ਚੰਡੀਗੜ੍ਹ, 13 ਅਕਤੂਬਰ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖ਼ਰੀਫ਼ ਖ਼ਰੀਦ ਸੀਜ਼ਨ-2026 ਦੌਰਾਨ ਕਿਸਾਨਾਂ ਦੀ ਫ਼ਸਲ ਰੱਖਣ ਲਈ ਮੰਡੀਆਂ ਤੋਂ ਇਲਾਵਾ ਹੋਰ ਢੁਕਵੇਂ ਖੁੱਲ੍ਹੇ ਸਥਾਨ ਵੀ ਚਿੰਨ੍ਹਿਤ ਕੀਤੇ ਜਾਣ। ਇਨ੍ਹਾਂ ਸਥਾਨਾਂ 'ਤੇ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਫ਼ਸਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਫੈਂਸਿੰਗ ਸਮੇਤ ਹੋਰ ਜ਼ਰੂਰੀ ਵਿਵਸਥਾਵਾਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਮੀਂਹ ਕਾਰਨ ਕਿਸਾਨਾਂ ਦੀ ਫ਼ਸਲ ਨੂੰ ਕਿਸੇ ਕਿਸਮ ਦਾ ਨੁਕਸਾਨ ਨਾ ਹੋਵੇ ਅਤੇ ਮੰਡੀਆਂ ਵਿੱਚ ਫ਼ਸਲ ਦੀ ਚੁਕਾਈ ਵਿੱਚ ਵੀ ਕੋਈ ਰੁਕਾਵਟ ਨਾ ਆਵੇ। ਅਧਿਕਾਰੀ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਸਾਰੇ ਲੋੜੀਂਦੇ ਪ੍ਰਬੰਧ ਸਮਾਂ ਰਹਿੰਦਿਆਂ ਪੂਰੇ ਕਰਨ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਹ ਨਿਰਦੇਸ਼ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਖ਼ਾਦ, ਨਾਗਰਿਕ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਕਿਸਾਨਾਂ ਦੀ ਸਹੂਲਤ ਅਤੇ ਉਨ੍ਹਾਂ ਦੀ ਮਿਹਨਤ ਨਾਲ ਤਿਆਰ ਫ਼ਸਲ ਦੀ ਸੁਰੱਖਿਆ ਲਈ ਵਚਨਬੱਧ ਹੈ। ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਫ਼ਸਲ ਉਤਾਰਨ ਅਤੇ ਰੱਖਣ ਲਈ ਲੋੜੀਂਦਾ ਸਥਾਨ ਉਪਲੱਬਧ ਕਰਵਾਇਆ ਜਾਵੇ, ਤਾਂ ਜੋ ਮੰਡੀਆਂ ਵਿੱਚ ਵਿਵਸਥਾ ਬਣੀ ਰਹੇ ਅਤੇ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।

ਮੀਟਿੰਗ ਵਿੱਚ ਖ਼ਾਦ, ਨਾਗਰਿਕ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ, ਵਿਭਾਗ ਦੀ ਪ੍ਰਧਾਨ ਸਕੱਤਰ ਸ਼੍ਰੀਮਤੀ ਅਮਨੀਤ ਪੀ. ਕੁਮਾਰ, ਵਿਭਾਗ ਦੇ ਡਾਇਰੈਕਟਰ ਅਤੇ ਸਕੱਤਰ ਸ੍ਰੀ ਅੰਸ਼ਜ ਸਿੰਘ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਡਾ. ਯਸ਼ਪਾਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।


ਕਿਸਾਨਾਂ ਦੀ ਸਹੂਲਤ ਅਤੇ ਫ਼ਸਲ ਦੀ ਸੁਰੱਖਿਆ ਸਰਕਾਰ ਦੀ ਤਰਜੀਹ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਤੋਂ ਇਲਾਵਾ ਹੋਰ ਥਾਵਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇ ਅਤੇ ਖੁੱਲ੍ਹੇ ਸਥਾਨਾਂ 'ਤੇ ਫ਼ਸਲ ਦੇ ਸੁਰੱਖਿਅਤ ਰੱਖ-ਰਖਾਅ ਲਈ ਉਚਿਤ ਪ੍ਰਬੰਧ ਕੀਤੇ ਜਾਣ। ਖ਼ਾਸ ਤੌਰ 'ਤੇ ਮੀਂਹ ਦੀ ਸੰਭਾਵਨਾ ਨੂੰ ਦੇਖਦਿਆਂ ਫ਼ਸਲ ਨੂੰ ਭਿੱਜਣ ਤੋਂ ਬਚਾਉਣ ਅਤੇ ਸਮੇਂ ਸਿਰ ਚੁਕਾਈ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਵਿਵਸਥਾ ਕੀਤੀ ਜਾਵੇ। ਸਬੰਧਤ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ, ਤਾਂ ਜੋ ਖ਼ਰੀਦ ਪ੍ਰਕਿਰਿਆ ਸੁਚਾਰੂ ਰੂਪ ਨਾਲ ਚੱਲਦੀ ਰਹੇ ਅਤੇ ਕਿਸਾਨਾਂ ਨੂੰ ਬੇਲੋੜਾ ਇੰਤਜ਼ਾਰ ਨਾ ਕਰਨਾ ਪਵੇ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਤੈਅਸ਼ੁਦਾ ਸਥਾਨਾਂ 'ਤੇ ਹੀ ਉਤਾਰਨ ਅਤੇ ਇਸ ਨੂੰ ਇੱਧਰ-ਉੱਧਰ ਰੱਖਣ ਤੋਂ ਬਚਣ। ਇਸ ਨਾਲ ਫ਼ਸਲ ਦਾ ਸੁਰੱਖਿਅਤ ਰੱਖ-ਰਖਾਅ ਯਕੀਨੀ ਬਣਾਉਣ ਦੇ ਨਾਲ-ਨਾਲ ਮੰਡੀਆਂ ਵਿੱਚ ਖ਼ਰੀਦ ਵਿਵਸਥਾ ਨੂੰ ਵਿਵਸਥਿਤ ਬਣਾਈ ਰੱਖਣ ਵਿੱਚ ਵੀ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਖ਼ਰੀਫ਼ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਉਪਲਬਧ ਕਰਵਾਉਣਾ ਅਤੇ ਉਨ੍ਹਾਂ ਦੀ ਉਪਜ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਸਰਵਉੱਚ ਤਰਜੀਹਾਂ ਵਿੱਚ ਸ਼ਾਮਲ ਹੈ। ਇਸ ਲਈ ਅਧਿਕਾਰੀ ਸਾਰੇ ਪ੍ਰਬੰਧਾਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਤੋਂ ਲੈ ਕੇ ਉਸ ਦੀ ਚੁਕਾਈ ਤੱਕ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।