ਚੰਡੀਗੜ੍ਹ, 21 ਨਵੰਬਰ:- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਪੂਰੀ ਮਨੁੱਖਤਾ ਨੂੰ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ' ਦਾ ਅਨਮੋਲ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀ ਚੰਦ ਜੀ ਮਹਾਰਾਜ ਨੇ ਤਿਆਗ ਅਤੇ ਸਾਧਨਾ ਦਾ ਮਾਰਗ ਅਪਣਾ ਕੇ ਸਮਾਜ ਨੂੰ ਅਧਿਆਤਮਿਕ ਦਿਸ਼ਾ ਪ੍ਰਦਾਨ ਕੀਤੀ। ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ। ਨਵੀਂ ਪੀੜ੍ਹੀ ਨੂੰ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨਾ ਸਾਡਾ ਸਾਰਿਆਂ ਦਾ ਫ਼ਰਜ਼ ਹੈ, ਕਿਉਂਕਿ ਜਿਹੜਾ ਸਮਾਜ ਆਪਣੇ ਇਤਿਹਾਸ ਨੂੰ ਜਾਣਦਾ ਹੈ, ਉਹੀ ਆਪਣੇ ਭਵਿੱਖ ਦਾ ਨਿਰਮਾਣ ਕਰ ਸਕਦਾ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਕੁਰੂਕਸ਼ੇਤਰ ਦੇ ਲਾਡਵਾ ਵਿੱਚ ਉਦਾਸੀਨ ਸ੍ਰੀ ਬ੍ਰਹਮ ਅਖਾੜਾ ਸਾਹਿਬ ਮਾਂਡੀ ਵਿਖੇ ਬਾਬਾ ਸ੍ਰੀ ਚੰਦ ਮਹਾਰਾਜ ਦੇ 532ਵੇਂ ਪ੍ਰਕਾਸ਼ ਉਤਸਵ 'ਤੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਪਹੁੰਚ ਕੇ ਮੱਥਾ ਟੇਕਿਆ। ਉਦਾਸੀਨ ਸ੍ਰੀ ਬ੍ਰਹਮ ਅਖਾੜਾ ਸਾਹਿਬ ਦੇ ਸੰਸਥਾਪਕ ਬਾਬਾ ਗੁਰਵਿੰਦਰ ਸਿੰਘ ਮਹਾਰਾਜ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ ਅਤੇ ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੂੰ ਸਿਰੋਪਾਓ ਪਹਿਨਾ ਕੇ ਸਨਮਾਨਿਤ ਕੀਤਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਨੁੱਖਤਾ ਦੇ ਮਹਾਨ ਸੇਵਕ ਬਾਬਾ ਸ੍ਰੀ ਚੰਦ ਮਹਾਰਾਜ ਦੇ 532ਵੇਂ ਪ੍ਰਕਾਸ਼ ਉਤਸਵ ਦੀ ਸਾਰਿਆਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਬਾਬਾ ਸ੍ਰੀ ਚੰਦ ਮਹਾਰਾਜ ਦੇ ਚਰਨਾਂ ਵਿੱਚ ਸ਼ਰਧਾਪੂਰਵਕ ਨਮਨ ਕੀਤਾ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਜਦੋਂ ਸਮਾਜ ਅਨੇਕਾਂ ਚੁਣੌਤੀਆਂ ਵਿੱਚੋਂ ਲੰਘ ਰਿਹਾ ਹੈ ਅਤੇ ਮਨੁੱਖ ਭੌਤਿਕਵਾਦ ਦੀ ਦੌੜ ਵਿੱਚ ਉਲਝਿਆ ਹੋਇਆ ਹੈ, ਅਜਿਹੇ ਸਮੇਂ ਵਿੱਚ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਅਪਣਾਉਣਾ ਪਹਿਲਾਂ ਨਾਲੋਂ ਕਿਤੇ ਵੱਧ ਜ਼ਰੂਰੀ ਹੋ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪੂਰੀ ਮਨੁੱਖਤਾ ਨੂੰ ਇਕ ਓਂਕਾਰ ਦਾ ਸੰਦੇਸ਼ ਦਿੱਤਾ, ਜਦਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਦੂਜੇ ਧਰਮ ਦੀ ਰੱਖਿਆ ਲਈ ਆਪਣਾ ਸਰਵਉੱਚ ਬਲੀਦਾਨ ਦਿੱਤਾ। ਇਨ੍ਹਾਂ ਮਹਾਨ ਗੁਰੂਆਂ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਸੱਚ, ਸੇਵਾ ਅਤੇ ਸਹਿਣਸ਼ੀਲਤਾ ਹੀ ਸਮਾਜ ਨੂੰ ਇੱਕਜੁੱਟ ਰੱਖਣ ਦਾ ਆਧਾਰ ਹਨ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬਾਂ ਅਤੇ ਸ਼ਹੀਦੀ ਦਿਹਾੜਿਆਂ ਨੂੰ ਰਾਸ਼ਟਰੀ ਪੱਧਰ 'ਤੇ ਸਨਮਾਨ ਅਤੇ ਪਛਾਣ ਦਿਵਾਉਣ ਲਈ ਸ਼ਲਾਘਾਯੋਗ ਯਤਨ ਕੀਤੇ ਹਨ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 5 ਜਨਵਰੀ 2017 ਨੂੰ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਵਿੱਚ ਸ਼ਿਰਕਤ ਕੀਤੀ। ਇਸੇ ਤਰ੍ਹਾਂ 9 ਨਵੰਬਰ 2019 ਨੂੰ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕੀਤਾ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ 'ਤੇ ਲਾਲ ਕਿਲ੍ਹੇ ਵਿਖੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤੇ ਗਏ। ਇਸ ਦੇ ਨਾਲ ਹੀ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਨਮਾਨ ਦੇਣ ਲਈ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬਾਬਾ ਸ੍ਰੀ ਚੰਦ ਜੀ ਮਹਾਰਾਜ ਨੇ ਆਪਣੇ ਜੀਵਨ ਤੋਂ ਇਹ ਸੰਦੇਸ਼ ਦਿੱਤਾ ਕਿ ਤਿਆਗ ਅਤੇ ਸਾਧਨਾ ਦਾ ਮਾਰਗ ਵੀ ਸਮਾਜ ਸੇਵਾ ਦਾ ਮਾਰਗ ਹੈ। ਗੁਰੂ ਸਾਹਿਬਾਨ ਨੂੰ ਯਾਦ ਕਰਨਾ ਸਿਰਫ਼ ਇਤਿਹਾਸ ਨੂੰ ਨਮਨ ਕਰਨਾ ਨਹੀਂ ਹੈ, ਸਗੋਂ ਮੌਜੂਦਾ ਪੀੜ੍ਹੀ ਨੂੰ ਆਪਸੀ ਸਨਮਾਨ, ਭਾਈਚਾਰੇ ਅਤੇ ਮਨੁੱਖਤਾ ਦਾ ਪਾਠ ਪੜ੍ਹਾਉਣਾ ਵੀ ਹੈ। ਸਾਰਿਆਂ ਦਾ ਸਨਮਾਨ ਹੀ ਸਾਰਿਆਂ ਦੀ ਤਰੱਕੀ ਦੀ ਨੀਂਹ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਵੀ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬਾਂ ਅਤੇ ਸ਼ਹੀਦੀ ਦਿਹਾੜਿਆਂ ਨੂੰ ਹਮੇਸ਼ਾ ਸ਼ਰਧਾ ਅਤੇ ਸਨਮਾਨ ਨਾਲ ਸੂਬਾ ਪੱਧਰ 'ਤੇ ਮਨਾਇਆ ਹੈ। ਸਾਲ 2017 ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ, ਸਾਲ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅਤੇ ਸਾਲ 2022 ਵਿੱਚ ਪਾਣੀਪਤ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਸੂਬਾ ਪੱਧਰੀ ਸਮਾਗਮ ਵਜੋਂ ਕਰਵਾਇਆ ਗਿਆ।
ਉਨ੍ਹਾਂ ਕਿਹਾ ਕਿ ਸਾਲ 2025 ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਕਰਨਾਲ ਵਿੱਚ 'ਹਿੰਦ ਦੀ ਚਾਦਰ' ਮੈਰਾਥਨ ਕਰਵਾਈ ਗਈ ਅਤੇ ਬੜਾ ਖਾਲਸਾ ਵਿਖੇ ਸੂਬਾ ਪੱਧਰੀ ਸਮਾਗਮ ਹੋਇਆ। ਕੁਰੂਕਸ਼ੇਤਰ ਦੇ ਜੋਤੀਸਰ ਵਿੱਚ 25 ਨਵੰਬਰ ਨੂੰ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀ ਸ਼ਿਰਕਤ ਕੀਤੀ। ਇਸੇ ਤਰ੍ਹਾਂ ਹਰ ਸਾਲ 26 ਦਸੰਬਰ ਨੂੰ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਸ਼ਹਾਦਤ ਨੂੰ ਸੂਬਾ ਪੱਧਰ 'ਤੇ ਸ਼ਰਧਾਪੂਰਵਕ ਯਾਦ ਕੀਤਾ ਜਾਂਦਾ ਹੈ। ਸਾਲ 2024 ਵਿੱਚ ਕੁਰੂਕਸ਼ੇਤਰ ਅਤੇ ਸਾਲ 2025 ਵਿੱਚ ਪੰਚਕੂਲਾ ਵਿਖੇ ਸੂਬਾ ਪੱਧਰੀ ਪ੍ਰੋਗਰਾਮ ਕਰਵਾਏ ਗਏ, ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਮੁੱਖ ਮੰਤਰੀ ਨੇ ਕਿਹਾ ਕਿ ਯਮੁਨਾਨਗਰ ਦੇ ਇਤਿਹਾਸਕ ਕਪਾਲਮੋਚਨ ਵਿਖੇ 20 ਨਵੰਬਰ ਤੋਂ ਪੰਜ ਰੋਜ਼ਾ ਮੇਲਾ ਸ਼ੁਰੂ ਹੋਇਆ ਹੈ। ਇਹ ਮੇਲਾ ਕੱਤਕ ਦੀ ਪੂਰਨਮਾਸ਼ੀ ਦੇ ਮੌਕੇ 'ਤੇ ਕਪਾਲਮੋਚਨ, ਰਿਣਮੋਚਨ ਅਤੇ ਸੂਰਜਕੁੰਡ ਸਰੋਵਰਾਂ ਵਿੱਚ ਇਸ਼ਨਾਨ ਦੀ ਪ੍ਰਾਚੀਨ ਪਰੰਪਰਾ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਵਿੱਚ ਪੰਜਾਬ, ਹਰਿਆਣਾ ਸਮੇਤ ਵੱਖ-ਵੱਖ ਸੂਬਿਆਂ ਤੋਂ ਲੱਖਾਂ ਸ਼ਰਧਾਲੂ ਪਹੁੰਚਦੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੀ ਇਸ ਪਵਿੱਤਰ ਅਸਥਾਨ 'ਤੇ ਪਧਾਰੇ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਰਧਾਲੂਆਂ ਦੀ ਸਹੂਲਤ ਅਤੇ ਧਾਰਮਿਕ ਅਸਥਾਨਾਂ ਦੀ ਯਾਤਰਾ ਨੂੰ ਸੁਖਾਲਾ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਰਿਆਣਾ ਦੇ 60 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਯੋਗ ਸੀਨੀਅਰ ਨਾਗਰਿਕਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਯੋਜਨਾ ਵਿੱਚ ਰੇਲ ਯਾਤਰਾ ਦੇ ਨਾਲ ਭੋਜਨ ਅਤੇ ਠਹਿਰਨ ਦਾ ਪ੍ਰਬੰਧ ਵੀ ਸ਼ਾਮਲ ਹੈ, ਤਾਂ ਜੋ ਬਜ਼ੁਰਗ ਸ਼ਰਧਾਲੂ ਬਿਨਾਂ ਕਿਸੇ ਆਰਥਿਕ ਪਰੇਸ਼ਾਨੀ ਦੇ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਸਕਣ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦਾ ਇਹ ਪਵਿੱਤਰ ਸਮਾਗਮ ਸਾਨੂੰ ਸੇਵਾ, ਸਾਦਗੀ, ਤਿਆਗ ਅਤੇ ਮਨੁੱਖਤਾ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਨੇ ਮੇਲੇ ਦੇ ਸਫ਼ਲ ਆਯੋਜਨ ਲਈ ਸਾਰੇ ਸੇਵਾਦਾਰਾਂ, ਪ੍ਰਬੰਧਕਾਂ ਅਤੇ ਸੰਤ ਸਮਾਜ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਵਾਹਿਗੁਰੂ ਜੀ ਅੱਗੇ ਅਰਦਾਸ ਕੀਤੀ ਕਿ ਇਸ ਮੇਲੇ ਰਾਹੀਂ ਸਮੁੱਚੀ ਮਨੁੱਖਤਾ ਵਿੱਚ ਪਿਆਰ, ਸੇਵਾ, ਭਾਈਚਾਰੇ ਅਤੇ ਏਕਤਾ ਦਾ ਪ੍ਰਕਾਸ਼ ਫੈਲੇ।
ਇਸ ਮੌਕੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਸਿਆਸੀ ਸਲਾਹਕਾਰ ਭਾਰਤ ਭੂਸ਼ਣ ਭਾਰਤੀ, ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ, ਪੁਲਿਸ ਸੁਪਰਡੈਂਟ ਚੰਦਰ ਮੋਹਨ, ਉਦਾਸੀਨ ਸ੍ਰੀ ਬ੍ਰਹਮ ਅਖਾੜਾ ਸਾਹਿਬ ਦੇ ਸੰਸਥਾਪਕ ਬਾਬਾ ਗੁਰਵਿੰਦਰ ਸਿੰਘ ਮਹਾਰਾਜ, ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਕੰਵਲਜੀਤ ਕੌਰ ਸਮੇਤ ਹੋਰ ਪਤਵੰਤੇ ਵਿਅਕਤੀ ਅਤੇ ਸਾਧ ਸੰਗਤ ਮੌਜੂਦ ਰਹੀ।
