ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸ੍ਰੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਮਾਰਟ ਸਕੂਲ ਮਡਿਆਲਾ ਵਿੱਚ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਅਤੇ ਸਮਾਜਿਕ ਬੁਰਾਈਆਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਏ.ਐੱਸ.ਆਈ. ਮਨੋਹਰ ਚੰਦ, ਰੋਡ ਸੇਫਟੀ ਕਮੇਟੀ ਪੰਜਾਬ ਦੇ ਮੈਂਬਰ ਸ੍ਰੀ ਵਿਜੇ ਅਰੋੜਾ, ਸਰਪੰਚ ਸ੍ਰੀ ਸੁਖਵੰਤ ਸਿੰਘ, ਮੁੱਖ ਅਧਿਆਪਿਕਾ ਸ੍ਰੀਮਤੀ ਬੰਦਨਾ ਸੈਣੀ ਅਤੇ ਸਕੂਲ ਸਟਾਫ਼ ਹਾਜ਼ਰ ਸੀ।
ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, 18 ਸਾਲ ਤੋਂ ਘੱਟ ਉਮਰ ਵਿੱਚ ਗੀਅਰ ਵਾਲਾ ਵਾਹਨ ਨਾ ਚਲਾਉਣ, ਸੜਕ ਹਾਦਸਿਆਂ ਵਿੱਚ ਜ਼ਖ਼ਮੀਆਂ ਦੀ ਮਦਦ ਕਰਨ ਅਤੇ ਫ਼ਰਿਸ਼ਤੇ ਯੋਜਨਾ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸਾਈਬਰ ਠੱਗੀ ਤੋਂ ਬਚਾਅ, ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਤਸਕਰੀ ਦੀ ਸੂਚਨਾ ਪੁਲਿਸ ਨੂੰ ਦੇਣ ਲਈ ਵੀ ਜਾਗਰੂਕ ਕੀਤਾ ਗਿਆ। ਵਿਦਿਆਰਥਣਾਂ ਨੂੰ ਗੁੱਡ ਟੱਚ ਅਤੇ ਬੈਡ ਟੱਚ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਸ੍ਰੀ ਵਿਜੇ ਅਰੋੜਾ ਨੇ ਕਿਹਾ ਕਿ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਟ੍ਰੈਫਿਕ ਨਿਯਮਾਂ ਦੀ ਮਹੱਤਤਾ ਸਮਝਾਉਣਾ ਬੇਹੱਦ ਜ਼ਰੂਰੀ ਹੈ। ਹਰੇਕ ਵਿਦਿਆਰਥੀ ਖੁਦ ਨਿਯਮਾਂ ਦੀ ਪਾਲਣਾ ਕਰੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਨੂੰ ਵੀ ਇਸ ਲਈ ਪ੍ਰੇਰਿਤ ਕਰੇ।
ਸਰਪੰਚ ਸ੍ਰੀ ਸੁਖਵੰਤ ਸਿੰਘ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਸੈਮੀਨਾਰ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਅਤੇ ਚੰਗੇ ਨਾਗਰਿਕ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਗਲਤ ਸੰਗਤ ਤੋਂ ਦੂਰ ਰਹਿਣ ਦੀ ਅਪੀਲ ਕੀਤੀ।
