ਪਟਿਆਲਾ, 17 ਨਵੰਬਰ (ਮਨਪ੍ਰੀਤ ਸਿੰਘ):- ਪਾਖੰਡੀ ਬਾਬਿਆਂ, ਤਾਂਤਰਿਕਾਂ, ਜੋਤਸ਼ੀਆਂ ਅਤੇ ਪੁੱਛਾਂ ਦੇਣ ਵਾਲਿਆਂ ਦੀਆਂ ਵਧ ਰਹੀਆਂ ਗੈਰ-ਕਾਨੂੰਨੀ ਅਤੇ ਗੈਰ-ਸਮਾਜਿਕ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਪਟਿਆਲਾ ਜ਼ੋਨ ਦੇ ਇੱਕ ਵਫ਼ਦ ਨੇ ਅੱਜ ਜ਼ਿਲ੍ਹੇ ਦੀ ਐਡੀਸ਼ਨਲ ਡਿਪਟੀ ਕਮਿਸ਼ਨਰ ਮੈਡਮ ਅਨੁਪ੍ਰੀਤਾ ਜੌਹਲ ਨੂੰ ਮੰਗ ਪੱਤਰ ਸੌਂਪਿਆ। ਇਸ ਵਫ਼ਦ ਵਿੱਚ ਸਤੀਸ਼ ਕੁਮਾਰ ਆਲੋਵਾਲ, ਰਾਮ ਕੁਮਾਰ ਢੱਕੜਬਾ, ਰਾਮ ਸਿੰਘ ਬੰਗ, ਥਾਨ ਸਿੰਘ, ਜਾਗਨ ਸਿੰਘ ਅਤੇ ਗੁਰਬਚਨ ਸਿੰਘ ਸ਼ਾਮਲ ਸਨ।

ਇਸ ਮੰਗ ਪੱਤਰ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ੋਨ ਦੇ ਮੀਡੀਆ ਮੁਖੀ ਰਾਮ ਸਿੰਘ ਬੰਗ ਨੇ ਦੱਸਿਆ ਕਿ ਤਰਕਸ਼ੀਲ ਸੁਸਾਇਟੀ ਪੰਜਾਬ ਪਿਛਲੇ 42 ਸਾਲਾਂ ਤੋਂ ਸੰਵਿਧਾਨ ਦੀ ਧਾਰਾ 51ਏ (ਐਚ) ਤਹਿਤ ਸਮਾਜ ਵਿੱਚੋਂ ਅੰਧਵਿਸ਼ਵਾਸਾਂ ਨੂੰ ਖ਼ਤਮ ਕਰਕੇ ਵਿਗਿਆਨਕ ਸੋਚ ਵਿਕਸਿਤ ਕਰਨ ਲਈ ਯਤਨਸ਼ੀਲ ਹੈ। ਪਰੰਤੂ ਬਹੁਤ ਸਾਰੇ ਅਖੌਤੀ ਬਾਬਿਆਂ, ਸਾਧਾਂ, ਤਾਂਤਰਿਕਾਂ ਅਤੇ ਜੋਤਸ਼ੀਆਂ ਨੇ ਕਿਸੇ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਪੂਜਾ-ਪਾਠ ਦੀ ਆੜ ਹੇਠ ਮਾਨਸਿਕ, ਆਰਥਿਕ ਅਤੇ ਸਰੀਰਕ ਤੌਰ ’ਤੇ ਸ਼ਰੇਆਮ ਲੁੱਟਿਆ ਹੈ।

ਇਸ ਮੰਗ ਪੱਤਰ ਰਾਹੀਂ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਪਟਿਆਲਾ ਜ਼ੋਨ ਨੇ ਪ੍ਰਸ਼ਾਸਨ ਤੋਂ ਅਜਿਹੀਆਂ ਦੁਖਦਾਈ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਆਸ ਪ੍ਰਗਟਾਈ ਹੈ ਕਿ ਮਹਾਰਾਸ਼ਟਰ, ਕਰਨਾਟਕ, ਛੱਤੀਸਗੜ੍ਹ ਅਤੇ ਗੁਜਰਾਤ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਅੰਧਵਿਸ਼ਵਾਸ ਰੋਕੂ ਕਾਨੂੰਨ ਬਣਾ ਕੇ ਲਾਗੂ ਕੀਤਾ ਜਾਵੇਗਾ। ਸੁਸਾਇਟੀ ਨੇ ਪ੍ਰਿੰਟ ਮੀਡੀਆ ਅਤੇ ਟੀਵੀ ਚੈਨਲਾਂ ’ਤੇ ਪ੍ਰਸਾਰਿਤ ਕੀਤੇ ਜਾ ਰਹੇ ਗੈਰ-ਕਾਨੂੰਨੀ ਅਤੇ ਗੈਰ-ਵਿਗਿਆਨਕ ਇਸ਼ਤਿਹਾਰਾਂ ਨੂੰ ਤੁਰੰਤ ਬੰਦ ਕਰਵਾਉਣ ਦੀ ਵੀ ਮੰਗ ਕੀਤੀ ਹੈ।