ਬਟਾਲਾ, 19 ਨਵੰਬਰ:- ਮਾਣਯੋਗ ਰਵੇਲ ਸਿੰਘ, ਜ਼ਿਲ੍ਹਾ ਕਮਾਂਡਰ ਪੰਜਾਬ ਹੋਮ ਗਾਰਡਜ਼-ਕਮ-ਵਧੀਕ ਕੰਟਰੋਲਰ ਸਿਵਲ ਡਿਫੈਂਸ ਗੁਰਦਾਸਪੁਰ ਅਤੇ ਸਟੋਰ ਸੁਪਰਡੈਂਟ ਸਿਵਲ ਡਿਫੈਂਸ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਰਡਨ ਸਰਵਿਸ ਪੋਸਟ ਨੰਬਰ 8 ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੀਏ ਕੇ ਬਾਂਗਰ ਅਤੇ ਸਿੰਘਪੁਰਾ ਵਿਖੇ ਨਾਗਰਿਕ ਸੁਰੱਖਿਆ ਵਿਸ਼ੇ 'ਤੇ ਸੈਮੀਨਾਰ ਲਗਾਏ ਗਏ।
ਇਨ੍ਹਾਂ ਸੈਮੀਨਾਰਾਂ ਦਾ ਆਯੋਜਨ ਪ੍ਰਿੰਸੀਪਲ ਸੁਰਿੰਦਰ ਸਿੰਘ ਅਤੇ ਇੰਚਾਰਜ ਅੰਜੂ ਪਵਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤਾ ਗਿਆ। ਇਸ ਮੌਕੇ ਵੋਕੇਸ਼ਨਲ ਟ੍ਰੇਨਰ ਪਰਮਜੀਤ ਸਿੰਘ ਅਤੇ ਮੀਨਾਕਸ਼ੀ ਸਮੇਤ ਐਨ.ਐਸ.ਕਿਊ.ਐਫ. ਦੇ 200 ਵਿਦਿਆਰਥੀਆਂ ਨੇ ਭਾਗ ਲਿਆ। ਇਸ ਤੋਂ ਇਲਾਵਾ ਪੋਸਟ ਵਾਰਡਨ ਹਰਬਖਸ਼ ਸਿੰਘ ਅਤੇ ਮਨਿੰਦਰ ਕੌਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।
ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸਿਵਲ ਡਿਫੈਂਸ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਮਾਜ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਅਫਵਾਹਾਂ ਨੂੰ ਰੋਕਣਾ ਬਹੁਤ ਜ਼ਰੂਰੀ ਹੈ। ਇਸ ਦੇ ਨਾਲ ਹੀ ਸਾਈਬਰ ਹਾਈਜੀਨ (Cyber Hygiene) ਦੀ ਮਹੱਤਤਾ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਨੈੱਟਵਰਕ ਅਤੇ ਨਿੱਜੀ ਡਾਟਾ ਨੂੰ ਸੁਰੱਖਿਅਤ ਰੱਖਣ ਲਈ ਰੋਜ਼ਾਨਾ ਕਿਹੜੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।
ਉਨ੍ਹਾਂ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਦੁਸ਼ਮਣ ਦੇਸ਼ ਜਾਂ ਹੈਕਰ ਸਿੱਧੇ ਫੌਜੀ ਹਮਲੇ ਦੀ ਬਜਾਏ ਸਾਈਬਰ ਹਮਲਿਆਂ, ਜਾਸੂਸੀ ਅਤੇ ਝੂਠੀਆਂ ਖ਼ਬਰਾਂ ਰਾਹੀਂ ਦੇਸ਼ ਦੇ ਬੁਨਿਆਦੀ ਢਾਂਚੇ ਅਤੇ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਹਾਲਾਤ ਵਿੱਚ ਸਾਈਬਰ ਸੁਰੱਖਿਆ ਸਾਡੀ ਪਹਿਲੀ ਰੱਖਿਆ ਕਵਚ ਹੈ।
ਇਸ ਮੌਕੇ ਸੋਸ਼ਲ ਮੀਡੀਆ 'ਤੇ ਦੇਸ਼ ਵਿਰੋਧੀ ਖ਼ਬਰਾਂ ਅਤੇ ਝੂਠੀਆਂ ਅਫਵਾਹਾਂ ਫੈਲਾ ਕੇ ਸਮਾਜ ਵਿੱਚ ਡਰ ਅਤੇ ਅਵਿਸ਼ਵਾਸ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਸੋਸ਼ਲ ਮੀਡੀਆ 'ਤੇ ਆਉਣ ਵਾਲੀ ਕਿਸੇ ਵੀ ਸਨਸਨੀਖੇਜ਼ ਖ਼ਬਰ ਨੂੰ ਅੱਗੇ ਭੇਜਣ ਤੋਂ ਪਹਿਲਾਂ ਉਸ ਦੀ ਸੱਚਾਈ ਭਰੋਸੇਯੋਗ ਸਰੋਤਾਂ ਤੋਂ ਜ਼ਰੂਰ ਜਾਂਚਣ।
ਇਸ ਤੋਂ ਇਲਾਵਾ ਮਾਨਸਿਕ ਅਤੇ ਸਰੀਰਕ ਸਿਹਤ, ਨਾਗਰਿਕਾਂ ਦੀਆਂ ਜ਼ਿੰਮੇਵਾਰੀਆਂ, ਐਮਰਜੈਂਸੀ ਸਹਾਇਤਾ ਨੰਬਰ 112 ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਸਬੰਧੀ ਵੀ ਵਿਦਿਆਰਥੀਆਂ ਨੂੰ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।
ਅੰਤ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ, ਜ਼ਿੰਮੇਵਾਰ ਅਤੇ ਸੁਰੱਖਿਅਤ ਨਾਗਰਿਕ ਬਣਨ ਦੇ ਨਾਲ-ਨਾਲ ਦੇਸ਼ ਅਤੇ ਸਮਾਜ ਦੀ ਸੁਰੱਖਿਆ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ।
