ਨਵਾਂਸ਼ਹਿਰ (ਦੇਸ ਰਾਜ ਬਾਲੀ):- ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਨਵਾਂਸ਼ਹਿਰ ਵੱਲੋਂ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਪੱਲੀ ਝਿੱਕੀ (ਨਵਾਂਸ਼ਹਿਰ) ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਅਤੇ ਤੰਬਾਕੂ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੀ ਪ੍ਰਧਾਨਗੀ ਸ੍ਰੀ ਸਤਵੀਰ ਸਿੰਘ (ਪ੍ਰਿੰਸੀਪਲ) ਨੇ ਕੀਤੀ।
ਇਸ ਮੌਕੇ ਸ. ਚਮਨ ਸਿੰਘ, ਪ੍ਰੋਜੈਕਟ ਡਾਇਰੈਕਟਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਛੋਟੀ ਉਮਰ ਵਿੱਚ ਹੀ ਕੁਝ ਵਿਦਿਆਰਥੀ ਕੂਲ ਲਿਪ, ਸਿਗਰਟ, ਬੀੜੀ ਅਤੇ ਸਟਿੰਗ ਵਰਗੇ ਐਨਰਜੀ ਡਰਿੰਕ ਤੋਂ ਸ਼ੁਰੂਆਤ ਕਰਦੇ ਹੋਏ ਅੱਗੇ ਚੱਲ ਕੇ ਹੈਰੋਇਨ ਵਰਗੇ ਨਸ਼ਿਆਂ ਦੀ ਦਲਦਲ ਵਿੱਚ ਫਸ ਜਾਂਦੇ ਹਨ, ਜੋ ਭਵਿੱਖ ਵਿੱਚ ਭਿਆਨਕ ਬਿਮਾਰੀਆਂ ਦਾ ਕਾਰਨ ਬਣ ਸਕਦੇ ਹਨ।
ਉਨ੍ਹਾਂ ਨੇ ਦੇਸ਼ ਵਿੱਚ ਚੱਲ ਰਹੇ ਨਸ਼ਾ ਮੁਕਤ ਭਾਰਤ ਅਭਿਆਨ ਅਤੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਹਿੰਮਾਂ ਤਹਿਤ ਲੱਖਾਂ-ਕਰੋੜਾਂ ਨੌਜਵਾਨਾਂ ਦਾ ਇਲਾਜ ਹੋ ਰਿਹਾ ਹੈ ਅਤੇ ਉਹ ਨਸ਼ਿਆਂ ਤੋਂ ਛੁਟਕਾਰਾ ਪਾ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਕਦੇ ਵੀ ਤੰਬਾਕੂ ਜਾਂ ਕਿਸੇ ਨਸ਼ੀਲੇ ਪਦਾਰਥ ਦੀ ਵਰਤੋਂ ਨਾ ਕਰਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਮਿੱਤਰ ਬਣਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਾਰੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ।
ਇਸ ਮੌਕੇ ਸ੍ਰੀਮਤੀ ਕਮਲਜੀਤ ਕੌਰ, ਕੌਂਸਲਰ ਨੇ ਕੇਂਦਰ ਦੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਜੇਕਰ ਕੋਈ ਵੀ ਨਸ਼ੇ ਦਾ ਆਦੀ ਵਿਅਕਤੀ ਆਪਣਾ ਇਲਾਜ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਇੱਕ ਮਹੀਨੇ ਲਈ ਕੇਂਦਰ ਵਿੱਚ ਦਾਖਲ ਹੋ ਕੇ ਮੁਫ਼ਤ ਇਲਾਜ ਕਰਵਾ ਸਕਦਾ ਹੈ।
ਸ੍ਰੀ ਸਤਵੀਰ ਸਿੰਘ (ਪ੍ਰਿੰਸੀਪਲ) ਨੇ ਵੀ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਰੈੱਡ ਕਰਾਸ ਟੀਮ ਦਾ ਸਕੂਲ ਪਹੁੰਚਣ ’ਤੇ ਧੰਨਵਾਦ ਕੀਤਾ। ਲਖਵਿੰਦਰ ਸਿੰਘ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਈ।
ਇਸ ਮੌਕੇ ਪ੍ਰਵੇਸ਼ ਕੁਮਾਰ, ਸਕੂਲ ਸਟਾਫ ਮੈਂਬਰ ਹਰਜੀਤ ਸਿੰਘ, ਜਸਪਾਲ ਸਿੰਘ, ਪ੍ਰਦੀਪ ਕੁਮਾਰ, ਸਤਵਿੰਦਰ ਕੌਰ, ਚਰਨਜੀਤ ਕੌਰ, ਸੁਸ਼ਮਾ ਲਤਾ, ਮਨਜੀਤ ਕੌਰ, ਅਮਰਜੀਤ ਕੌਰ, ਸੁਖਦੀਪ ਕੌਰ, ਕਮਲ ਕੌਰ, ਪਰਮਿੰਦਰ ਕੁਮਾਰ ਅਤੇ ਵਿਦਿਆਰਥੀ ਹਾਜ਼ਰ ਸਨ।
