ਜਲੰਧਰ (ਦਲਜੀਤ ਅਜਨੋਹਾ):- ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੁਜ਼ਗਾਰ ਦੇ ਮੌਕਿਆਂ ਬਾਰੇ ਕੀਤੇ ਜਾ ਰਹੇ ਦਾਅਵਿਆਂ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ।

ਸ਼ੁੱਕਰਵਾਰ ਨੂੰ ਜਲੰਧਰ ਵਿਖੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਝੂਠਾ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਦੀ ਸਰਕਾਰ ਵੱਲੋਂ 70,000 ਸਰਕਾਰੀ ਨੌਕਰੀਆਂ ਦੇਣ ਕਾਰਨ ਪੰਜਾਬ ਦੇ ਨੌਜਵਾਨਾਂ ਦਾ ਵਿਦੇਸ਼ ਜਾਣਾ ਰੁਕ ਗਿਆ ਹੈ। ਸਾਂਪਲਾ ਨੇ ਕਿਹਾ ਕਿ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਜ਼ਮੀਨੀ ਹਕੀਕਤ ਸਮਝਣੀ ਚਾਹੀਦੀ ਹੈ। ਪੰਜਾਬ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਬਿਹਤਰ ਭਵਿੱਖ ਦੀ ਭਾਲ ਵਿੱਚ ਕੈਨੇਡਾ, ਆਸਟ੍ਰੇਲੀਆ ਅਤੇ ਯੂਕੇ ਵਰਗੇ ਦੇਸ਼ਾਂ ਵਿੱਚ ਜਾਂਦੇ ਰਹੇ ਹਨ। ਪਰ ਹੁਣ ਇਨ੍ਹਾਂ ਦੇਸ਼ਾਂ ਨੇ ਸਖ਼ਤ ਇਮੀਗ੍ਰੇਸ਼ਨ ਨੀਤੀਆਂ ਲਾਗੂ ਕਰ ਦਿੱਤੀਆਂ ਹਨ, ਜਿਸ ਕਾਰਨ ਨੌਜਵਾਨ ਵਿਦੇਸ਼ ਜਾਣ ਤੋਂ ਕਤਰਾਉਣ ਲੱਗੇ ਹਨ। ਉਨ੍ਹਾਂ ਕਿਹਾ ਕਿ ਇਹ ਬਦਲਾਅ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਕਾਰਨ ਨਹੀਂ ਆਇਆ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਕਾਸ ਦੀ ਤਸਵੀਰ ਨੂੰ ਵਧਾ-ਚੜ੍ਹਾ ਕੇ ਪੇਸ਼ ਕਰਨ ਦੀ ਬਜਾਏ ਮੁੱਖ ਮੰਤਰੀ ਨੂੰ ਸਭ ਤੋਂ ਪਹਿਲਾਂ ਸੂਬੇ ਵਿੱਚ ਵਿਗੜ ਰਹੀ ਰੁਜ਼ਗਾਰ ਦੀ ਸਥਿਤੀ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਹਾਲੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਸੀਨੀਅਰ ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਦੇ ਅੰਕੜੇ ਗੰਭੀਰ ਤਸਵੀਰ ਪੇਸ਼ ਕਰਦੇ ਹਨ। ਅਪ੍ਰੈਲ ਤੋਂ ਜੂਨ 2026 ਤੱਕ ਕੀਤੇ ਗਏ ਪੀਰੀਓਡਿਕ ਲੇਬਰ ਫੋਰਸ ਸਰਵੇਖਣ ਅਨੁਸਾਰ ਪੰਜਾਬ ਵਿੱਚ 15-29 ਸਾਲ ਉਮਰ ਵਰਗ ਦੇ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 22.3 ਫ਼ੀਸਦੀ ਹੈ, ਜੋ ਕੌਮੀ ਔਸਤ 15.9 ਫ਼ੀਸਦੀ ਤੋਂ ਕਾਫ਼ੀ ਵੱਧ ਹੈ। ਇੱਕ ਹੋਰ ਰਿਪੋਰਟ ਅਨੁਸਾਰ ਪੰਜਾਬ ਵਿੱਚ 15-29 ਸਾਲ ਉਮਰ ਵਰਗ ਦੇ 27.7 ਫ਼ੀਸਦੀ ਅਜਿਹੇ ਨੌਜਵਾਨ ਹਨ, ਜਿਨ੍ਹਾਂ ਕੋਲ ਨਾ ਤਾਂ ਕੋਈ ਰੁਜ਼ਗਾਰ ਹੈ ਅਤੇ ਨਾ ਹੀ ਉਹ ਸਿੱਖਿਆ ਜਾਂ ਕੋਈ ਸਿਖਲਾਈ ਹਾਸਲ ਕਰ ਰਹੇ ਹਨ।

ਸਾਂਪਲਾ ਨੇ ਕਿਹਾ ਕਿ ਇਸ਼ਤਿਹਾਰਾਂ ਅਤੇ ਸਿਆਸੀ ਪ੍ਰੋਗਰਾਮਾਂ ਰਾਹੀਂ ਅੰਕੜਿਆਂ ਦਾ ਪ੍ਰਚਾਰ ਕਰਨ ਦੀ ਬਜਾਏ ਮਾਨ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਪੰਜਾਬ ਦੇ ਨੌਜਵਾਨ ਅੱਜ ਵੀ ਨੌਕਰੀਆਂ ਲੱਭਣ ਲਈ ਸੰਘਰਸ਼ ਕਿਉਂ ਕਰ ਰਹੇ ਹਨ। 70,000 ਸਰਕਾਰੀ ਨੌਕਰੀਆਂ ਦੇ ਐਲਾਨ ਬੇਰੁਜ਼ਗਾਰੀ, ਸੀਮਤ ਮੌਕਿਆਂ ਅਤੇ ਨੌਜਵਾਨਾਂ ਵਿੱਚ ਵਧਦੀ ਨਿਰਾਸ਼ਾ ਦੇ ਵੱਡੇ ਸੰਕਟ ਨੂੰ ਨਹੀਂ ਛੁਪਾ ਸਕਦੇ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਨੌਜਵਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਲਗਾਤਾਰ ਉਠਾਉਂਦੀ ਰਹੇਗੀ।