ਗੜ੍ਹਸ਼ੰਕਰ, 2 ਅਗਸਤ:- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਇਕਾਈ ਬਲਾਕ ਗੜ੍ਹਸ਼ੰਕਰ ਦੀ ਮੀਟਿੰਗ ਦਫ਼ਤਰ ਨਹਿਰੀ ਵਿਭਾਗ, ਗੜ੍ਹਸ਼ੰਕਰ ਵਿਖੇ ਬਲਾਕ ਪ੍ਰਧਾਨ ਸ਼ਾਮ ਸੁੰਦਰ ਕਪੂਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾਈ ਆਗੂ ਮੱਖਣ ਸਿੰਘ ਵਾਹਿਦਪੁਰੀ ਅਤੇ ਜਥੇਦਾਰ ਅਮਰੀਕ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।
ਮੀਟਿੰਗ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਚੌਧਰੀ ਜੀਤ ਬਗਵਾਈਂ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਹੱਕ ਵਿੱਚ ਕੀਤੀ ਜਾ ਰਹੀ ਮਹਾਂ ਰੈਲੀ ਵਿੱਚ ਬਲਾਕ ਗੜ੍ਹਸ਼ੰਕਰ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਸ਼ਮੂਲੀਅਤ ਕਰਨਗੇ।
ਉਨ੍ਹਾਂ ਦੱਸਿਆ ਕਿ ਰੈਲੀ ਲਈ ਵਾਹਨ ਸਵੇਰੇ 9 ਵਜੇ ਜੰਗਲਾਤ ਵਿਭਾਗ ਦਫ਼ਤਰ, ਕਚਹਿਰੀ ਨੇੜਿਓਂ ਰਵਾਨਾ ਹੋਣਗੇ। ਰੈਲੀ ਦੇ ਪ੍ਰਚਾਰ ਅਤੇ ਫੰਡ ਇਕੱਠਾ ਕਰਨ ਲਈ ਵੱਖ-ਵੱਖ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ, ਜੋ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਵਿੱਚ ਜਾ ਕੇ ਮੁਲਾਜ਼ਮਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨਗੀਆਂ।
ਸੂਬਾਈ ਆਗੂ ਮੱਖਣ ਸਿੰਘ ਵਾਹਿਦਪੁਰੀ ਨੇ ਕਿਹਾ ਕਿ ਇਹ ਮਹਾਂ ਰੈਲੀ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਵੱਡਾ ਰੋਸ ਪ੍ਰਗਟਾਵਾ ਸਾਬਤ ਹੋਵੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਕੋਈ ਵੀ ਮੁੱਖ ਮੰਗ ਪੂਰੀ ਨਹੀਂ ਕੀਤੀ, ਸਗੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ 'ਤੇ ਤਸ਼ੱਦਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਮੁਲਾਜ਼ਮ ਵਰਗ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ।
ਇਸ ਮੌਕੇ ਮੁਲਾਜ਼ਮ ਆਗੂ ਗੁਰਨਾਮ ਸਿੰਘ ਹਾਜ਼ੀਪੁਰ ਅਤੇ ਪੰਡਿਤ ਪਵਨ ਕੁਮਾਰ ਨੇ ਕਿਹਾ ਕਿ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਮਹਿੰਗਾਈ ਭੱਤੇ (ਡੀ.ਏ.) ਦੀਆਂ ਬਕਾਇਆ ਕਿਸ਼ਤਾਂ ਤੁਰੰਤ ਨਕਦ ਜਾਰੀ ਕੀਤੀਆਂ ਜਾਣ, ਮਾਣ-ਭੱਤਾ ਵਰਕਰਾਂ ਨੂੰ ਘੱਟੋ-ਘੱਟ ਉਜਰਤ ਦੇ ਦਾਇਰੇ ਵਿੱਚ ਲਿਆਂਦਾ ਜਾਵੇ, ਕੱਟੇ ਭੱਤੇ ਬਹਾਲ ਕੀਤੇ ਜਾਣ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ, ਸਾਰੇ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੀਆਂ ਜਾਣ ਅਤੇ ਵੱਧ ਰਹੀ ਮਹਿੰਗਾਈ 'ਤੇ ਕਾਬੂ ਪਾਇਆ ਜਾਵੇ।
ਉਨ੍ਹਾਂ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ 7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ।
ਮੀਟਿੰਗ ਵਿੱਚ ਬਲਵੰਤ ਰਾਮ, ਰਮਨ ਕੁਮਾਰ, ਗੋਪੀ ਰਾਮ, ਵਿਕਾਸ ਕੁਮਾਰ, ਸ਼ਿੰਗਾਰਾ ਰਾਮ ਭੱਜਲ, ਜਗਦੀਸ਼ ਪੱਖੋਵਾਲ ਅਤੇ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।
7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਵਿੱਚ ਫੈਡਰੇਸ਼ਨ ਵੱਲੋਂ ਹੋਵੇਗੀ ਵੱਡੀ ਸ਼ਮੂਲੀਅਤ ਮੱਖਣ ਸਿੰਘ ਵਾਹਿਦਪੁਰੀ
