ਚੰਡੀਗੜ੍ਹ, 20 ਅਗਸਤ:- ਹਰਿਆਣਾ ਸਰਕਾਰ ਪ੍ਰਦੇਸ਼ ਦੇ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਨੂੰ ਸੈਰ-ਸਪਾਟੇ ਦੇ ਨਜ਼ਰੀਏ ਤੋਂ ਵਿਕਸਤ ਕਰ ਕੇ ਉਨ੍ਹਾਂ ਨੂੰ ਨਵੀਂ ਪਛਾਣ ਦਿਵਾਉਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਇਸੇ ਲੜੀ ਤਹਿਤ ਲੋਕ ਨਿਰਮਾਣ ਵਿਭਾਗ (ਭਵਨ ਅਤੇ ਸੜਕ) ਵੱਲੋਂ ਯਮੁਨਾਨਗਰ ਜ਼ਿਲ੍ਹੇ ਦੇ ਆਦਿ ਬਦਰੀ ਅਤੇ ਲੋਹਗੜ੍ਹ-ਭਗਵਾਨਪੁਰ ਨੂੰ ਸੈਰ-ਸਪਾਟਾ ਹੱਬ ਵਜੋਂ ਵਿਕਸਤ ਕਰਨ ਲਈ 24 ਕਰੋੜ 16 ਲੱਖ 4 ਹਜ਼ਾਰ ਰੁਪਏ ਦੀ ਪ੍ਰਸ਼ਾਸਨਿਕ ਮਨਜ਼ੂਰੀ ਦੇ ਦਿੱਤੀ ਗਈ ਹੈ।
ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਆਦਿ ਬਦਰੀ ਅਤੇ ਲੋਹਗੜ੍ਹ-ਭਗਵਾਨਪੁਰ ਖੇਤਰ ਦੀ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਮਹੱਤਤਾ ਨੂੰ ਦੇਖਦੇ ਹੋਏ ਇੱਥੇ ਸੈਰ-ਸਪਾਟਾ ਸਹੂਲਤਾਂ ਦਾ ਵਿਸਤਾਰ ਸਰਕਾਰ ਦੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਹੈ। ਇਸ ਪ੍ਰੋਜੈਕਟ ਦੇ ਲੰਬਿਤ ਕੰਮਾਂ ਨੂੰ ਪੂਰਾ ਕਰਨ ਲਈ ਜੋ ਐਸਟੀਮੇਟ ਤਿਆਰ ਕੀਤਾ ਗਿਆ ਸੀ, ਉਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਦਾ ਉਦੇਸ਼ ਸਿਰਫ਼ ਨਿਰਮਾਣ ਕਾਰਜ ਕਰਨਾ ਨਹੀਂ, ਸਗੋਂ ਪ੍ਰਦੇਸ਼ ਦੀ ਮਹੱਤਵਪੂਰਨ ਵਿਰਾਸਤ ਅਤੇ ਸੈਰ-ਸਪਾਟਾ ਸਥਾਨਾਂ ਤੱਕ ਬਿਹਤਰ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਵੀ ਹੈ। ਆਦਿ ਬਦਰੀ ਅਤੇ ਲੋਹਗੜ੍ਹ-ਭਗਵਾਨਪੁਰ ਦੇ ਸਮੁੱਚੇ ਵਿਕਾਸ ਨਾਲ ਇੱਥੇ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਖੇਤਰ ਦੀ ਸੈਰ-ਸਪਾਟਾ ਸਮਰੱਥਾ ਨੂੰ ਨਵੀਂ ਗਤੀ ਮਿਲੇਗੀ।
ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਇਸ ਪਰਿਯੋਜਨਾ ਦੇ ਤਹਿਤ ਲੰਬਿਤ ਕੰਮਾਂ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਵਾਲੇ ਖੇਤਰਾਂ ਵਿੱਚ ਮਜ਼ਬੂਤ ਬੁਨਿਆਦੀ ਢਾਂਚਾ ਤਿਆਰ ਕਰ ਕੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਸਥਾਨਕ ਪੱਧਰ 'ਤੇ ਰੁਜ਼ਗਾਰ ਅਤੇ ਆਰਥਿਕ ਗਤੀਵਿਧੀਆਂ ਦੇ ਨਵੇਂ ਮੌਕੇ ਵੀ ਪੈਦਾ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਹਰਿਆਣਾ ਦੇ ਅਮੀਰ ਇਤਿਹਾਸ, ਸੱਭਿਆਚਾਰ ਅਤੇ ਵਿਰਾਸਤ ਨੂੰ ਦੇਸ਼-ਵਿਦੇਸ਼ ਦੇ ਸੈਲਾਨੀਆਂ ਤੱਕ ਪਹੁੰਚਾਉਣ ਲਈ ਅਜਿਹੇ ਮਹੱਤਵਪੂਰਨ ਸਥਾਨਾਂ ਦਾ ਯੋਜਨਾਬੱਧ ਵਿਕਾਸ ਲਗਾਤਾਰ ਜਾਰੀ ਰਹੇਗਾ।
ਆਦਿ ਬਦਰੀ ਅਤੇ ਲੋਹਗੜ੍ਹਭਗਵਾਨਪੁਰ ਦੇ ਵਿਕਾਸ ਨੂੰ ਲੋਕ ਨਿਰਮਾਣ ਵਿਭਾਗ ਦੇਵੇਗਾ ਨਵੀਂ ਰਫ਼ਤਾਰ
