ਨਵਾਂਸ਼ਹਿਰ, 30 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ):- ਸਰਦੀਆਂ ਦੀ ਆਮਦ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਸਲਾਹ ਜਾਰੀ ਕੀਤੀ ਹੈ।

ਸਿਵਲ ਸਰਜਨ ਡਾ. ਅਮਨ ਸੂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਸਮ ਵਿੱਚ ਤਬਦੀਲੀ ਦੌਰਾਨ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣਾ ਜ਼ਰੂਰੀ ਹੈ। ਤਾਪਮਾਨ ਵਿੱਚ ਉਤਰਾਅ-ਚੜ੍ਹਾਅ ਕਾਰਨ ਸਿਹਤ ਸਬੰਧੀ ਪਰੇਸ਼ਾਨੀਆਂ ਹੋ ਸਕਦੀਆਂ ਹਨ, ਇਸ ਲਈ ਸਮੇਂ ਸਿਰ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।

ਡਾ. ਅਮਨ ਸੂਦ ਨੇ ਕਿਹਾ ਕਿ ਛੋਟੇ ਬੱਚਿਆਂ ਨੂੰ ਮੌਸਮ ਅਨੁਸਾਰ ਢੁਕਵੇਂ ਕੱਪੜੇ ਪਹਿਨਾਏ ਜਾਣ ਅਤੇ ਉਨ੍ਹਾਂ ਨੂੰ ਠੰਢ ਤੋਂ ਬਚਾ ਕੇ ਰੱਖਿਆ ਜਾਵੇ। ਬੱਚਿਆਂ ਨੂੰ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਦੇਣ ਦੇ ਨਾਲ-ਨਾਲ ਨਿੱਜੀ ਸਫ਼ਾਈ ਦਾ ਧਿਆਨ ਰੱਖਣਾ ਵੀ ਜ਼ਰੂਰੀ ਹੈ। ਮਾਪਿਆਂ ਨੂੰ ਚਾਹੀਦਾ ਹੈ ਕਿ ਬੱਚਿਆਂ ਵਿੱਚ ਬੁਖ਼ਾਰ, ਖੰਘ, ਸਾਹ ਲੈਣ ਵਿੱਚ ਤਕਲੀਫ਼ ਜਾਂ ਹੋਰ ਅਸਧਾਰਨ ਲੱਛਣ ਦਿਖਾਈ ਦੇਣ ’ਤੇ ਡਾਕਟਰੀ ਸਲਾਹ ਲੈਣ ਵਿੱਚ ਦੇਰੀ ਨਾ ਕਰਨ।

ਉਨ੍ਹਾਂ ਬਜ਼ੁਰਗਾਂ ਨੂੰ ਵੀ ਸਲਾਹ ਦਿੱਤੀ ਕਿ ਉਹ ਠੰਢ ਤੋਂ ਬਚਾਅ ਲਈ ਲੋੜੀਂਦੇ ਕੱਪੜੇ ਪਹਿਨਣ, ਸਰੀਰ ਨੂੰ ਗਰਮ ਰੱਖਣ ਅਤੇ ਆਪਣੀ ਰੋਜ਼ਾਨਾ ਦੀ ਖੁਰਾਕ ਤੇ ਸਿਹਤ ਦਾ ਧਿਆਨ ਰੱਖਣ। ਜਿਨ੍ਹਾਂ ਬਜ਼ੁਰਗਾਂ ਨੂੰ ਪਹਿਲਾਂ ਤੋਂ ਕੋਈ ਸਿਹਤ ਸਮੱਸਿਆ ਹੈ, ਉਹ ਆਪਣੀਆਂ ਨਿਰਧਾਰਤ ਦਵਾਈਆਂ ਸਮੇਂ ਸਿਰ ਲੈਣ ਅਤੇ ਡਾਕਟਰ ਵੱਲੋਂ ਦਿੱਤੀ ਸਲਾਹ ਦੀ ਪਾਲਣਾ ਕਰਨ।

ਸਿਵਲ ਸਰਜਨ ਨੇ ਕਿਹਾ ਕਿ ਸਿਹਤਮੰਦ ਰਹਿਣ ਲਈ ਹੱਥਾਂ ਦੀ ਸਫ਼ਾਈ, ਸਾਫ਼ ਪਾਣੀ ਦੀ ਵਰਤੋਂ, ਪੌਸ਼ਟਿਕ ਖੁਰਾਕ ਅਤੇ ਪੂਰੀ ਨੀਂਦ ਬਹੁਤ ਮਹੱਤਵਪੂਰਨ ਹਨ। ਖੰਘ ਜਾਂ ਛਿੱਕ ਆਉਣ ਸਮੇਂ ਰੁਮਾਲ ਜਾਂ ਟਿਸ਼ੂ ਦੀ ਵਰਤੋਂ ਕੀਤੀ ਜਾਵੇ ਅਤੇ ਬਿਮਾਰ ਹੋਣ ਦੀ ਸੂਰਤ ਵਿੱਚ ਦੂਜਿਆਂ ਦੇ ਨਜ਼ਦੀਕੀ ਸੰਪਰਕ ਤੋਂ ਬਚਿਆ ਜਾਵੇ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੁਖ਼ਾਰ, ਖੰਘ ਜਾਂ ਸਾਹ ਸਬੰਧੀ ਤਕਲੀਫ਼ ਹੋਣ ’ਤੇ ਆਪਣੀ ਮਰਜ਼ੀ ਨਾਲ ਐਂਟੀਬਾਇਓਟਿਕ ਜਾਂ ਹੋਰ ਦਵਾਈਆਂ ਨਾ ਲੈਣ, ਸਗੋਂ ਯੋਗ ਡਾਕਟਰ ਦੀ ਸਲਾਹ ਅਨੁਸਾਰ ਇਲਾਜ ਕਰਵਾਉਣ। ਸਿਹਤ ਸਬੰਧੀ ਕਿਸੇ ਵੀ ਸਮੱਸਿਆ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਸਮੇਂ ਸਿਰ ਇਲਾਜ ਕਰਵਾਉਣਾ ਹੀ ਬਿਹਤਰ ਹੈ।