਜਯੋਗ ਸਿਹਤ ਸਮੱਸਿਆ ਹੈ। ਨਸ਼ਾ ਰੋਗੀਆਂ ਨੂੰ ਇਸ ਨਿਰਭਰਤਾ ਤੋਂ ਬਾਹਰ ਕੱਢਣ ਲਈ ਦਵਾਈ ਦੇ ਨਾਲ-ਨਾਲ ਮਨੋਵਿਗਿਆਨਕ ਕਾਊਂਸਲਿੰਗ, ਪਰਿਵਾਰਕ ਸਹਿਯੋਗ ਅਤੇ ਨਿਯਮਤ ਫਾਲੋਅੱਪ ਵੀ ਬੇਹੱਦ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਹਰੇਕ ਮਰੀਜ਼ ਨਾਲ ਹਮਦਰਦੀ, ਸਨਮਾਨ ਅਤੇ ਗੁਪਤਤਾ ਨਾਲ ਪੇਸ਼ ਆਉਂਦਿਆਂ ਉਸ ਦੀ ਸਿਹਤ ਸਥਿਤੀ ਅਨੁਸਾਰ ਇਲਾਜ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਕਿ ਨਸ਼ਾ ਰੋਗੀਆਂ ਦੇ ਇਲਾਜ ਲਈ ਸਿਹਤ ਵਿਭਾਗ ਵੱਲੋਂ ਨਿਰਧਾਰਿਤ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ (ਐੱਸ.ਓ.ਪੀ.) ਅਤੇ ਇਲਾਜ ਪ੍ਰੋਟੋਕੋਲ ਦੀ ਸੁਹਿਰਦਤਾ ਨਾਲ ਪਾਲਣਾ ਕੀਤੀ ਜਾਵੇ। ਮਰੀਜ਼ਾਂ ਨੂੰ ਨਿਰਧਾਰਿਤ ਪ੍ਰੋਟੋਕੋਲ ਅਨੁਸਾਰ ਹੀ ਦਵਾਈ ਦਿੱਤੀ ਜਾਵੇ ਅਤੇ ਦਵਾਈ ਦੀ ਖੁਰਾਕ ਵਿੱਚ ਕੋਈ ਵੀ ਤਬਦੀਲੀ ਮਾਹਰ ਡਾਕਟਰ ਦੀ ਸਲਾਹ ਅਤੇ ਮਰੀਜ਼ ਦੀ ਸਿਹਤ ਸਥਿਤੀ ਦੇ ਮੁਲਾਂਕਣ ਤੋਂ ਬਾਅਦ ਹੀ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਇਲਾਜ ਦਾ ਮੁੱਖ ਉਦੇਸ਼ ਮਰੀਜ਼ ਨੂੰ ਨਸ਼ੇ ਦੀ ਨਿਰਭਰਤਾ ਤੋਂ ਬਾਹਰ ਕੱਢ ਕੇ ਸਿਹਤਮੰਦ ਅਤੇ ਸਨਮਾਨਜਨਕ ਜੀਵਨ ਜਿਊਣ ਦੇ ਯੋਗ ਬਣਾਉਣਾ ਹੈ। ਇਸ ਲਈ ਮਰੀਜ਼ਾਂ ਵੱਲੋਂ ਇਲਾਜ ਦੀ ਪਾਲਣਾ, ਮਾਨਸਿਕ ਸਿਹਤ ਅਤੇ ਸਮਾਜਿਕ ਸਥਿਤੀ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ।

ਡਾ. ਗੀਤਾਂਜਲੀ ਸਿੰਘ ਨੇ ਸਟਾਫ਼ ਨੂੰ ਹਦਾਇਤ ਕੀਤੀ ਕਿ ਹਰੇਕ ਮਰੀਜ਼ ਦਾ ਇਲਾਜ ਸਬੰਧੀ ਰਿਕਾਰਡ ਸੁਚੱਜੇ ਢੰਗ ਨਾਲ ਸੰਭਾਲਿਆ ਜਾਵੇ ਅਤੇ ਇਲਾਜ ਦੌਰਾਨ ਤੇ ਬਾਅਦ ਵਿੱਚ ਨਿਯਮਤ ਫਾਲੋਅੱਪ ਕੀਤਾ ਜਾਵੇ, ਤਾਂ ਜੋ ਮੁੜ ਨਸ਼ੇ ਵੱਲ ਪਰਤਣ ਦੀ ਸੰਭਾਵਨਾ ਨੂੰ ਘਟਾਇਆ ਜਾ ਸਕੇ।

ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀਆਂ ਨੂੰ ਤਿਰਸਕਾਰ ਦੀ ਬਜਾਏ ਹਮਦਰਦੀ, ਸਹਿਯੋਗ ਅਤੇ ਇਲਾਜ ਦੀ ਲੋੜ ਹੁੰਦੀ ਹੈ। ਅਜਿਹੇ ਵਿਅਕਤੀਆਂ ਨੂੰ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਜਾਂ ਨਸ਼ਾ ਮੁਕਤੀ ਕੇਂਦਰ ਵਿੱਚ ਲਿਜਾ ਕੇ ਯੋਗ ਡਾਕਟਰੀ ਸਹਾਇਤਾ ਦਿਵਾਈ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਨਸ਼ਾ ਰੋਗੀਆਂ ਨੂੰ ਇਲਾਜ ਅਤੇ ਕਾਊਂਸਲਿੰਗ ਸਬੰਧੀ ਹਰ ਸੰਭਵ ਸਹਿਯੋਗ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਮੈਡੀਕਲ ਅਫ਼ਸਰ ਡਾ. ਰਮਨਦੀਪ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।