ਮਾਹਿਲਪੁਰ/ਦਲਜੀਤ ਅਜਨੋਹਾ:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਸੂਬਾ ਜਨਰਲ ਸਕੱਤਰ ਧਰਮਿੰਦਰ ਕੁਮਾਰ ਟੋਨੀ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਕਾਫ਼ੀ ਸਮਾਂ ਬਿਤਾਇਆ। ਇਸ ਮੌਕੇ ਧਰਮਿੰਦਰ ਕੁਮਾਰ ਟੋਨੀ ਅਤੇ ਉਨ੍ਹਾਂ ਦੇ ਪਰਿਵਾਰ ਨੇ ਸੁਖਬੀਰ ਸਿੰਘ ਬਾਦਲ ਦਾ ਨਿੱਘਾ ਸਵਾਗਤ ਕੀਤਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਨੂੰ ਮੌਜੂਦਾ ਵਿਗੜਦੀ ਸਥਿਤੀ ਵਿੱਚੋਂ ਬਾਹਰ ਕੱਢਣ ਲਈ ਲੋਕਾਂ ਨੂੰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਚੋਣਾਂ ਵਿੱਚ ਸਿਰਫ਼ ਪੰਜ ਮਹੀਨੇ ਬਾਕੀ ਹਨ, ਜੋ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਦਾ ਸਭ ਤੋਂ ਵਧੀਆ ਤਰੀਕਾ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਕਾਰਜਕਾਲ ਵੀ ਖਤਮ ਹੋਣ ਵਿੱਚ ਸਿਰਫ਼ ਪੰਜ ਮਹੀਨੇ ਬਾਕੀ ਹਨ। ਪਿਛਲੇ ਇੱਕ ਦਹਾਕੇ ਤੋਂ ਸੱਤਾ ਵਿੱਚ ਰਹੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਦੌਰਾਨ ਪੰਜਾਬ ਦੀ ਸਥਿਤੀ ਲਗਾਤਾਰ ਵਿਗੜਦੀ ਗਈ ਹੈ। ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਖਰਾਬ ਹੈ, ਨਸ਼ਿਆਂ ਦਾ ਬੋਲਬਾਲਾ ਹੈ, ਗੁੰਡਾਗਰਦੀ ਵਧ ਰਹੀ ਹੈ ਅਤੇ ਗੈਂਗਸਟਰਾਂ ਕਾਰਨ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਸੁਖਬੀਰ ਬਾਦਲ ਨੇ ਕੌਮੀ ਪਾਰਟੀਆਂ 'ਤੇ ਹਮਲਾ ਕਰਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀ ਸੋਚ ਪੰਜਾਬ ਪੱਖੀ ਨਹੀਂ ਹੈ, ਸਗੋਂ ਇਹ ਦਿੱਲੀ ਵਿੱਚ ਬੈਠੇ ਆਪਣੇ ਆਕਾਵਾਂ ਦੇ ਹੁਕਮਾਂ ਦੀ ਪਾਲਣਾ ਕਰਦੀਆਂ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਨੂੰ ਯਾਦ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਵਿਕਾਸ ਦਾ ਦੌਰ ਸੀ।
ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਲੋਕਾਂ ਨੂੰ ਇੱਕ ਵਾਰ ਫਿਰ ਅਕਾਲੀ ਦਲ ਨੂੰ ਸੱਤਾ ਵਿੱਚ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇੱਕੋ-ਇੱਕ ਅਜਿਹੀ ਪਾਰਟੀ ਹੈ ਜੋ ਪਿੰਡਾਂ ਅਤੇ ਸ਼ਹਿਰਾਂ ਦੋਵਾਂ ਦਾ ਵਿਕਾਸ ਚਾਹੁੰਦੀ ਹੈ। ਅਕਾਲੀ ਦਲ ਦੇ ਰਾਜ ਦੌਰਾਨ ਪੰਜਾਬ ਵਿੱਚ ਜਿੰਨੇ ਪੁਲ ਅਤੇ ਸੜਕਾਂ ਬਣੀਆਂ, ਓਨੀਆਂ ਪਹਿਲਾਂ ਕਦੇ ਨਹੀਂ ਬਣੀਆਂ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਲਈ ਅਕਾਲੀ ਦਲ ਦਾ ਸੱਤਾ ਵਿੱਚ ਆਉਣਾ ਜ਼ਰੂਰੀ ਹੈ ਕਿਉਂਕਿ ਅਕਾਲੀ ਦਲ ਹੀ ਪੰਜਾਬ ਦਾ ਅਸਲ ਵਾਰਸ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਲੋਕਾਂ ਦੇ ਹਿੱਤਾਂ ਲਈ ਕੰਮ ਕਰਨ ਵਾਲੀ ਪਾਰਟੀ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਝਾੜੂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਗੁੰਡਾਗਰਦੀ ਇੰਨੀ ਵਧ ਗਈ ਹੈ ਕਿ ਆਮ ਆਦਮੀ ਲਈ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਤਿਆਰ ਹਨ।
ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਅਕਾਲੀ ਦਲ ਸੱਤਾ ਵਿੱਚ ਆਉਂਦਾ ਹੈ ਤਾਂ ਉਹ ਪੰਜਾਬ ਦੇ ਪੁਰਾਣੇ ਸੁਨਹਿਰੀ ਦਿਨ ਵਾਪਸ ਲਿਆਉਣਗੇ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਉਦਯੋਗ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਆਹਲੂਵਾਲੀਆ, ਰਮੇਸ਼ ਚੰਦਰ, ਪਾਰਸ ਸਹਦੇਵ, ਗੌਰਵ ਕੋੜਾ, ਅਮਿਤ ਵਰਮਾ, ਮਧੁ ਬਾਲਾ, ਰੋਸ਼ਨ ਲਾਲ ਮਿੰਟੂ, ਲੱਕੀ ਰਾਜਪੂਤ, ਡੋਲੀ ਕੋੜਾ, ਅਮਿੰਦਰ ਕੌਰ, ਅਮਿਤ ਵਰਮਾ, ਇੰਦਰਜੀਤ ਸਿੰਘ ਢਿੱਲੋਂ, ਰਣਜੀਤ ਕੌਰ ਢਿੱਲੋਂ ਆਦਿ ਹਾਜ਼ਰ ਸਨ।
