ਤਪਾ ਮੰਡੀ/ਬਰਨਾਲਾ:- ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਦੀ ਅਗਵਾਈ ਹੇਠ ਸਥਾਨਕ ਨਿੱਜੀ ਪੈਲੇਸ ਵਿੱਚ ਵਪਾਰੀਆਂ ਨਾਲ ਮਿਲਣੀ ਕੀਤੀ ਗਈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸੂਬੇ ਵਿੱਚੋਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦਾ ਸਫ਼ਾਇਆ ਕਰਨ ਲਈ ਸਖ਼ਤ ਕਦਮ ਚੁੱਕੇ ਜਾਣਗੇ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਦੀ ਖ਼ੈਰ ਨਹੀਂ ਹੋਵੇਗੀ। ਨਸ਼ਾ ਤਸਕਰੀ ਰਾਹੀਂ ਬਣਾਈਆਂ ਗਈਆਂ ਜਾਇਦਾਦਾਂ ਕੁਰਕ ਕਰਨ ਲਈ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸਰਕਾਰ ਨੂੰ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ।
ਗੈਂਗਸਟਰਵਾਦ ਦੇ ਮੁੱਦੇ ’ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਵਿੱਚੋਂ ਗੈਂਗਸਟਰਵਾਦ ਦਾ ਖ਼ਾਤਮਾ ਕੀਤਾ ਜਾਵੇਗਾ। ਉਨ੍ਹਾਂ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮੁੜ ਬਹਾਲ ਕਰਨਾ ਉਨ੍ਹਾਂ ਦੀ ਤਰਜੀਹ ਹੋਵੇਗੀ। ਉਨ੍ਹਾਂ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਪੰਜਾਬ ਸਰਕਾਰ ਨੂੰ ਘੇਰਿਆ ਅਤੇ ਦੋਸ਼ ਲਾਇਆ ਕਿ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ।
ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ
ਵਪਾਰੀਆਂ ਨਾਲ ਤਾਲਮੇਲ ਦੀ ਮਹੱਤਤਾ ਬਾਰੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਪਾਰੀਆਂ ਦੀ ਤਰੱਕੀ ਨਾਲ ਹੀ ਰੁਜ਼ਗਾਰ ਦੇ ਮੌਕੇ ਵਧਣਗੇ ਅਤੇ ਸੂਬੇ ਦੀ ਆਰਥਿਕਤਾ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਬਲਵੀਰ ਸਿੰਘ ਘੁੰਨਸ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਸਮੇਤ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਵਪਾਰੀ ਹਾਜ਼ਰ ਸਨ।
