ਚੰਡੀਗੜ੍ਹ, 20 ਫਰਵਰੀ — ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਵੱਲੋਂ 26 ਫਰਵਰੀ ਨੂੰ ਚੰਡੀਗੜ੍ਹ ਦੇ ਸੈਕਟਰ-25 ਸਥਿਤ ਰੈਲੀ ਗਰਾਊਂਡ ਵਿੱਚ ਸੂਬਾ ਪੱਧਰੀ ਵਿਸ਼ਾਲ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ।
ਪਾਰਟੀ ਅਨੁਸਾਰ ਇਹ ਰੈਲੀ ਰਾਸ਼ਟਰੀ ਸਵੈੰਸੇਵਕ ਸੰਘ (ਆਰ.ਐਸ.ਐਸ.) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀਆਂ ਕਥਿਤ ਪੰਜਾਬ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਅਤੇ ਭਾਰਤ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਧੱਕੇ-ਵਿਤਕਰੇ ਦੇ ਵਿਰੋਧ ਵਿੱਚ ਕੀਤੀ ਜਾ ਰਹੀ ਹੈ। ਇਸ ਦੌਰਾਨ ਦਹਾਕਿਆਂ ਤੋਂ ਲਟਕਦੇ ਆ ਰਹੇ ਪੰਜਾਬ ਨਾਲ ਸੰਬੰਧਤ ਅੰਤਰਰਾਜੀ ਮਸਲਿਆਂ ਦੇ ਸਥਾਈ ਹੱਲ ਦੀ ਮੰਗ ਵੀ ਉਠਾਈ ਜਾਵੇਗੀ।
ਰੈਲੀ ਨੂੰ ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਸਮੇਤ ਹੋਰ ਕੇਂਦਰੀ ਅਤੇ ਸੂਬਾਈ ਆਗੂ ਸੰਬੋਧਨ ਕਰਨਗੇ। ਰਾਜ ਕਮੇਟੀ ਦੇ ਸਕੱਤਰ ਸਾਥੀ ਪਰਗਟ ਸਿੰਘ ਜਾਮਾਰਾਏ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਕੇਂਦਰੀ ਹੁਕਮਰਾਨਾਂ ਵੱਲੋਂ ਸੂਬਾਈ ਅਧਿਕਾਰਾਂ ਅਤੇ ਸ਼ਹਿਰੀ ਆਜ਼ਾਦੀਆਂ ’ਤੇ ਹੋ ਰਹੇ ਹਮਲਿਆਂ ਦੇ ਖ਼ਿਲਾਫ਼ ਵੀ ਇਸ ਮੰਚ ਤੋਂ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਰੈਲੀ ਦੀ ਕਾਮਯਾਬੀ ਲਈ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿੱਚ ਤਿਆਰੀਆਂ ਜ਼ੋਰਾਂ ’ਤੇ ਹਨ। ਨਾਲ ਹੀ ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਧਰਮ, ਜਾਤ ਅਤੇ ਬੋਲੀ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਪੰਜਾਬ ਅਤੇ ਪੰਜਾਬੀਅਤ ਦੇ ਹੱਕ ਵਿੱਚ ਇਸ ਰੈਲੀ ਵਿੱਚ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨ।