ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਕਿਹਾ ਕਿ 20 ਨਵੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਦਾ ਉਨ੍ਹਾਂ ਦੀ ਪਾਰਟੀ ਵੱਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵਿਚਾਰ ਸ਼੍ਰੋਮਣੀ ਕਮੇਟੀ ਦੀ ਹੋਣ ਵਾਲੀ ਇਸ ਚੋਣ ਦਾ ਸਖ਼ਤ ਨੋਟਿਸ ਲੈਂਦਿਆਂ ਪ੍ਰਗਟ ਕੀਤੇ।
ਸਿੰਗੜੀਵਾਲਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪਿਛਲੀਆਂ ਚੋਣਾਂ 2011 ਵਿੱਚ ਹੋਈਆਂ ਸਨ ਅਤੇ ਚੁਣੇ ਹੋਏ ਹਾਊਸ ਦੀ ਮਿਆਦ 2015 ਵਿੱਚ ਖ਼ਤਮ ਹੋ ਗਈ ਸੀ। ਪਰ ਇਸ ਤੋਂ ਬਾਅਦ ਅਕਾਲੀ ਦਲ ਬਾਦਲ ਦੇ ਆਗੂਆਂ ਨੇ ਕੇਂਦਰ ਦੀਆਂ ਹਿੰਦੂਤਵੀ ਤਾਕਤਾਂ ਨਾਲ ਮਿਲ ਕੇ ਮਸੰਦਪੁਣੇ ਦੀ ਸੋਚ ਅਧੀਨ ਸਿੱਖ ਭਾਵਨਾਵਾਂ ਨੂੰ ਕੁਚਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ’ਤੇ ਜਬਰੀ ਕਬਜ਼ਾ ਕੀਤਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ 15 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾ ਕਰਵਾ ਕੇ ਸਿੱਖ ਕੌਮ ਦੀ ਜਮਹੂਰੀਅਤ ਨੂੰ ਭੰਗ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਸਾਲ ਅੰਤਰਰਾਸ਼ਟਰੀ ਜਮਹੂਰੀਅਤ ਦਿਹਾੜੇ ’ਤੇ ਅੰਮ੍ਰਿਤਸਰ ਵਿਖੇ ਵੱਡਾ ਇਕੱਠ ਕਰਕੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਂਦਾ ਹੈ।
ਸਿੰਗੜੀਵਾਲਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ।
